Sunday, November 15, 2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰੂ ਨਗਰੀ ਅੰਮ੍ਰਿਤਸਰ ‘ਚ ਵਿਸ਼ਾਲ ਬਾਈਕ ਰੈਲੀ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵਿਸ਼ਾਲ ਬਾਈਕ ਰੈਲੀ ਕੱਢੀ ਗਈ।ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋਈ ਇਸ ਰੈਲੀ ਵਿੱਚ 1000 ਤੋਂ ਵੱਧ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੰਕਲਪ ਲਿਆ।
ਇਹ ਰੈਲੀ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋ ਕੇ ਟ੍ਰਿਲੀਅਮ ਮਾਲ, ਮਜੀਠਾ ਰੋਡ, ਸੰਤ ਸਿੰਘ ਸੁੱਖਾ ਸਿੰਘ ਚੌਂਕ, ਨਾਵਲਟੀ ਚੌਂਕ, ਕ੍ਰਿਸਟਲ ਚੌਂਕ, ਭੰਡਾਰੀ ਪੁਲ, ਅਲਫਾ ਵਨ ਅਤੇ ਤਾਰਾਂ ਵਾਲੇ ਪੁਲ ਤੋਂ ਯੂ-ਟਰਨ ਲੈਂਦਿਆਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਰਿਆਲਟੋ ਚੌਂਕ ਅਤੇ ਕਚਹਿਰੀ ਚੌਂਕ ਰਾਹੀਂ ਵਾਪਸ ਦੁਸਹਿਰਾ ਗਰਾਊਂਡ ਵਿਖੇ ਪਹੁੰਚ ਕੇ ਸਮਾਪਤ ਹੋਈ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਕੀਮਤ ’ਤੇ ਨਸ਼ਿਆਂ ਦਾ ਕਾਰੋਬਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਵੱਡੀ ਲੋਕ ਲਹਿਰ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਸੂਬੇ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਲਈ ਹਰ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦਰ ਰਹਿ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਤਿਹਾਸਕ ਤੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਤੋਂ ਕੱਢੀ ਗਈ ਇਹ ਸ਼ੁਰੂਆਤ ਬਾਈਕ ਰੈਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੈਸਲਾਕੁੰਨ ਪੜਾਅ ਦੀ ਸ਼ੁਰੂਆਤ ਹੈ।ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ।ਇਹ ਲੜਾਈ ਕੇਵਲ ਨਸ਼ਾ ਤਸਕਰਾਂ ਵਿਰੁੱਧ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਜੀਵਨ, ਮਾਣ-ਸਨਮਾਨ ਅਤੇ ਭਵਿੱਖ ਦੀ ਰਾਖੀ ਲਈ ਹੈ।
ਵਿਧਾਇਕ ਅਟਾਰੀ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਵੱਡੀ ਗਿਣਤੀ ‘ਚ ਨੌਜਵਾਨਾਂ ਦੇ ਜੁੜਨ ਨਾਲ ਇਸ ਨੂੰ ਵੱਡੀ ਸਫਲਤਾ ਮਿਲੀ ਹੈ।
ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਇੰਚਾਰਜ਼ ਦੀਕਸ਼ਤ ਧਵਨ ਨੇ ਕਿਹਾ ਕਿ ਰੈਲੀ ਵਿੱਚ ਸ਼ਾਮਲ ਬਾਈਕਰ ਇਸ ਮੁਹਿੰਮ ਦੇ ਅੰਬੈਸਡਰ ਹਨ, ਜੋ ਆਪਣੇ ਇਸ ਉਪਰਾਲੇ ਰਾਹੀਂ ਸਮਾਜ ਦੀ ਸੇਵਾ ਕਰ ਰਹੇ ਹਨ।ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਵੱਧ ਚੜ੍ਹ ਕੇ ਯੋਗਦਾਨ ਪਾਉਣ।
ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਡਰੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਰੋਕਣ ਲਈ ਸਰਹੱਦੀ ਖੇਤਰਾਂ ਵਿੱਚ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਗਏ ਹਨ।

Check Also

ਗੁਰੂ ਨਗਰੀ ਅੰਮ੍ਰਿਤਸਰ ਵਿਖੇ 3 ਤੋਂ 7 ਦਸੰਬਰ ਤੱਕ ਲੱਗੇਗਾ 20ਵਾਂ ਪਾਈਟੈਕਸ ਮੇਲਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ 20ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ …