Saturday, November 14, 2026

ਖ਼ਾਲਸਾ ਕਾਲਜ ਵਿਖੇ ਏ.ਆਈ ਦੇ ਦੌਰ ’ਚ ਸਿੱਖਿਆ ਵਿਸ਼ੇ ’ਤੇ ਲੈਕਚਰ ਕਰਵਾਇਆ

ਅੰਮਿ੍ਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਦੀ ਸਾਹਿਤ ਸਭਾ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ਼ ਰਾਸ਼ਟਰੀ ਸਿੱਖਿਆ ਦਿਵਸ ਨੂੰ ਸਮਰਪਿਤ ‘ਏ.ਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਦੇ ਦੌਰ ’ਚ ਸਿੱਖਿਆ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦੌਰਾਨ ਫੂਡ ਸਾਇੰਸ ਐਂਡ ਟੈਕਨਾਲੋਜੀ ਦੇ ਵਿਭਾਗ ਮੁਖੀ ਅਤੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਦੇ ਪ੍ਰਧਾਨ ਡਾ. ਗੁਰਸ਼ਰਨ ਕੌਰ ਨੇ ਮੁੱਖ ਮਹਿਮਾਨ ਅਤੇ ਕਾਲਜ ਦੇ ਰਜਿਸਟਰਾਰ ਡਾ. ਦੇਵਿੰਦਰ ਸਿੰਘ ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਪ੍ਰਿੰ: ਡਾ. ਰੰਧਾਵਾ ਨੇ ਪੰਜਾਬੀ ਵਿਭਾਗ ਮੁਖੀ ਡਾ. ਪਰਮਿੰਦਰ ਸਿੰਘ ਨਾਲ ਮਿਲ ਕੇ ਡਾ. ਗੁਰਸ਼ਰਨ ਕੌਰ ਅਤੇ ਡਾ. ਦੇਵਿੰਦਰ ਸਿੰਘ ਦਾ ਸਵਾਗਤ ਕਰਨ ਉਪਰੰਤ ਕਿਹਾ ਕਿ ਅੱਜ ਦੇ ਬਦਲਦੇ ਤਕਨੀਕੀ ਯੁੱਗ ’ਚ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਨਾਲ਼ ਜੋੜਨਾ ਸਮੇਂ ਦੀ ਮੁੱਖ ਲੋੜ ਹੈ।ਉਨ੍ਹਾਂ ਕਾਲਜ ਦੀ ਫੈਕਲਟੀ ਦੀ ਕਾਬਲੀਅਤ ਬਾਰੇ ਜਾਣੂ ਕਰਵਾਉਂਦਿਆਂ ਸਿੱਖਿਆ ਦੇ ਖੇਤਰ ’ਚ ਕਾਲਜ ਦੇ ਅਹਿਮ ਸਥਾਨ ਬਾਰੇ ਜਾਣਕਾਰੀ ਦਿੱੱਤੀ।ਉਨ੍ਹਾਂ ਸਿੱਖਿਆ ਦੇ ਖੇਤਰ ’ਚ ਏ.ਆਈ ਦੀ ਸਹੀ ਵਰਤੋਂ ਅਤੇ ਇਸ ’ਤੇ ਨਿਰਭਰ ਹੋਣ ਦੇ ਨੁਕਸਾਨ ਬਾਰੇ ਵਿਚਾਰ ਪੇਸ਼ ਕੀਤੇ।
ਡਾ. ਦੇਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਸਿੱਖਿਆ ਖੇਤਰ ’ਚ ਵਧ ਰਹੇ ਪ੍ਰਭਾਵ ਬਾਰੇ ਵਿਸਥਾਰ ’ਚ ਜਾਣਕਾਰੀ ਦੇਂਦਿਆਂ ਕਿਹਾ ਕਿ ਕਿਵੇਂ ਏ.ਆਈ ਟੂਲਜ਼ ਪੜ੍ਹਾਈ, ਖੋਜ-ਕਾਰਜ਼ ਅਤੇ ਭਾਸ਼ਾ ਦੇ ਵਿਕਾਸ ’ਚ ਮਦਦਗਾਰ ਸਾਬਤ ਹੋ ਸਕਦੇ ਹਨ।
ਉਨ੍ਹਾਂ ਪ੍ਰਸਿੱਧ ਵਿਦਵਾਨਾਂ ਦੀ ਉਦਾਹਰਣ ਅਤੇ ਵਿਚਾਰਾਂ ਦੇ ਮੱਦੇਨਜਰ ਸਿੱਖਿਆ ਦੇ ਖੇਤਰ ’ਚ ਅਧਿਆਪਕ ਦੀ ਭੂਮਿਕਾ ਤੋਂ ਜਾਣੂ ਕਰਵਾਇਆ।ਉਨ੍ਹਾਂ ਵਿਦਿਆਰਥੀਆਂ ਨੂੰ ਏ.ਆਈ ਯੁਗ ’ਚ ਅਧਿਆਪਕ ਦੀ ਨਿਗਰਾਨੀ ਹੇਠ ਵਿਚਰਨ ਅਤੇ ਸਿਸਟਮ ਬਦਲਣ ਲਈ ਅਕਲ ਤੋਂ ਹੀਣੇ ਹੋਣ ਦੀ ਜਗ੍ਹਾ ’ਤੇ ਸੁਚੇਤ ਰੂਪ ’ਚ ਗਿਆਨ ਇਕੱਤਰ ਕਰਨ ਦੀ ਗੱਲ ਕਹੀ।
ਡਾ. ਗੁਰਸ਼ਰਨ ਕੌਰ ਨੇ ਇਨੋਵੇਸ਼ਨ ਕੌਂਸਲ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਨਵੀਆਂ ਖੋਜ਼ਾਂ ਅਤੇ ਤਕਨੀਕੀ ਨਵੀਨਤਾਵਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ।ਡਾ. ਪਰਮਿੰਦਰ ਸਿੰਘ ਨੇ ਆਏ ਮੁੱਖ ਮਹਿਮਾਨ, ਅਤੇ ਹੋਰਨਾਂ ਦਾ ਧੰਂਵਾਦ ਕੀਤਾ।
 ਮੰਚ ਸੰਚਾਲਨ ਡਾ. ਹੀਰਾ ਸਿੰਘ ਨੇ ਕੀਤਾ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …