Monday, November 16, 2026

ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਅੱਜ ਦਾ ਦਿਹਾੜਾ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਇਤਿਹਾਸਕ ਮਹੱਤਵ ਵਾਲਾ ਹੈ, ਜਦੋਂ ਸਾਡੇ ਬਜ਼ੁਰਗਾਂ ਨੇ ਸੰਘਰਸ਼ ਅਤੇ ਘਾਲਣਾ ਕਰਕੇ ਅਥਾਹ ਕੁਰਬਾਨੀਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਸਥਾਪਤ ਕੀਤੀ ਸੀ।ਸਿੱਖਾਂ ਦੀ ਇਹ ਸਿਰਮੌਰ ਸੰਸਥਾ ਅੱਜ ਆਪਣੇ 106 ਸਾਲਾਂ ਦਾ ਸਫ਼ਰ ਪੂਰਾ ਕਰਕੇ 107ਵੇਂ ਸਾਲ ਵਿੱਚ ਪ੍ਰਵੇਸ਼ ਕਰ ਰਹੀ ਹੈ, ਜੋ ਵੱਡੇ ਮਾਣ ਵਾਲੀ ਗੱਲ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ।
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਸਿਰਫ਼ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਦਾ ਹੀ ਸੁਪਨਾ ਨਹੀਂ ਲਿਆ ਸੀ, ਸਗੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਘਰ-ਘਰ ਪਹੁੰਚਾਉਣ ਅਤੇ ਸਿੱਖ ਕੌਮ ਦੀ ਧਾਰਮਿਕ, ਸਮਾਜਿਕ ਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਦਾ ਵੀ ਸੰਕਲਪ ਲਿਆ ਸੀ।ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਸਾਡੀ ਵਿਰਾਸਤ ਹਨ ਅਤੇ ਇਨ੍ਹਾਂ ਦੀ ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਵਿਚ ਸੰਭਾਲ ਕਰਨਾ ਸਾਡੀ ਜਿੰਮੇਵਾਰੀ ਹੈ।ਗੁਰੂ ਦੇ ਦਰ ’ਤੇ ਸੇਵਾ ਮਿਲਣਾ ਵੱਡੇ ਮਾਣ ਦੀ ਗੱਲ ਹੈ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਕੁਰਬਾਨੀਆਂ ਕਰਨ ਵਾਲਿਆਂ ਦੀ ਭਾਵਨਾ ਨੂੰ ਧਿਆਨ ਵਿੱਚ ਰੱਖਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।ਉਨ੍ਹਾਂ ਆਖਿਆ ਕਿ ਇਹ ਮਹਾਨ ਸੰਸਥਾ ਸੇਵਾ ਅਤੇ ਰੁਜ਼ਗਾਰ ਦਾ ਸੁਮੇਲ ਬਣ ਕੇ ਹਜ਼ਾਰਾਂ ਪਰਿਵਾਰਾਂ ਦਾ ਸਹਾਰਾ ਬਣੀ ਹੋਈ ਹੈ।
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਸਾਂਝਾਂ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸਤਵਿੰਦਰ ਸਿੰਘ ਟੌਹੜਾ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ੁਸੁਪਰਡੈਂਟ ਨਿਸ਼ਾਨ ਸਿੰਘ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …