ਨਾਗਰਿਕ ਘਰ ਬੈਠੇ ਆਨਲਾਈਨ ਦਰਜ਼ ਕਰ ਸਕਣਗੇ ਆਪਣੇ ਪਰਿਵਾਰ ਦੀ ਜਾਣਕਾਰੀ
ਅੰਮ੍ਰਿਤਸਰ, 9 ਨਵੰਬਰ (ਜਗਦੀਪ ਸਿੰਘ) – ਭਾਰਤ ਦੀ ਪਹਿਲੀ ਡਿਜ਼ੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਤੋਂ 30 ਨਵੰਬਰ, 2026 ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਜਨਗਣਨਾ ਦੀ ਪ੍ਰਕਿਰਿਆ ਨੂੰ ਹੋਰ ਸਰਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਾਰ ਡਿਜ਼ੀਟਲ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਿਤ ਸਮੇਂ ਦੌਰਾਨ ਆਪਣੀ ਸਹੂਲਤ ਅਨੁਸਾਰ ਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਦਰਜ਼ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਸਵੈ-ਗਣਨਾ ਲਈ ਵਿਸ਼ੇਸ਼ ਆਨਲਾਈਨ ਪੋਰਟਲ : https://se.census.gov.in ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਨਾਗਰਿਕ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ। ਇਸ ਉਪਰੰਤ ਇੱਕ ਵਿਸ਼ੇਸ਼ ਸਵੈ-ਗਣਨਾ ਆਈ.ਡੀ ਜਾਰੀ ਕੀਤੀ ਜਾਵੇਗੀ। ਇਹ ਆਈ.ਡੀ ਨਾਗਰਿਕਾਂ ਵੱਲੋਂ ਸੰਭਾਲ ਕੇ ਰੱੱਖਣੀ ਹੋਵੇਗੀ ਅਤੇ ਬਾਅਦ ਵਿੱਚ ਘਰ-ਘਰ ਆਉਣ ਵਾਲੇ ਜਨਗਣਨਾ ਕਰਮਚਾਰੀਆਂ ਨਾਲ ਸਾਂਝੀ ਕਰਨੀ ਹੋਵੇਗੀ, ਤਾਂ ਜੋ ਆਨਲਾਈਨ ਦਰਜ਼ ਕੀਤੀ ਗਈ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਸਕੇ।ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਮਾਧਿਅਮਾਂ ਰਾਹੀਂ ਜਨਗਣਨਾ-2027 ਸਬੰਧੀ ਪ੍ਰਚਾਰ ਅਤੇ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪੋ-ਆਪਣੇ ਪੱਧਰ ’ਤੇ ਲੋਕਾਂ ਤੱਕ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਇਸ ਡਿਜ਼ੀਟਲ ਸਹੂਲਤ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ।
Punjab Post Daily Online Newspaper & Print Media