Saturday, October 24, 2026

ਯੂ.ਪੀ.ਐਸ.ਸੀ ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ) – ਸਾਲ 2025 ਦੀ ਯੂ.ਪੀ.ਐਸ.ਸੀ ਪ੍ਰੀਖਿਆ ਵਿੱਚ ਸਫ਼ਲਤਾ ਹਾਸਲ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਹੋਣਹਾਰ ਸਿੱਖ ਨੌਜਵਾਨਾਂ ਦੀ ਹੌਸਲਾ-ਅਫ਼ਜ਼ਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿੱਖ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਕੌਮ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਨਾ ਹੈ।ਸਨਮਾਨਿਤ ਕੀਤੇ ਗਏ 11 ਸਿੱਖ ਵਿਦਿਆਰਥੀਆਂ ’ਚ ਸਿਮਰਨਦੀਪ ਕੌਰ, ਰਸਨੀਤ ਕੌਰ, ਸੁਨਾਵਰਦੀਪ ਸਿੰਘ, ਨਵਨੀਤ ਕੌਰ, ਮਨਪ੍ਰੀਤ ਕੌਰ, ਸਰਬਰਾਜ ਸਿੰਘ, ਹਰਮਨਪ੍ਰੀਤ ਸਿੰਘ ਸੋਢੀ, ਜਪਲੀਨ ਕੌਰ, ਜਸਪ੍ਰੀਤ ਕੌਰ, ਕੰਵਰਪਾਲ ਸਿੰਘ ਤੇ ਸੰਦੀਪ ਸਿੰਘ ਸ਼ਾਮਲ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਸਫ਼ਲ ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪੇ ਵੀ ਵਧਾਈ ਦੇ ਹੱਕਦਾਰ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਜਿਥੇ ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀ ਦਾ ਸਨਮਾਨ ਹੈ, ਉਥੇ ਹੀ ਸਿੱਖ ਨੌਜੁਆਨ ਪੀੜ੍ਹੀ ਨੂੰ ਉੱਚ ਵਿਦਿਅਕ ਅਤੇ ਪ੍ਰਸ਼ਾਸਕੀ ਖੇਤਰਾਂ ਵਿੱਚ ਅੱਗੇ ਵਧਣ ਲਈ ਪ੍ਰੇਰਣਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਚੰਡੀਗੜ੍ਹ ਵਿਖੇ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਰਾਹੀਂ ਹਰ ਸਾਲ 25 ਯੋਗ ਸਿੱਖ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਕਾਰਜ ਲਈ ਉੱਚ ਅਹੁਦਿਆਂ ’ਤੇ ਰਹੇ ਸਾਬਕਾ ਆਈ.ਏ.ਐਸ ਅਧਿਕਾਰੀਆਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।ਇਸੇ ਤਰ੍ਹਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਵੀ ਨਿਆਂਇਕ ਸੇਵਾਵਾਂ ਦੀ ਤਿਆਰੀ ਲਈ ਹਰ ਸਾਲ 25 ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦਾ ਪ੍ਰਬੰਧ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮਕਸਦ ਆਰਥਿਕ ਤੰਗੀਆਂ ਕਾਰਨ ਪਿੱਛੇ ਰਹਿ ਜਾਂਦੇ ਹੋਣਹਾਰ ਸਿੱਖ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆ ਲਈ ਤਿਆਰ ਕਰਨ ਵਾਸਤੇ ਵੀ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਬੰਡਾਲਾ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਅਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਇੰਚਾਰਜ਼ ਬਲਦੇਵ ਸਿੰਘ ਤੇ ਕਰਮਵੀਰ ਸਿੰਘ ਸਮੇਤ ਬੱਚਿਆਂ ਦੇ ਪਰਿਵਾਰਕ ਮੈਂਬਰ ਵੀ ਮੌਜ਼ੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …