ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੀ ਭਾਸ਼ਾ ਫ਼ੈਕਲਟੀ ਅਤੇ ਧਰਮ ਅਧਿਐਨ ਫ਼ੈਕਲਟੀ ਵੱਲੋਂ ਟੈਲੈਂਟ ਹੰਟ-2026’ ਪ੍ਰੋਗਰਾਮ ਕਰਵਾਇਆ ਗਿਆ।’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ, ਉਨ੍ਹਾਂ ਦੀਆਂ ਚੀਆਂ ਨੂੰ ਤਲਾਸ਼ਣ ਅਤੇ ਵੱਖ-ਵੱਖ ਸੱਭਿਆਚਾਰਕ ਤੇ ਸਾਹਿਤਕ ਗਤੀਵਿਧੀਆਂ ਰਾਹੀਂ ਆਤਮ-ਵਿਸ਼ਵਾਸ਼ ਪੈਦਾ ਕਰਨ ਲਈ ਇਕ ਪਲੇਟਫਾਰਮ ਪ੍ਰਦਾਨ ਕਰਨਾ ਸੀ।ਡੀਨ ਧਰਮ ਅਧਿਐਨ ਸਟੱਡੀਜ਼ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਡੀਨ ਭਾਸ਼ਾਵਾਂ ਡਾ. ਰਮਿੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਡਾ. ਗੋਗੋਆਣੀ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਘੱਟੋ-ਘੱਟ ਇਕ ਕਲਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਦੀ ਕਾਬਲੀਅਤ ਦੀ ਪਛਾਣ ਕਰਨ ਅਤੇ ਮਹੱਤਵਪੂਰਨ ਜੀਵਨ ਹੁਨਰ ਵਿਕਸਿਤ ਕਰਨ ’ਚ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਯੂਨੀਵਰਸਿਟੀ ਵੱਲੋਂ ਪ੍ਰਦਾਨ ਕੀਤੇ ਜਾਂਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵੀਸ਼ਰੀ, ਲੋਕ ਗੀਤ, ਗ਼ਜ਼ਲ, ਫੈਂਸੀ ਡਰੈੱਸ ਮੁਕਾਬਲਾ, ਮੁਹਾਵਰੇਦਾਰ ਵਾਰਤਾਲਾਪ, ਕਵਿਤਾ ਉਚਾਰਨ, ਬਹਿਸ, ਭਾਸ਼ਣ ਅਤੇ ਗਿੱਧਾ ਕਈ ਤਰ੍ਹਾਂ ਦੀਆਂ ਸੱਭਿਆਚਾਰਕ ਅਤੇ ਸਾਹਿਤਕ ਪੇਸ਼ਕਾਰੀਆਂ ਦਿੱਤੀਆਂ ਗਈਆਂ।ਉਨ੍ਹਾਂ ਪ੍ਰੋਗਰਾਮ ਦੇ ਸਫ਼ਲ ਆਯੋਜਨ ’ਚ ਸਰਗਰਮ ਸ਼ਮੂਲੀਅਤ ਅਤੇ ਯੋਗਦਾਨ ਲਈ ਪ੍ਰਬੰਧਕ ਕਮੇਟੀ, ਫ਼ੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਗੋਗੋਆਣੀ ਨੇ ਡਾ. ਰਮਿੰਦਰ ਕੌਰ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਮੈਡਲ ਪ੍ਰਦਾਨ ਕੀਤੇ।ਮੰਚ ਸੰਚਾਲਨ ਅੰਗਰੇਜ਼ੀ ਅਧਿਐਨ ਸਕੂਲ ਸਹਾਇਕ ਪ੍ਰੋਫ਼ੈਸਰ ਮੇਘਾ ਅਤੇ ਬੀ.ਏ ਇੰਗਲਿਸ਼ ਆਨਰਜ਼ ਦੀ ਵਿਦਿਆਰਥਣ ਸੋਨਮ ਦੁਆਰਾ ਕੀਤਾ ਗਿਆ।
ਇਸ ਪ੍ਰੋਗਰਾਮ ਦੀ ਸਮਾਪਤੀ ਡਾ. ਰਮਿੰਦਰ ਕੌਰ ਵੱਲੋਂ ਪੇਸ਼ ਕੀਤੇ ਗਏ ਧੰਨਵਾਦੀ ਸ਼ਬਦਾਂ ਨਾਲ ਹੋਈ।
Punjab Post Daily Online Newspaper & Print Media