ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਹੋਸਟਲ ਵਿਦਿਆਰਥੀਆਂ ਅਤੇ ਕਾਲਜ ਪਰਿਵਾਰ ਦੇ ਸਹਿਯੋਗ ਨਾਲ ਰਵਾਇਤੀ ਅਤੇ ਵਾਤਾਵਰਣ-ਅਨੁਕੂਲ ਢੰਗ ਨਾਲ ਗਰੀਨ ਦੀਵਾਲੀ ਮਨਾਈ ਗਈ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਕਾਲਜ ਵੱਲੋਂ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਦਾ ਵੀ ਪ੍ਰਗਟਾਵਾ ਕੀਤਾ ਗਿਆ।ਇਸ ਦੌਰਾਨ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਰਵਾਇਤੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਤਰੀਕੇ ਨਾਲ ਤਿਉਹਾਰ ਮਨਾਉਣ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।ਕਾਲਜ ਕੈਂਪਸ ਨੂੰ ਰਵਾਇਤੀ ਮਿੱਟੀ ਦੇ ਦੀਵਿਆਂ ਨਾਲ ਰੌਸ਼ਨ ਕੀਤਾ ਗਿਆ, ਜਿਸ ਨਾਲ ਮਨਮੋਹਕ ਅਤੇ ਖੂਬਸੂਰਤ ਮਾਹੌਲ ਸਿਰਜਿਆ ਗਿਆ।
ਇਸ ਮੌਕੇ ਡਾ. ਮੰਜੂ ਬਾਲਾ ਅਤੇ ਡਾ. ਅਜੇ ਕੁਮਾਰ ਸ਼ਰਮਾ (ਪ੍ਰੋਫੈਸਰ, ਐਨ.ਆਈ.ਟੀ ਜਲੰਧਰ) ਨੇ ਵਿਦਿਆਰਥੀਆਂ ਨਾਲ ਮਿਲ ਕੇ ਰਵਾਇਤੀ ਢੰਗ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਦੀਵਾਲੀ ਨੂੰ ਇਸ ਦੀ ਅਸਲ ਰਵਾਇਤੀ ਭਾਵਨਾ ਨਾਲ ਮਨਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
Punjab Post Daily Online Newspaper & Print Media