ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਦੀ ਚੋਣ ਸਬੰਧੀ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਉਨ੍ਹਾਂ ਨੂੰ ਭਵਿੱਖ ਦੇ ਬਿਹਤਰ ਮੌਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਕਰੀਅਰ ਕੌਂਸਲਿੰਗ ਪੋਰਟਲ ਤਿਆਰ ਕੀਤਾ ਗਿਆ ਹੈ।ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅੰਮ੍ਰਿਤਸਰ ਹਰਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਐਸ.ਸੀ.ਈ.ਆਰ.ਟੀ ਦੇ ਮੁੱਖ ਦਫ਼ਤਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਦੋ-ਦੋ ਅਧਿਆਪਕਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਇਸ ਦੌਰਾਨ ਅਧਿਆਪਕਾਂ ਨੂੰ ਪੋਰਟਲ ਦੀ ਵਰਤੋਂ, ਵਿਦਿਆਰਥੀਆਂ ਦੀ ਲਾਗਇਨ ਪ੍ਰਕਿਰਿਆ ਅਤੇ ਸਵੈ-ਮੁਲਾਂਕਣ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।ਇਸ ਉਪਰਾਲੇ ਤਹਿਤ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਪੋਰਟਲ ਨਾਲ ਜੋੜਨ ਅਤੇ ਉਨ੍ਹਾਂ ਵੱਲੋਂ ਆਪਣਾ ਸਵੈ-ਮੁਲਾਂਕਣ ਕਰਵਾਉਣ `ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।
ਉਪ ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅੱਜ ਸਾਰੇ ਬਲਾਕ ਕਰੀਅਰ ਕੌਂਸਲਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪੋਰਟਲ ਨੂੰ ਚਲਾਉਣ ਸਮੇਂ ਸਕੂਲ ਪੱਧਰ `ਤੇ ਆ ਰਹੀਆਂ ਮੁਸ਼਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਰਿਸੋਰਸ ਪਰਸਨ ਮਿਸ ਵਿਸ਼ਾਲੀ ਨੇ ਬਲਾਕ ਕਰੀਅਰ ਕੌਂਸਲਰਾਂ ਨੂੰ ਵੱਖ-ਵੱਖ ਸਕੂਲਾਂ ਵੱਲੋਂ ਪੋਰਟਲ `ਤੇ ਅਪਲੋਡ ਕੀਤੇ ਗਏ ਡਾਟੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੋਰਟਲ `ਤੇ ਲਾਗਇਨ ਕਰਵਾਉਣ।
ਇਸ ਮੌਕੇ ਜਿਲ੍ਹਾ ਗਾਈਡੈਂਸ ਕੌਂਸਲਰ ਸੁਖਪਾਲ ਸਿੰਘ ਸੰਧੂ ਨੇ ਐਸ.ਸੀ.ਈ.ਆਰ.ਟੀ ਦੇ ਡਾਇਰੈਕਟਰ ਵੱਲੋਂ ਪ੍ਰਾਪਤ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪੋਰਟਲ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ, ਯੋਗਤਾ ਅਤੇ ਸਮਰੱਥਾ ਅਨੁਸਾਰ ਸਹੀ ਕਰੀਅਰ ਚੁਣਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
Punjab Post Daily Online Newspaper & Print Media