ਮੱਸਿਆ ਦੀ ਕਾਲੀ ਰਾਤ ਨੂੰ ਰੁਸ਼ਨਾਉਂਦਾ ਇਹ ਤਿਉਹਾਰ ਕੱਤਕ ਦੀ ਮੱਸਿਆ ਨੂੰ ਹੁੰਦਾ ਹੈ, ਆਮ ਤੌਰ ‘ਤੇ ਇਹ ਅਕਤੂਬਰ ਦੇ ਅਖੀਰ ਜਾਂ ਨਵੰਬਰ ਦੇ ਸ਼ੁਰੂ ਵਿਚ ਆਉਂਦਾ ਹੈ।ਦੇਸ਼ ਦੇ ਕੋਨੇ-ਕੋਨੇ ਕੁੱਝ ਵਿਦੇਸ਼ਾਂ ਵਿੱਚ ਮਨਾਏ ਜਾਣ ਵਾਲੇ ਸਾਡੇ ਸਭ ਤੋਂ ਵੱਡੇ ਤਿਉਹਾਰ ਦੀਵਾਲੀ ਤੇ ਚਾਹੇ ਪਟਾਕਿਆਂ ਵਗੈਰਾ ਤੇ ਕਰੋੜਾਂ ਰੁਪਏ ਖਰਚ ਹੋ ਜਾਂਦੇ ਹਨ ਪਰ ਇਸ ਦੇ ਬਦਲੇ ਜੋ ਬੇਅੰਤ ਖੁਸ਼ੀ ਪ੍ਰਾਪਤ ਹੁੰੰਦੀ ਹੈ ਉਸ ਦਾ ਮੁੱਲ ਹੀ ਨਹੀਂ ਪਾਇਆ ਜਾ ਸਕਦਾ।ਸਮੂਹ ਪਾਠਕਾਂ ਦੇ ਘਰ ਮਿਲਾਪ, ਪਿਆਰ, ਖੁਸ਼ੀਆਂ, ਆਪਸੀ ਭਾਈਚਾਰਕ ਸਾਂਝ ਅਤੇ ਉੱਚੀ-ਸੁੱਚੀ ਸੋਚ ਦੇ ਦੀਪ ਹਮੇਸ਼ਾ ਜਗਦੇ ਰਹਿਣ।

ਦੀਵਾਲੀ ਦੇ ਤਿਉਹਾਰ ਪਿੱਛੇ ਸਾਡੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।ਹਰ ਧਰਮ ਦੇ ਲੋਕ ਆਪਣੇ-ਆਪਣੇ ਪੈਰੋਕਾਰਾਂ ਦੇ ਦੱਸੇ ਅਨੁਸਾਰ ਇਹ ਤਿਉਹਾਰ ਮਨਾਉਂਦੇ ਆ ਰਹੇ ਹਨ।ਦੀਵਾਲੀ ਦਾ ਸਬੰਧ ਪੰਜਾਬੀਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਮੌਕੇ ਤੋਂ ਹੀ ਜੁੜਿਆ ਹੋਇਆ ਹੈ, ਪਰ ਇਸ ਦਾ ਵਿਸ਼ੇਸ਼ ਮਹੱਤਵ ਉਦੋਂ ਹੋਰ ਵਧਿਆ ਜਦੋਂ ਸਿੱਖਾਂ ਦੇ 6ਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮੁਗ਼ਲਾਂ ਦੀ ਕੈਦ ਤੋਂ ਮੁਕਤ ਹੋ ਕੇ ਅਤੇ 52 ਰਾਜਪੂਤ ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ਵਿਚੋਂ ਆਪਣੇ ਨਾਲ ਮੁਕਤ ਕਰਵਾ ਕੇ ਬਾਹਰ ਆਏ।ਇਸ ਖੁਸ਼ੀ ਵਿੱਚ ਲੋਕਾਂ ਨੇ ਦੀਪਮਾਲਾ ਕੀਤੀ।ਪ੍ਰਸਿੱਧ ਇਤਿਹਾਸਕਾਰ ਅਨੁਸਾਰ ਕਿਹਾ ਜਾਂਦਾ ਹੈ ਕਿ ਦੀਵੇ ਜਗਾਉਣ ਦੀ ਰਸਮ ਬਾਬਾ ਬੁੱਢਾ ਜੀ ਨੇ ਸ਼ੁਰੂ ਕੀਤੀ ਸੀ।ਹਿੰਦੂ ਧਰਮ ਅਨੁਸਾਰ ਇਸ ਦਿਨ ਸ੍ਰੀ ਰਾਮ ਚੰਦਰ ਜੀ ਚੌਦਾਂ ਸਾਲ ਬਨਵਾਸ ਕੱਟਕੇ ਲੰਕੇਸ਼ਵਰ ਰਾਵਣ ਤੇ ਉਸਦੀ ਸੈਨਾ ਨੂੰ ਹਰਾ ਕੇ ਸੀਤਾ ਨੂੰ ਆਜ਼ਾਦ ਕਰਾ ਕੇ ਅਯੁੱਧਿਆ ਆਏ।ਉਨ੍ਹਾਂ ਦੀ ਆਮਦ ਦੀ ਖੁਸ਼ੀ ਵਿਚ ਘਰਾਂ ਦੀਆਂ ਛੱਤਾਂ ਉੱਤੇ ਦੀਵੇ ਜਗਾਏ ਗਏ।ਆਰੀਆ ਸਮਾਜ ਦੇ ਨੇਤਾ ਸਵਾਮੀ ਦਇਆ ਨੰਦ ਅਤੇ ਜੈਨੀਆਂ ਦੇ ਨੇਤਾ ਮਹਾਂਵੀਰ ਜੀ ਨੂੰ ਏਸੇ ਦਿਨ ਨਿਰਵਾਣ ਪ੍ਰਾਪਤ ਹੋਇਆ।ਵੈਸੇ ਇਹ ਤਿਉਹਾਰ ਸਰਦੀ ਰੁੱਤ ਦੇ ਆਗਮਨ ਦਾ ਵੀ ਸੂਚਕ ਹੈ।
ਦੀਵਾਲੀ ਸ਼ਬਦ ਦੀਪਾਵਾਲੀ ਤੋਂ ਬਣਿਆ ਹੈ ਜਿਸ ਦਾ ਅਰਥ ਹੈ ਦੀਵਿਆਂ ਦੀਆਂ ਮਾਲਾਵਾਂ ਜਾਂ ਕਤਾਰਾਂ। ਦੀਵਾਲੀ ਰੋਸ਼ਨੀਆਂ ਦਾ ਤਿਉਹਾਰ ਹੈ ਪਹਿਲਾਂ ਲੋਕ ਦੀਵਾਲੀ ਵਾਲੀ ਰਾਤ ਆਪਣੇ ਘਰਾਂ ਦੀਆਂ ਕੰਧਾਂ, ਬਨੇਰਿਆਂ ਤੇ ਗੇਟਾਂ ਉਤੇ ਦੀਵੇ, ਮੋਮਬੱਤੀਆਂ ਆਦਿ ਜਗਾਉਂਦੇ ਸਨ।ਪਰ ਪਿੱਛਲੇ ਕੁੱਝ ਸਾਲਾਂ ਤੋਂ ਚਾਈਨਾ (ਚੀਨ) ਦੀਆਂ ਬਣੀਆਂ ਲੜੀਆਂ ਨੇ ਦੀਵੇ ਤੇ ਮੋਮਬੱਤੀਆਂ ਦੀ ਹੋਂਦ ਖ਼ਤਮ ਹੀ ਕਰ ਦਿੱਤੀ ਹੈ। ਸਰ੍ਹੋਂ ਦੇ ਤੇਲ ਦੇ ਦੀਵੇ ਨਾ ਸਿਰਫ਼ ਰੋਸ਼ਨੀ ਨੂੰ ਆਕਰਸ਼ਿਤ ਕਰਦੇ ਹਨ, ਸਗੋ ਕਈ ਦੁਸ਼ਮਣ ਕੀਟ-ਪਤੰਗਿਆਂ ਨੂੰ ਵੀ ਖਤਮ ਕਰ ਦਿੰਦੇ ਹਨ।
ਪੰਜਾਬ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰ ਦੀ ਦੀਵਾਲੀ ਦੀ ਸ਼ਾਨ ਹੀ ਵੱਖਰੀ ਹੈ।ਲੱਖਾਂ ਲੋਕ ਦੇਸ਼ਾਂ-ਵਿਦੇਸ਼ਾਂ ਤੋਂ ਇਥੇ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਆਉਂਦੇ ਹਨ।ਦੀਵਾਲੀ ਵਾਲੇ ਦਿਨ ਸ਼੍ਰੀ ਦਰਬਾਰ ਸਾਹਿਬ ਉੱਤੇ ਰੌਸ਼ਨੀ ਦੀ ਸਜਾਵਟ ਦਾ ਬੜਾ ਸੁਹਾਵਣਾ ਦ੍ਰਿਸ਼ ਹੁੰਦਾ ਹੈ। ਰਾਤ ਨੂੰ ਆਤਸ਼ਬਾਜੀ ਚਲਾਈ ਜਾਂਦੀ ਹੈ।ਆਤਸ਼ਬਾਜੀ ਵੇਖਣ ਵਾਲਿਆਂ ਦੀ ਰੌਣਕ ਇੰਨੀ ਜ਼ਿਆਦਾ ਹੁੰਦੀ ਹੈ ਕਿ ਪ੍ਰਕਰਮਾ ਵਿਚ ਖੜ੍ਹੇ ਹੋਣ ਦੀ ਥਾਂ ਨਹੀਂ ਮਿਲਦੀ। ਬਜ਼ਾਰਾਂ ਦੀ ਸਜਾਵਟ ਬੜੀ ਦਿਲ ਖਿੱਚਵੀਂ ਹੁੰਦੀ ਹੈ ਇਸੇ ਲਈ ਕਿਹਾ ਜਾਂਦਾ ਹੈ ‘ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ’।ਬੱਚਿਆ ਨੂੰ ਜ਼ਿਆਦਾਤਰ ਦੀਵਾਲੀ ਦੇ ਮੌਕੇ ਤੇ ਪਟਾਕੇ ਤੋਹਫ਼ੇ ਦੇ ਤੌਰ ’ਤੇ ਦਿੱਤੇ ਜਾਂਦੇ ਹਨ। ਛੋਟੇ ਬੱਚਿਆਂ ਨੂੰ ਮਿੱਟੀ ਦੇ ਖਿਡੌਣੇ, ਲੱਕੜ ਦੇ ਖਿਡੌਣੇ, ਮਿੱਟੀ ਜਾਂ ਕੋਈ ਵੀ ਗੋਲਕ, ਸ਼ਤਰੰਜ, ਕੈਰਮ ਬੋਰਡ, ਲੂਡੋ ਜਮੈਟਰੀ ਬਾਕਸ, ਸਕੂਲ ਬੈਗ ਆਦਿ ਵੀ ਦੇ ਸਕਦੇ ਹੋ।
ਦੀਵਾਲੀ ਦੇ ਤਿਉਹਾਰ ਤੇ ਤਾਂ ਮਠਿਆਈ ਵਾਲੇ ਜਹਿਰ ਤੋਂ ਬਚਿਆ ਹੀ ਜਾਵੇ ਤਾਂ ਚੰਗੀ ਗੱਲ ਹੈ।ਮਠਿਆਈ ਦੀ ਬਜਾਏ ਮੁਰੱਬਾ, ਡਰਾਈ ਫਰੂਟ, ਸੁੱਕਾ ਪੇਠਾ, ਚੰਗੀਆਂ ਕੰਪਨੀਆਂ ਦੇ ਬਿਸਕੁੱਟ, ਫਰੂਟ ਆਦਿ ਜਿਆਦਾ ਲਾਹੇਵੰਦ ਹਨ। ਹਰ ਸਾਲ ਦੀਵਾਲੀ ਤੇ ਕਈ ਅਣ-ਸੁਖਾਵੀਆਂ ਘਟਨਾਵਾਂ ਸੁਨਣ ਨੂੰ ਮਿਲਦੀਆਂ ਹਨ।ਇਸ ਲਈ ਇਹ ਵੱਡਿਆ ਦਾ ਤੇ ਮਾਪਿਆਂ ਦਾ ਫਰਜ਼ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ।
ਦੀਵਾਲੀ ਦੀ ਰਾਤ ਨੂੰ ਅਸੀਂ ਜੋ ਪਟਾਕੇ ਚਲਾਉਦੇ ਹਾਂ ਉਸ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਨ ਤਾਂ ਫੈਲੇਗਾ ਹੀ, ਪਰ ਆਉ ਅਸੀਂ ਕੋਸ਼ਿਸ ਕਰੀਏ ਕਿ ਗਰਨਿ ਆਤਿਸ਼ਭਾਜ਼ੀ ਹੀ ਚਲਾਈਏ ਜਿਸ ਨਾਲ ਘੱਟ ਤੋਂ ਘੱਟ ਪ੍ਰਦੂਸ਼ਨ ਫੈਲੇ।
ਆਓ! ਐਤਕੀ ਦੀਵਾਲੀ ਤੇ ‘ਨਸ਼ਾ ਮੁੱਕਤ ਪੰਜਾਬ’ ਦਾ ਦੀਵਾ ਜਗਾਈਏ ।

ਭਵਨਦੀਪ ਸਿੰਘ ਪੁਰਬਾ
ਵਟਸਐਪ: 9988-92-9988
Punjab Post Daily Online Newspaper & Print Media