Monday, October 26, 2026

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਦਿਲ ਨੂੰ ਤੰਦਰੁਸਤ ਰੱਖਣ ਲਈ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਸਬੰਧੀ ਖ਼ਾਲਸਾ ਯੂਨੀਵਰਸਿਟੀ ਦੀ ਜ਼ੂਆਲੋਜੀਕਲ ਸੋਸਾਇਟੀ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਸਹਿਯੋਗ ਨਾਲ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ।ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਅਤੇ ਡੀਨ ਸਾਇੰਸਜ਼ ਡਾ. ਮਨਬੀਰ ਕੌਰ ਦੀ ਯੋਗ ਅਗਵਾਈ ਹੇਠ “ਧੜਕਣ ਨੂੰ ਨਾ ਗੁਆਓ” (ਡਾਂਟ ਮਿਸ ਏ ਬੀਟ) ਵਿਸ਼ੇ ’ਤੇ ਕਰਵਾਏ ਗਏ ਸਮਾਗਮ ਮੌਕੇ ਪੋਸਟਰ ਪੇਸ਼ਕਾਰੀ, ਮਾਡਲ ਪੇਸ਼ਕਾਰੀ ਅਤੇ ਪਾਵਰਪੁਆਇੰਟ ਪੇਸ਼ਕਾਰੀ ਸਮੇਤ ਕਈ ਦਿਲਚਸਪ ਗਤੀਵਿਧੀਆਂ ਵੀ ਕਰਵਾਈਆਂ ਗਈਆਂ।
ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਦਿਲ ਦੀ ਸਿਹਤ ਸਾਡੇ ਸਮੁੱਚੇ ਜੀਵਨ ਅਤੇ ਤੰਦਰੁਸਤੀ ਦਾ ਅਹਿਮ ਹਿੱਸਾ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਰੁਝੇਵਿਆਂ ਭਰੇ ਜੀਵਨ ’ਚ ਗਲਤ ਖਾਣ-ਪੀਣ ਦੀਆਂ ਆਦਤਾਂ, ਸਰੀਰਿਕ ਗਤੀਵਿਧੀਆਂ ਦੀ ਘਾਟ ਅਤੇ ਵਧਦਾ ਤਣਾਅ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੇ ਹਨ।ਇਸ ਲਈ ਹਰੇਕ ਵਿਅਕਤੀ ਨੂੰ ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਕਾਰਾਤਮਕ ਸੋਚ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਅਤੇ ਸਮਾਜ ’ਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਡਾ. ਮਨਬੀਰ ਕੌਰ ਨੇ ਡਾ. ਮਹਿਲ ਸਿੰਘ ਅਤੇ ਡਾ. ਸੁਰਿੰਦਰ ਕੌਰ ਦਾ ਪ੍ਰੋਗਰਾਮ ਸਬੰਧੀ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਦਿਲ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ, ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …