Monday, November 23, 2026

ਨਗਰ ਨਿਗਮ ਵੱਲੋਂ ਜੀ.ਟੀ ਰੋਡ ਤੋਂ ਹਟਾਏ ਗਏ ਨਾਜਾਇਜ਼ ਕਬਜ਼ੇ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਤਲੀਘਰ ਚੌਕ ਤੋਂ ਖਾਲਸਾ ਕਾਲਜ ਵੱਲ ਜਾਣ ਵਾਲੀ ਸੜਕ ਦੇ ਖੱਬੇ ਪਾਸੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।ਇਸ ਸੜਕ ਦੇ ਵੱਡੇ ਹਿੱਸੇ ’ਤੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਕਬਜ਼ੇ ਕੀਤੇ ਹੋਏ ਸਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਨੇ ਕਾਰਵਾਈ ਕਰਦਿਆਂ ਨਾਜਾਇਜ਼ ਕਬਜ਼ੇ ਹਟਾਏ ਅਤੇ ਕਬਜ਼ਾਧਾਰੀਆਂ ਦਾ ਸਾਮਾਨ ਜ਼ਬਤ ਕੀਤਾ।ਸੜਕ ਦੇ ਕਿਨਾਰਿਆਂ ’ਤੇ ਕੀਤੇ ਗਏ ਇਨ੍ਹਾਂ ਕਬਜ਼ਿਆਂ ਕਾਰਨ ਆਵਾਜਾਈ ਵਿੱਚ ਭਾਰੀ ਵਿਘਨ ਪੈ ਰਿਹਾ ਸੀ ਅਤੇ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਵੀ ਕਾਫ਼ੀ ਦਿੱਕਤਾਂ ਆ ਰਹੀਆਂ ਸਨ।ਇਸ ਸਬੰਧੀ ਸ਼ਹਿਰ ਵਾਸੀਆਂ ਵੱਲੋਂ ਨਗਰ ਨਿਗਮ ਨੂੰ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਵੱਲੋਂ ਜਨਤਕ ਥਾਵਾਂ ਨੂੰ ਕਬਜ਼ਾ ਮੁਕਤ ਕਰਵਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਇਹ ਕਾਰਵਾਈ ਕੀਤੀ ਗਈ।
ਮੁੱਖ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਕਾਰਵਾਈ ਕੀਤੀ ਗਈ।ਇਹ ਮੁਹਿੰਮ ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਚਲਾਈ ਗਈ।ਇਸ ਦੌਰਾਨ ਅਸਟੇਟ ਵਿਭਾਗ ਦੀਆਂ ਇੰਸਪੈਕਟਰਾਂ ਸ੍ਰੀਮਤੀ ਪ੍ਰੀਤੀ ਚੌਹਾਨ ਅਤੇ ਅਮਨ ਕੁਮਾਰ ਸਮੇਤ ਟੀਮ ਦੇ ਹੋਰ ਮੈਂਬਰ ਵੀ ਮੌਜ਼ੂਦ ਸਨ।
ਅਸਟੇਟ ਵਿਭਾਗ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਕਬਜ਼ਾਧਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਉਹ ਭਵਿੱਖ ਵਿੱਚ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ੇ ਨਾ ਕਰਨ।ਵਿਭਾਗ ਨੇ ਸਪੱਸ਼ਟ ਕੀਤਾ ਕਿ ਜੇਕਰ ਮੁੜ ਕਬਜ਼ੇ ਕੀਤੇ ਗਏ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸਾਮਾਨ ਵੀ ਜ਼ਬਤ ਕੀਤਾ ਜਾ ਸਕਦਾ ਹੈ।
ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਵਾਸੀਆਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ, ਤਾਂ ਜੋ ਆਵਾਜਾਈ ਸੁਚਾਰੂ ਬਣੀ ਰਹੇ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …