ਅੰਤ੍ਰਿੰਗ ਕਮੇਟੀ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਸੱਦ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਹੈ।ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਹੋਰ ਅਹਿਮ ਫੈਸਲੇ ਵੀ ਕੀਤੇ ਗਏ।ਅੰਤ੍ਰਿੰਗ ਕਮੇਟੀ ਵੱਲੋਂ ਪਾਸ ਕੀਤੇ ਗਏ ਇੱਕ ਮਤੇ ਰਾਹੀਂ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਮਤੇ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਵੱਧ ਰਿਹਾ ਨਸ਼ਿਆਂ ਦਾ ਵਰਤਾਰਾ ਵੱਡੀ ਚਿੰਤਾ ਵਾਲਾ ਹੈ, ਪਰ ਸਰਕਾਰ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਥਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਖਿਲਾਫ ਹੀ ਭੁਗਤ ਰਹੀ ਹੈ।ਸ਼ਹੀਦ ਭਾਈ ਪਰਵਿੰਦਰ ਸਿੰਘ ਵੱਲੋਂ ਦਿੱਤੀ ਸ਼ਹਾਦਤ ਨੂੰ ਸਦੀਵੀ ਯਾਦ ਰੱਖਣ ਦੇ ਉਦੇਸ਼ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕਰਨ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦਿੱਤੀ।
ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਧਰਨੇ ਵਿਚ ਸ਼ਾਮਲ ਹੋਏ ਕਰੀਬ 40 ਨੌਜਵਾਨਾਂ ਵਿਰੁੱਧ ਪੁਲਿਸ ਵੱਲੋਂ ਐਫ.ਆਈ.ਆਰ ਦਰਜ਼ ਕਰਨ, ਕੁੱਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਸ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਉਤਾਰਨ ਅਤੇ ਬੀਬੀਆਂ ਨਾਲ ਵਧੀਕੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਅਜਿਹੇ ਸੰਘਰਸ਼ ਵਿਚ ਸ਼ਾਮਲ ਨੌਜਵਾਨਾਂ ਵਿਰੁੱਧ ਪੁਲਿਸ ਕਾਰਵਾਈ ਕਰਨਾ, ਧਰਨੇ ਵਿੱਚ ਸ਼ਾਮਲ ਸਿੱਖਾਂ ਦੀਆਂ ਦਸਤਾਰਾਂ ਉਤਾਰਨਾ ਅਤੇ ਬੀਬੀਆਂ ਨਾਲ ਵਧੀਕੀ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨੌਜਵਾਨਾਂ ਦੀ ਜਾਇਜ਼ ਆਵਾਜ਼ ਨੂੰ ਦਬਾਉਣ ਵਾਲਾ ਕਦਮ ਹੈ।ਅੰਤ੍ਰਿੰਗ ਕਮੇਟੀ ਵੱਲੋਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਨੌਜਵਾਨਾਂ ਵਿਰੁੱਧ ਦਰਜ਼ ਕੀਤੀ ਗਈ ਐਫ.ਆਈ.ਆਰ. ਤੁਰੰਤ ਰੱਦ ਕੀਤੀ ਜਾਵੇ, ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ
ਇਸੇ ਤਰ੍ਹਾਂ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਲੱਗੇ ਧਰਨੇ ਵਿਚ ਸ਼ਾਮਲ ਹੋਣ ਗਏ ਨੌਜੁਆਨ ਭਾਈ ਮਨਪ੍ਰੀਤ ਸਿੰਘ ਦੀ ਪੋਸਟਰ ਉਤਾਰਦੇ ਸਮੇਂ ਕਰੰਟ ਲੱਗਣ ਨਾਲ ਹੋਈ ਮੌਤ ’ਤੇ ਦੁੱਖ ਜ਼ਾਹਿਰ ਕਰਦਿਆਂ ਉਸ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਇਕੱਤਰਤਾ ’ਚ ਜੂਨ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੇ ਰੋਸ ਵਜੋਂ ਬਗ਼ਾਵਤ ਕਰਨ ਵਾਲੇ 479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਸੂਬਾ ਸਿੰਘ ਡੱਬਵਾਲਾ ਤੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿੱਛੜੀਆਂ ਰੂਹਾਂ ਨਮਿਤ ਸਤਿਕਾਰ ਭੇਟ ਕੀਤਾ ਗਿਆ।
ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਮੇਜਰ ਸਿੰਘ ਢਿੱਲੋਂ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਅਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਜਤਿੰਦਰਪਾਲ ਸਿੰਘ, ਇੰਚਾਰਜ਼ ਪ੍ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਜਗਦੀਸ਼ ਸਿੰਘ ਬੁੱਟਰ, ਗੁਰਪ੍ਰਤਾਪ ਸਿੰਘ, ਤਰਸੇਮ ਸਿੰਘ ਆਦਿ ਸ਼ਾਮਲ ਹਨ।
Punjab Post Daily Online Newspaper & Print Media