ਬਾਬਾ ਬਕਾਲਾ ਸਾਹਿਬ, 13 ਨਵੰਬਰ (ਪੰਜਾਬ ਪੋਸਟ ਬਿਊਰੋ) – ਛੱਠ ਪੂਜਾ ਦਾ ਤਿਉਹਾਰ 15 ਅਤੇ 16 ਨਵੰਬਰ ਨੂੰ ਕਸਬਾ ਬਿਆਸ ਵਿਖੇ ਦਰਿਆ ਬਿਆਸ ਦੇ ਕੰਢੇ ਸਥਿਤ ਸ਼ਿਵ ਮੰਦਰ ਵਿਖੇ ਮਨਾਇਆ ਜਾਵੇਗਾ।ਇਸ ਤਿਉਹਾਰ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਉਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ ਸਾਹਿਬ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਤਿਉਹਾਰ ਦੀਆਂ ਤਿਆਰੀਆਂ ਸਬੰਧੀ ਅੱਜ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਸ੍ਰੀਮਤੀ ਪ੍ਰਗਤੀ ਸੇਠੀ ਵੱਲੋਂ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।ਜਿਸ ਦੌਰਾਨ ਉਨ੍ਹਾਂ ਨੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਲਿਸ ਵਿਭਾਗ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ, ਭੀੜ ਨੂੰ ਕੰਟਰੋਲ ਕਰਨ, ਟ੍ਰੈਫਿਕ ਅਤੇ ਪਾਰਕਿੰਗ ਦੇ ਸੁਚੱਜੇ ਪ੍ਰਬੰਧ ਕਰਨ ਅਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ।ਇਸ ਸਬੰਧੀ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ।ਉਨ੍ਹਾਂ ਸਿਹਤ ਵਿਭਾਗ ਨੂੰ ਐਂਬੂਲੈਂਸ, ਫਸਟ ਏਡ ਅਤੇ ਐਮਰਜੈਂਸੀ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਕਰਨ, ਫਾਇਰ ਬ੍ਰਿਗੇਡ ਨੂੰ ਅੱਗ ਬੁਝਾਊ ਗੱਡੀਆਂ ਅਤੇ ਲੋੜੀਂਦੇ ਉਪਕਰਨ ਤਾਇਨਾਤ ਕਰਨ ਅਤੇ ਸਿਵਲ ਡਿਫੈਂਸ ਤੇ ਬਚਾਅ ਟੀਮਾਂ ਨੂੰ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀਆਂ ਹਦਾਇਤਾਂ ਦਿੱਤੀਆਂ।
ਇਸੇ ਤਰ੍ਹਾਂ ਜਲ ਸਪਲਾਈ ਵਿਭਾਗ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਅਤੇ ਪਾਣੀ ਦੀ ਗੁਣਵੱਤਾ ਦੀ ਜਾਂਚ ਯਕੀਨੀ ਬਣਾਉਣ, ਬਿਜਲੀ ਵਿਭਾਗ ਨੂੰ ਬਿਜਲੀ ਦੀਆਂ ਤਾਰਾਂ ਅਤੇ ਆਰਜ਼ੀ ਕੁਨੈਕਸ਼ਨਾਂ ਦੀ ਸੁਰੱਖਿਆ ਜਾਂਚਣ ਅਤੇ ਲੋੜੀਂਦੀ ਰੌਸ਼ਨੀ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ।ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ਦੀ ਮੁਰੰਮਤ ਕਰਨ, ਰਸਤਿਆਂ ਵਿੱਚ ਆਉਣ ਵਾਲੀਆਂ ਰੁਕਾਵਟਾਂ ਦੂਰ ਕਰਨ ਅਤੇ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਪ੍ਰਸ਼ਾਸਨ ਵੱਲੋਂ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕਰਨ, ਮਹਿਲਾਵਾਂ ਲਈ ਕੱਪੜੇ ਬਦਲਣ ਵਾਸਤੇ ਵੱਖਰੇ ਕਮਰੇ ਬਣਾਉਣ, ਆਰਜ਼ੀ ਪਖਾਨੇ ਸਥਾਪਿਤ ਕਰਨ ਅਤੇ ਸੈਨੀਟੇਸ਼ਨ ਤੇ ਸਾਫ਼-ਸਫ਼ਾਈ ਦੇ ਢੁੱਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਛੱਠ ਪੂਜਾ ਸਥਾਨ ਵੱਲ ਜਾਣ ਵਾਲੇ ਰਸਤਿਆਂ `ਤੇ ਲੋੜੀਂਦੀ ਬੈਰੀਕੇਡਿੰਗ ਕੀਤੀ ਜਾਵੇਗੀ।ਐਮਰਜੈਂਸੀ ਵਾਹਨਾਂ ਲਈ ਆਉਣ-ਜਾਣ ਦੇ ਰਸਤੇ ਹਰ ਸਮੇਂ ਖੁੱਲ੍ਹੇ ਰੱਖੇ ਜਾਣਗੇ ਅਤੇ ਐਮਰਜੈਂਸੀ ਸੰਪਰਕ ਨੰਬਰਾਂ ਦਾ ਪ੍ਰਸਾਰਣ ਕੀਤਾ ਜਾਵੇਗਾ।ਛੱਠ ਪੂਜਾ ਦੀ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਸੁਰੱਖਿਆ ਨਿਯਮਾਂ ਦੀ ਪੂਰੀ ਪਾਲਣਾ ਕਰਨ ਅਤੇ ਦਰਿਆ ਦੇ ਡੂੰਘੇ ਪਾਣੀ ਵਿੱਚ ਬਿਲਕੁੱਲ ਨਾ ਜਾਣ।
Punjab Post Daily Online Newspaper & Print Media