Friday, November 13, 2026

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ – ਸ਼੍ਰੋਮਣੀ ਕਮੇਟੀ ਨੇ ਗੜ੍ਹਸ਼ੰਕਰ ਵਿਖੇ ਕਰਵਾਇਆ ਪਹਿਲਾ ਸੈਮੀਨਾਰ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸੈਮੀਨਾਰਾਂ ਦੀ ਲੜੀ ਤਹਿਤ ਅੱਜ ਪਹਿਲਾ ਸੈਮੀਨਾਰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਰਵਾਇਆ ਗਿਆ।ਸੈਮੀਨਾਰ ਦਾ ਵਿਸ਼ਾ ‘ਭਗਤ ਰਵਿਦਾਸ ਜੀ: ਜੀਵਨ, ਬਾਣੀ ਤੇ ਸੰਦੇਸ਼’ ਸੀ।ਭਗਤ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀ ਅਧਿਆਤਮਿਕ ਵਿਚਾਰਧਾਰਾ, ਬਾਣੀ ਦੇ ਫ਼ਲਸਫ਼ੇ ਅਤੇ ਮਨੁੱਖਤਾ ਨੂੰ ਦਿੱਤੇ ਸਰਬਸਾਂਝੇ ਸੰਦੇਸ਼ ਬਾਰੇ ਵਿਦਵਾਨਾਂ ਵੱਲੋਂ ਵਿਚਾਰ ਸਾਂਝੇ ਕੀਤੇ ਗਏ।
ਸੈਮੀਨਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਮਨੁੱਖ ਨੂੰ ਜਾਤ-ਪਾਤ, ਊਚ-ਨੀਚ, ਸਮਾਜਿਕ ਵਿਤਕਰੇ ਅਤੇ ਹਰ ਤਰ੍ਹਾਂ ਦੀਆਂ ਵੰਡੀਆਂ ਤੋਂ ਉੱਪਰ ਉੱਠ ਕੇ ਬਰਾਬਰੀ, ਪ੍ਰੇਮ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਗੁਰਬਾਣੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਨੂੰ ਇਕ ਸਾਂਝੇ ਆਤਮਿਕ ਅਤੇ ਸਮਾਜਿਕ ਸੂਤਰ ਵਿਚ ਪ੍ਰੋਣ ਦਾ ਸੰਦੇਸ਼ ਦਿੰਦੀ ਹੈ। ਭਗਤ ਜੀ ਵੱਲੋਂ ਦਰਸਾਇਆ ਗਿਆ ਬੇਗਮਪੁਰਾ ਦਾ ਸੰਕਲਪ ਇਕ ਅਜਿਹੇ ਸਮਾਜ ਦੀ ਕਲਪਨਾ ਹੈ, ਜਿੱਥੇ ਕਿਸੇ ਨਾਲ ਕੋਈ ਵਿਤਕਰਾ ਨਾ ਹੋਵੇ ਅਤੇ ਹਰ ਮਨੁੱਖ ਨੂੰ ਬਰਾਬਰ ਦੇ ਮਾਣ-ਸਤਿਕਾਰ ਨਾਲ ਜੀਵਨ ਜਿਊਣ ਦਾ ਅਧਿਕਾਰ ਪ੍ਰਾਪਤ ਹੋਵੇ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੈਮੀਨਾਰਾਂ ਦੀ ਲੜੀ ਦੀ ਸ਼ੁਰੂਆਤ ਦਾ ਮੰਤਵ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ ਦੇ ਫ਼ਲਸਫ਼ੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੇ ਸਰਬਸਾਂਝੇ ਸੰਦੇਸ਼ ਦੀ ਵਰਤਮਾਨ ਸਮੇਂ ਵਿਚ ਪ੍ਰਸੰਗਿਕਤਾ ਨੂੰ ਉਜਾਗਰ ਕਰਨਾ ਹੈ।
ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਵੀ ਭਗਤ ਰਵਿਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਚੰਗੇ ਸਮਾਜ ਦੀ ਸਿਰਜਣਾ ਲਈ ਆਪਣੀ ਸਾਰਥਿਕ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।
ਿੲਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸੁਰਿੰਦਰ ਸਿੰਘ ਭੁਲੇਵਾਲ ਰਾਂਠਾਂ ਅਤੇ ਅੰਤਰਰਾਸ਼ਟਰੀ ਪ੍ਰਚਾਰਕ ਬਲਬੀਰ ਸਿੰਘ ਚੰਗਿਆੜਾ ਨੇ ਵੀ ਸੰਬੋਧਨ ਕੀਤਾ।ਵਿਸ਼ੇਸ਼ ਬੁਲਾਰੇ ਡਾ. ਪਰਮਜੀਤ ਕੌਰ ਮੁਖੀ ਧਰਮ ਅਧਿਐਨ ਵਿਭਾਗ ਗੁਰੂ ਤੇਗ ਬਹਾਦਰ ਜੀ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਅਤੇ ਡਾ. ਮੁਹੱਬਤ ਸਿੰਘ ਅਸਿਸਟੈਂਟ ਪ੍ਰੋਫੈਸਰ ਗੁਰੂ ਨਾਨਕ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਨੇ ‘ਭਗਤ ਰਵਿਦਾਸ ਜੀ : ਜੀਵਨ, ਬਾਣੀ ਤੇ ਸੰਦੇਸ਼’ ਸਬੰਧੀ ਆਪਣੇ ਖੋਜ ਭਰਪੂਰ ਪਰਚੇ ਪੜ੍ਹੇ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਹੀਰਾ ਨੇ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਡਾ. ਜੰਗਬਹਾਦਰ ਸਿੰਘ, ਮੈਂਬਰ ਸ.ਗੁਰਮੀਤ ਸਿੰਘ ਬੂਹ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਪ੍ਰੋਫੈਸਰ ਉਪਿੰਦਰ ਸਿੰਘ, ਸਤਪਾਲ ਸਿੰਘ, ਜੇ.ਪੀ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ …