ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਅੱਜ
ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਗੁਰਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।ਲੱਡੂਆਂ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਸੰਪਰਦਾ ਤੋਂ ਡਾ. ਧਰਮਵੀਰ ਸਿੰਘ ਕਾਰਸੇਵਾ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ।ਮੁੱਖ ਸਕੱਤਰ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਇਸ ਨਗਰ ਦੀ ਸਥਾਪਨਾ ਸਮੇਂ ਵੱਖ-ਵੱਖ ਕਿੱਤਿਆਂ ਵਿੱਚ ਮੁਹਾਰਤ ਰੱਖਣ ਵਾਲੇ ਲੋਕਾਂ ਨੂੰ ਇਥੇ ਵਸਾਇਆ ਸੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਖੁਸ਼ਕਿਸਮਤੀ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਰਿਆਂ ਦਾ ਸਾਂਝਾ ਫਰਜ਼ ਹੈ।
ਮੰਨਣ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 25 ਅਤੇ 26 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ ਅਤੇ 26 ਅਕਤੂਬਰ ਨੂੰ ਸਵੇਰੇ 10:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।27 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸਾਰਾ ਦਿਨ ਸਮਾਗਮ ਜਾਰੀ ਰਹਿਣਗੇ ਅਤੇ ਅਲੌਕਿਕ ਜਲੌ ਵੀ ਸਜਾਏ ਜਾਣਗੇ। ਸ਼ਾਮ ਸਮੇਂ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।ਕੁਲਵੰਤ ਸਿੰਘ ਮੰਨਣ ਨੇ ਸ਼ਹਿਰ ਵਾਸੀਆਂ ਨੂੰ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਕਾਰੋਬਾਰੀ ਸਥਾਨਾਂ ਦੇ ਨਾਲ-ਨਾਲ ਘਰਾਂ ਦੀ ਸਾਫ਼-ਸਫ਼ਾਈ ਰੱਖਣ ਅਤੇ ਦੀਪਮਾਲਾ ਵੀ ਕਰਨ।
ਇਸ ਮੌਕੇ ਮੈਨੇਜਰ ਰਾਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਦਿਲਬਾਗ ਸਿੰਘ ਆਦਿ ਮੌਜ਼ੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media