Monday, November 23, 2026

ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ- ਐਡਵੋਕੇਟ ਧਾਮੀ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਹੋਣਗੇ ਕੀਰਤਨ ਦਰਬਾਰ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਇਕੱਤਰਤਾਵਾਂ ਵਿੱਚ ਅਗਲੇ ਸਾਲ 2027 ਵਿਚ ਆ ਰਹੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਖ਼ਾਲਸਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਆਯੋਜਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 2027 ’ਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦਾ 450 ਸਾਲਾ ਦਿਹਾੜਾ ਮਨਾਇਆ ਜਾਣਾ ਹੈ, ਜਿਸ ਨੂੰ ਲੈ ਕੇ ਅੱਜ ਵਿਚਾਰ-ਚਰਚਾ ਹੋਈ।ਇਸ ਦਿਹਾੜੇ ਨੂੰ ਯਾਦਗਾਰ ਬਨਾਉਣ ਲਈ ਜਿਥੇ ਵਿਸ਼ੇਸ਼ ਸਮਾਗਮ ਉਲੀਕੇ ਜਾਣਗੇ, ਉਥੇ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਨਾਲ ਸਬੰਧਤ ਖੋਜ ਭਰਪੂਰ ਲੇਖਾਂ ਦੀ ਕਿਤਾਬ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ।ਹੁਣ ਤੱਕ ਸਿੱਖ ਇਤਿਹਾਸ ਨਾਲ ਮਨਾਈਆਂ ਗਈਆਂ ਸ਼ਤਾਬਦੀਆਂ ਦੇ ਸਮਾਗਮਾਂ, ਇਤਿਹਾਸਕ ਦਸਤਾਵੇਜ਼ਾਂ ਅਤੇ ਵੱਖ-ਵੱਖ ਸਮੇਂ ਹੋਏ ਪੰਥਕ ਇਕੱਠਾਂ ਦੇ ਵੇਰਵਿਆਂ ਨੂੰ ਵੀ ਸਥਾਈ ਤੌਰ ’ਤੇ ਸੰਭਾਲਣ ਲਈ ਵਿਸ਼ੇਸ਼ ਉਪਰਾਲਾ ਵੀ ਹੋਵੇਗਾ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿੱਚ ਜਿਥੇ ਧਰਮ ਪ੍ਰਚਾਰ ਦੇ ਕਾਰਜ਼ਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਗੁਰਬਾਣੀ ਅਤੇ ਗੁਰਮਤਿ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਨੂੰ ਵਿਸ਼ੇਸ਼ ਤਰਜ਼ੀਹ ਦੇਣ ਦੇ ਨਾਲ ਹੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨ੍ਹਾਂ ਦੀ ਬਾਣੀ ਅਤੇ ਜੀਵਨ ਫਲਸਫ਼ੇ ਨਾਲ ਸੰਗਤਾਂ ਨੂੰ ਜੋੜਨ ਲਈ ਵਿਸ਼ੇਸ਼ ਸੈਮੀਨਾਰ ਅਤੇ ਕੀਰਤਨ ਸਮਾਗਮ ਕਰਵਾਉਣ ਨੂੰ ਪ੍ਰਵਾਨਗੀ ਵੀ ਦਿੱਤੀ ਗਈ।
ਇਸ ਮੌਕੇ ਸਕਾਲਰ ਡਾ. ਹਰਪ੍ਰੀਤ ਕੌਰ ਵੱਲੋਂ ਤਿਆਰ ਕੀਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਚਿੱਤਰ ਪੁਸਤਕ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ ਕੀਤੀ ਗਈ।ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਪ੍ਰਿਤਪਾਲ ਸਿੰਘ ਪਾਲੀ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਤੇਜਿੰਦਰਪਾਲ ਸਿੰਘ ਲਾਂਡਵਾਂ, ਰਾਮਪਾਲ ਸਿੰਘ ਬਹਿਣੀਵਾਲ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਹਰਿੰਦਰ ਸਿੰਘ ਖ਼ਾਲਸਾ, ਡਾ. ਪਰਮਵੀਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਪ੍ਰਭਜੋਤ ਕੌਰ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਅਜ਼ਾਦ ਦੀਪ ਸਿੰਘ, ਐਕਸੀਅਨ ਸੁਖਜਿੰਦਰ ਸਿੰਘ, ਇੰਚਾਰਜ਼ ਬਲਦੇਵ ਸਿੰਘ, ਡਾ. ਅਮਰਜੀਤ ਕੌਰ, ਸਕਾਲਰ ਡਾ. ਹਰਪ੍ਰੀਤ ਕੌਰ, ਬੀਬੀ ਕਿਰਨਦੀਪ ਕੌਰ, ਲਾਇਬੇ੍ਰਰੀਅਨ ਬੀਬੀ ਰਾਜਵਿੰਦਰ ਕੌਰ ਆਦਿ ਮੌਜ਼ੂਦ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …