Sunday, November 8, 2026

ਖ਼ਾਲਸਾ ਯੂਨੀਵਰਸਿਟੀ ਵਿਖੇ ਸੰਯੁਕਤ ਰਾਸ਼ਟਰ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 30 ਅਕਤਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਵੱਲੋਂ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਅਤੇ ਸੋਸ਼ਲ ਸਾਇੰਸਿਜ਼ ਸੁਸਾਇਟੀ ਦੇ ਸਹਿਯੋਗ ਨਾਲ ਸੰਯੁਕਤ ਰਾਸ਼ਟਰ ਦਿਵਸ ਮਨਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਗਮ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਖ਼ਾਲਸਾ ਕਾਲਜੀਏਟ ਸਕੂਲ ਅਤੇ ਬੀ.ਏ ਸੋਸ਼ਲ ਸਾਇੰਸਿਜ਼ ਦੇ ਸਮੈਸਟਰ ਪਹਿਲੇ, ਤੀਜ਼ੇ ਅਤੇ ਪੰਜ਼ਵੇਂ ਦੇ ਵਿਦਿਆਰਥੀਆਂ ਨੇ ਸੰਯੁਕਤ ਰਾਸ਼ਟਰ ਨਾਲ ਸਬੰਧਿਤ ਵਿਸ਼ਿਆਂ ’ਤੇ ਪੇਸ਼ਕਾਰੀਆਂ ਵੀ ਦਿੱਤੀਆਂ।
ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੀਆਂ ਘਟਨਾਵਾਂ ਪ੍ਰਤੀ ਜਾਗਰੂਕ ਰਹਿਣ ਅਤੇ ਦੇਸ਼-ਵਿਦੇਸ਼ ’ਚ ਵਾਪਰ ਰਹੀਆਂ ਘਟਨਾਵਾਂ ਸਬੰਧੀ ਜਾਣਕਾਰੀ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਆਮ ਜਾਣਕਾਰੀ ’ਚ ਵਾਧਾ ਹੁੰਦਾ ਹੈ ਅਤੇ ਸਮਕਾਲੀ ਮਾਮਲਿਆਂ ਬਾਰੇ ਉਨ੍ਹਾਂ ਦੀ ਸਮਝ ਹੋਰ ਡੁੰਘੀ ਹੁੰਦੀ ਹੈ।ਉਨ੍ਹਾਂ ਨੇ ਮੌਜ਼ੂਦਾ ਵਿਸ਼ਵ ’ਚ ਸੰਯੁਕਤ ਰਾਸ਼ਟਰ ਸੰਗਠਨ ਦੀ ਬਣਤਰ, ਕਾਰਜ਼ ਪ੍ਰਣਾਲੀ ਅਤੇ ਮਹੱਤਤਾ ਸਬੰਧੀ ਵੀ ਚਾਨਣਾ ਪਾਇਆ।ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ’ਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਅਹਿਮ ਭੂਮਿਕਾ ਨੂੰ ਵੀ ਉਜ਼ਾਗਰ ਕੀਤਾ।
ਸਮਾਜਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ ਨੇ ਅਮਰੀਕਾ, ਬ੍ਰਿਟੇਨ, ਰੂਸ, ਫਰਾਂਸ ਅਤੇ ਚੀਨ ਵਰਗੀਆਂ ਪ੍ਰਮੁੱਖ ਵਿਸ਼ਵ ਸ਼ਕਤੀਆਂ ਵਿਚਕਾਰ ਸ਼ਕਤੀ ਸੰਤੁਲਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਨੇ ਵਿਸ਼ਵ ਪੱਧਰ ’ਤੇ ਸ਼ਕਤੀ ਸੰਤੁਲਨ ’ਚ ਆ ਰਹੀਆਂ ਤਬਦੀਲੀਆਂ, ਖ਼ਾਸ ਕਰਕੇ ਪੱਛਮੀ ਦੇਸ਼ਾਂ ਤੋਂ ਚੀਨ ਅਤੇ ਹੋਰ ਏਸ਼ੀਆਈ ਦੇਸ਼ਾਂ ਵੱਲ ਪ੍ਰਭਾਵ ਦੇ ਹੌਲੀ-ਹੌਲੀ ਹੋ ਰਹੇ ਤਬਾਦਲੇ ਬਾਰੇ ਚਰਚਾ ਕੀਤੀ।ਉਨ੍ਹਾਂ ਨੇ ਅੰਤਰਰਾਸ਼ਟਰੀ ਮਾਮਲਿਆਂ ’ਚ ਬ੍ਰਿਕਸ ਦੀ ਵੱਧ ਰਹੀ ਮਹੱਤਤਾ ਬਾਰੇ ਵੀ ਗਿਆਨ ਸਾਂਝਾ ਕੀਤਾ।
ਇਤਿਹਾਸ ਵਿਭਾਗ ਦੇ ਡਾ. ਸ਼ਸ਼ੀ ਸੂਰੀ ਨੇ ਸੰਯੁਕਤ ਰਾਸ਼ਟਰ ਦੀ ਸਥਾਪਨਾ ਦੇ ਇਤਿਹਾਸਕ ਪਿਛੋਕੜ ਅਤੇ ਇਸਦੀ ਸਥਾਪਨਾ ਲਈ ਜ਼ਿੰਮੇਵਾਰ ਹਾਲਾਤਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।ਅਰਥ ਸ਼ਾਸਤਰ ਵਿਭਾਗ ਦੇ ਡਾ. ਸੁਮਿਤ ਕੁਮਾਰ ਨੇ ਜਲਵਾਯੂ ਪਰਿਵਰਤਨ ਬਾਰੇ ਸੰਯੁਕਤ ਰਾਸ਼ਟਰ ਫਰੇਮਵਰਕ ਕਨਵੈਨਸ਼ਨ ਬਾਰੇ ਵਿਚਾਰ ਪੇਸ਼ ਕਰਦਿਆਂ ਵਿਸ਼ਵ ਪੱਧਰ ’ਤੇ ਤਾਪਮਾਨ ’ਚ ਵਾਧੇ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਰੱਖਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਰਾਸ਼ਟਰੀ ਪੱਧਰ ’ਤੇ ਅਪਨਾਈਆਂ ਜਾ ਰਹੀਆਂ ਰਣਨੀਤੀਆਂ ਬਾਰੇ ਵੀ ਚਰਚਾ ਕੀਤੀ।
ਸਮਾਗਮ ਦੌਰਾਨ ਖ਼ਾਲਸਾ ਕਾਲਜੀਏਟ ਸਕੂਲ ਅਤੇ ਬੀ.ਏ ਸੋਸ਼ਲ ਸਾਇੰਸਿਜ਼ ਦੇ ਵਿਦਿਆਰਥੀਆਂ ਨੇ ਸੰਯੁਕਤ ਰਾਸ਼ਟਰ ਨਾਲ ਸਬੰਧਿਤ ‘ਸੰਯੁਕਤ ਰਾਸ਼ਟਰ ਸੰਗਠਨ ਦੀ ਬਣਤਰ ਤੇ ਪੁਨਰਗਠਨ, ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਕਾਇਮ ਰੱਖਣ ’ਚ ਪੰਜ ਸਥਾਈ ਮੈਂਬਰ ਦੇਸ਼ਾਂ ਦੀ ਭੂਮਿਕਾ, ਸੰਯੁਕਤ ਰਾਸ਼ਟਰ ਦੀਆਂ ਵਿਸ਼ੇਸ਼ ਏਜੰਸੀਆਂ, ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ’ਚ ਸਥਾਈ ਮੈਂਬਰਸ਼ਿਪ ਲਈ ਭਾਰਤ ਦੀ ਮੰਗ ਅਤੇ ਨਿਸ਼ਸਤਰੀ ਕਰਨ ਪ੍ਰਤੀ ਸੰਯੁਕਤ ਰਾਸ਼ਟਰ ਦੀ ਪਹੁੰਚ’ ਆਦਿ ਵਿਸ਼ਿਆਂ ਦੇ ਮਹੱਤਵਪੂਰਨ ਮੁੱਦਿਆਂ ’ਤੇ ਪੇਸ਼ਕਾਰੀਆਂ ਦਿੱਤੀਆਂ।ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਬਲਜੀਤ ਸਿੰਘ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ।ਸਹਾਇਕ ਪ੍ਰੋ: ਜਗਦੀਪ ਸਿੰਘ ਨੇ ਤਕਨੀਕੀ ਸੈਸ਼ਨ ਦਾ ਸਫ਼ਲਤਾਪੂਰਵਕ ਪ੍ਰਬੰਧ ਕੀਤਾ ਅਤੇ ਸਹਾਇਕ ਪ੍ਰੋ: ਨੂਰਦੀਪ ਕੌਰ ਨੇ ਧੰਨਵਾਦ ਕੀਤਾ।
ਇਸ ਸਮਾਗਮ ਮੌਕੇ ਡਾ. ਅਵਿਨਾਸ਼ ਵਰਮਾ, ਪ੍ਰਭਸਿਮਰਨ ਕੌਰ, ਮੁਸਕਾਨ ਅਰੋੜਾ, ਸਿਮਰਨਜੀਤ ਕੌਰ, ਸੁਮਨ ਕੁਮਾਰੀ, ਵੰਸ਼ਿਕਾ ਆਦਿ ਸਮੇਤ ਹੋਰ ਅਧਿਆਪਕ ਤੇ ਵਿਦਿਆਰਥੀਆਂ ਹਾਜ਼ਰ ਸਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …