Monday, November 9, 2026

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ
ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸਿੰਘ) – ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸਮਾਨਤਾ, ਮਾਨਵਤਾ ਤੇ ਧਰਮ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਸਾਰ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕਰਨ ਅਤੇ ਇਸ ਦੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਇਸ ਰਾਹੀਂ ਉਨ੍ਹਾਂ ਦੀ ਸਰਕਾਰ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾ ਰਹੀ ਹੈ।ਇਸ ਗੱਲ `ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਧਾਰਮਿਕ ਸ਼ਖਸੀਅਤਾਂ ਅਤੇ ਵਿਦਵਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਰ ਬੀਜ਼ ਪੁੰਗਰ ਸਕਦਾ ਹੈ, ਪਰ ਨਫ਼ਰਤ ਦਾ ਬੀਜ਼ ਇਸ ਪਵਿੱਤਰ ਧਰਤੀ `ਤੇ ਕਦੇ ਨਹੀਂ ਉੱਗ ਸਕਦਾ।
ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ `ਐਕਸ` `ਤੇ ਲਿਖਿਆ: “ਅੱਜ ਮੈਨੂੰ ਅੰਮ੍ਰਿਤਸਰ ਵਿਖੇ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ।ਇਸ ਅਸਥਾਨ ਦੇ ਵਿਕਾਸ ਲਈ ਅੱਜ 17.5 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਸਾਡਾ ਮੰਨਣਾ ਹੈ ਕਿ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜ਼ਾਏ ਧਾਰਮਿਕ ਸ਼ਖਸੀਅਤਾਂ ਅਤੇ ਵਿਦਵਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ।ਪੰਜਾਬ ਵਿੱਚ ਹਰ ਬੀਜ ਪੁੰਗਰ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇਸ ਪਵਿੱਤਰ ਧਰਤੀ `ਤੇ ਕਦੇ ਨਹੀਂ ਉੱਗ ਸਕਦਾ।”
ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀ ਅਧਿਆਤਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲ ਕੇ ਰੱਖਿਆ ਜਾਵੇਗਾ।”
ਇਸ ਪਵਿੱਤਰ ਅਸਥਾਨ `ਤੇ ਨਤਮਸਤਕ ਹੁੰਦਿਆਂ ਮੁੱਖ ਮਤਰੀ ਨੇ ਦੇਸ਼-ਵਿਦੇਸ਼ ਦੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ।ਮੁੱਖ ਮੰਤਰੀ ਨੇ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਅਮਰ ਮਹਾਂਕਾਵਿ ਰਮਾਇਣ ਨੇ ਹਜ਼ਾਰਾਂ ਸਾਲਾਂ ਤੋਂ ਮਨੁੱਖਤਾ ਨੂੰ ਧਰਮ ਦਾ ਰਾਹ ਦਿਖਾਇਆ ਹੈ।ਉਨ੍ਹਾਂ ਕਿਹਾ, “ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਕਿਸੇ ਵਿਸ਼ੇਸ਼ ਕਾਲ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਹਨ, ਸਗੋਂ ਇਹ ਸਮੁੱਚੀ ਮਨੁੱਖਤਾ ਨਾਲ ਸਬੰਧਤ ਹਨ।”

ਮੁੱਖ ਮੰਤਰੀ ਨੇ ਕਿਹਾ, “ਇਹ ਸਿਧਾਂਤ ਸਮਾਜ ਨੂੰ ਵੰਡੀਆਂ ਤੋਂ ਉੱਪਰ ਉੱਠਣ ਅਤੇ ਆਪਸੀ ਸਤਿਕਾਰ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ `ਤੇ ਆਧਾਰਿਤ ਭਵਿੱਖ ਦਾ ਨਿਰਮਾਣ ਕਰਨ ਲਈ ਪ੍ਰੇਰਿਤ ਕਰ ਸਕਦੇ ਹਨ। ਪੰਜਾਬ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਫ਼ਕੀਰਾਂ ਅਤੇ ਪੈਗੰਬਰਾਂ ਦੀ ਮਹਾਨ ਵਿਰਾਸਤ ਦੀ ਬਖਸ਼ਿਸ਼ ਪ੍ਰਾਪਤ ਹੈ ਅਤੇ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਨੇ ਇਸ ਪਵਿੱਤਰ ਧਰਤੀ `ਤੇ ਪ੍ਰਭੂ ਸ਼੍ਰੀ ਰਾਮ ਜੀ ਦੇ ਸਪੁੱਤਰਾਂ ਲਵ ਅਤੇ ਕੁਸ਼ ਨੂੰ ਗਿਆਨ ਅਤੇ ਸਿੱਖਿਆ ਦਿੱਤੀ ਸੀ।”
ਇਸ ਪਵਿੱਤਰ ਅਸਥਾਨ ਦੇ ਸਰਬਪੱਖੀ ਵਿਕਾਸ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਵਿੱਤੀ ਵਰ੍ਹੇ 2026-27 ਦੌਰਾਨ ਭਗਵਾਨ ਵਾਲਮੀਕਿ ਤੀਰਥ ਸਥਲ `ਤੇ ਵੱਖ-ਵੱਖ ਵਿਕਾਸ ਅਤੇ ਸੁੰਦਰੀਕਰਨ ਦੇ ਕਾਰਜ਼ਾਂ `ਤੇ 17.72 ਕਰੋੜ ਰੁਪਏ ਖਰਚ ਕਰ ਰਹੀ ਹੈ।ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਇੱਕ ਆਕਰਸ਼ਕ ਪੈਨੋਰਾਮਾ ਸਾਲ 2024 ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਗਿਆ ਸੀ।”

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …