ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ. ਬਾਬਾ ਅਟੱਲ ਰਾਇ ਵਿਖੇ ਸਜਾਏ ਜਲੌ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਇਸ ਪਾਵਨ ਦਿਹੜੇ ’ਤੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ ਗੁਰੂ-ਜਸ ਨਾਲ ਅਧਿਆਤਮਿਕ ਮਾਹੌਲ ਸਿਰਜਿਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ।ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਦਿਆਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਵਿੱਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ।ਕਈ ਮਹਾਂਪੁਰਖਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਵਾਸਤੇ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਸਨ।ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਚੌਥੇ ਪਾਤਸ਼ਾਹ ਜੀ ਦੀ ਪਾਵਨ ਬਾਣੀ ਦਾ ਰਾਗਾਂ ਅਧਾਰਿਤ ਗਾਇਨ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜੈਬ ਸਿੰਘ ਅਭਿਆਸੀ, ਬਾਵਾ ਸਿੰਘ ਗੁਮਾਨਪੁਰਾ, ਗੁਰਬਖ਼ਸ਼ ਸਿੰਘ ਖਾਲਸਾ, ਗੁਰਿੰਦਰਪਾਲ ਸਿੰਘ ਗੋਰਾ, ਸ. ਰਵਿੰਦਰ ਸਿੰਘ ਖ਼ਾਲਸਾ, ਬੀਬੀ ਗੁਰਮੀਤ ਕੌਰ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਤੇਜਿੰਦਰ ਸਿੰਘ ਪੱਡਾ, ਸ. ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸ. ਰਾਜਿੰਦਰ ਸਿੰਘ ਰੂਬੀ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਮੌਜ਼ੂਦ ਸਨ।
Punjab Post Daily Online Newspaper & Print Media