ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਲਵੀ ਮਿਸ਼ਰਾ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼਼ ਸਮੀਖਿਆ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਜਨਗਣਨਾ ਦੀਆਂ ਤਿਆਰੀਆਂ, ਕਰਮਚਾਰੀਆਂ ਦੀ ਤਾਇਨਾਤੀ, ਸਿਖਲਾਈ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੇ ਕੰਮ ਲਈ ਤਾਇਨਾਤ ਕੀਤੇ ਗਏ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਿਯੁੱਕਤੀ ਪੱਤਰ ਅਤੇ ਪਛਾਣ ਪੱਤਰ ਵੰਡ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ 16 ਨਵੰਬਰ 2026 ਤੋਂ ਸਵੈ-ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਤਹਿਤ ਲੋਕ ਨਿਰਧਾਰਤ ਪੋਰਟਲ ਰਾਹੀਂ ਆਪਣੇ ਪਰਿਵਾਰ ਦੀ ਜਨਗਣਨਾ ਖੁਦ ਕਰ ਸਕਣਗੇ। ਸਵੈ-ਜਨਗਣਨਾ ਦੀ ਇਹ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 1 ਦਸੰਬਰ 2026 ਤੋਂ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜੋ 4 ਜਨਵਰੀ 2027 ਤੱਕ ਚੱਲੇਗਾ।ਇਸ ਕੰਮ ਲਈ ਤਾਇਨਾਤ ਸਾਰੇ ਕਰਮਚਾਰੀ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਘਰਾਂ ਦਾ ਦੌਰਾ ਕਰਨਗੇ ਅਤੇ ਜਨਗਣਨਾ ਸਬੰਧੀ ਜਾਣਕਾਰੀ ਇਕੱਤਰ ਕਰਨਗੇ।ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜਨਗਣਨਾ ਡਿਊਟੀ ਲਈ ਤਾਇਨਾਤ ਕਿਸੇ ਵੀ ਸਰਕਾਰੀ ਕਰਮਚਾਰੀ ਦੀ ਡਿਊਟੀ ਨਾ ਤਾਂ ਕੱਟੀ ਜਾਵੇਗੀ ਅਤੇ ਨਾ ਹੀ ਬਦਲੀ ਜਾਵੇਗੀ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਗਣਨਾ ਵਰਗੇ ਮਹੱਤਵਪੂਰਨ ਰਾਸ਼ਟਰੀ ਕਾਰਜ਼ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਗਣਨਾ ਡਿਊਟੀ ’ਤੇ ਤਾਇਨਾਤ ਅਧਿਕਾਰੀ ਅਤੇ ਕਰਮਚਾਰੀ ਬਿਨਾਂ ਅਗਾਊਂ ਪ੍ਰਵਾਨਗੀ ਤੋਂ ਛੁੱਟੀ ਨਾ ਲੈਣ ਅਤੇ ਨਿਰਧਾਰਤ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ।
ਉਨ੍ਹਾਂ ਕਿਹਾ ਕਿ ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕ ਭਲਾਈ ਨੀਤੀਆਂ ਦੀ ਯੋਜਨਾਬੰਦੀ ਲਈ ਅਹਿਮ ਆਧਾਰ ਬਣਦੇ ਹਨ।
ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਰਾਸ਼ਟਰੀ ਕਾਰਜ਼ ਵਿੱਚ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਸਵੈ-ਜਨਗਣਨਾ ਦੌਰਾਨ ਪੋਰਟਲ ਰਾਹੀਂ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਦਰਜ਼ ਕਰਨ ਅਤੇ ਘਰ-ਘਰ ਆਉਣ ਵਾਲੇ ਗਿਣਤੀਕਾਰਾਂ ਨੂੰ ਵੀ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਉਣ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਪ੍ਰਗਤੀ ਸੇਠੀ, ਐਸ.ਡੀ.ਐਮ ਅੰਮ੍ਰਿਤਸਰ ਗੁਰਮੰਦਰ ਸਿੰਘ, ਐਸ.ਡੀ.ਐਮ ਲੋਪੋਕੇ ਮਨਬੀਰ ਸਿੰਘ, ਐਸ.ਡੀ.ਐਮ ਮਜੀਠਾ ਸ਼ਿਵਮ ਕੁਮਾਰ, ਜਿਲ੍ਹਾ ਕੋਆਰਡੀਨੇਟਰ ਜਨਗਣਨਾ ਵਿਭਾਗ ਅਰਵਿੰਦ ਨੇਗੀ ਤੋਂ ਇਲਾਵਾ ਸਮੂਹ ਕਾਰਜਸਾਧਕ ਅਫ਼ਸਰ (ਈ.ਓਜ਼) ਹਾਜ਼ਰ ਸਨ।
Punjab Post Daily Online Newspaper & Print Media