Sunday, November 15, 2026

ਗੁਰੂ ਨਗਰੀ ਅੰਮ੍ਰਿਤਸਰ ਵਿਖੇ 3 ਤੋਂ 7 ਦਸੰਬਰ ਤੱਕ ਲੱਗੇਗਾ 20ਵਾਂ ਪਾਈਟੈਕਸ ਮੇਲਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ 20ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ 3 ਤੋਂ 7 ਦਸੰਬਰ 2026 ਤੱਕ ਕਰਵਾਇਆ ਜਾਵੇਗਾ।ਇਸ ਪੰਜ ਰੋਜ਼ਾ ਮੇਲੇ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾਣ ਵਾਲਾ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਇਹ ਵਪਾਰਕ ਮੇਲਾ ਪੰਜਾਬ ਦੇ ਕਾਰੋਬਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਵਪਾਰਕ ਸਾਂਝ ਵਧਾਉਣ ਦਾ ਇੱਕ ਮਹੱਤਵਪੂਰਨ ਮੰਚ ਬਣ ਚੁੱਕਾ ਹੈ।
ਡਿਪਟੀ ਕਮਿਸ਼ਨਰ ਵੱਲੋਂ ਪਾਈਟੈਕਸ-2026 ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਵੱਲੋਂ ਆਪਣਾ ਇੱਕ ਨੋਡਲ ਅਫ਼ਸਰ ਨਾਮਜ਼ਦ ਕੀਤਾ ਜਾਵੇ, ਤਾਂ ਜੋ ਮੇਲੇ ਦੌਰਾਨ ਪ੍ਰਬੰਧਾਂ ਵਿੱਚ ਆਪਸੀ ਤਾਲਮੇਲ ਬਣਿਆ ਰਹੇ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨਾ ਸਿਰਫ਼ ਪੰਜਾਬ ਸਗੋਂ ਪੂਰੀ ਦੁਨੀਆ ਵਿੱਚ ਵਸਦੇ ਲੋਕਾਂ ਲਈ ਖਿੱਚ ਦਾ ਕੇਂਦਰ ਅਤੇ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਹੈ।
ਉਨ੍ਹਾਂ ਕਿਹਾ ਕਿ ਪਿੱਛਲੇ 19 ਸਾਲਾਂ ਦੌਰਾਨ ਪਾਈਟੈਕਸ ਨੇ ਦੇਸ਼-ਵਿਦੇਸ਼ ਦੇ ਕਾਰੋਬਾਰੀਆਂ ਨੂੰ ਇੱਕ ਸਾਂਝੇ ਮੰਚ ’ਤੇ ਲਿਆ ਕੇ ਆਪਣੀ ਵਿਲੱਖਣ ਪਛਾਣ ਬਣਾਈ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਲਵੀ ਮਿਸ਼ਰਾ, ਸਹਾਇਕ ਕਮਿਸ਼ਨਰ ਨਗਰ ਨਿਗਮ ਰਜਿੰਦਰ ਸ਼ਰਮਾ, ਉਦਯੋਗ ਵਿਭਾਗ ਤੋਂ ਗੁਰਇਕਬਾਲ ਸਿੰਘ, ਸੀ.ਏ ਕਮ ਕਨਵੀਨਰ ਜੈਦੀਪ ਸਿੰਘ, ਰੀਜ਼ਨਲ ਡਾਇਰੈਕਟਰ ਪੀ.ਐਚ.ਡੀ ਸ੍ਰੀਮਤੀ ਜਗਿਆਸਾ ਨਰੂਲਾ, ਹਰਦੀਪ ਸਿੰਘ, ਨਿਪੁਣ ਅਗਰਵਾਲ, ਸੁਮਿਤ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …