
ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜੂ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ।ਉਨ੍ਹਾਂ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਸਦਾ ਚੜ੍ਹਦੀ ਕਲਾ, ਦ੍ਰਿੜ੍ਹ ਵਿਸ਼ਵਾਸ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਹੈ।ਉਨ੍ਹਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਅਦੁੱਤੀ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦੇ ਬਜ਼ੁਰਗੀ ਵਾਲੇ ਪੜਾਅ ਵਿਚ ਵੀ ਸੰਤ-ਸਿਪਾਹੀ ਦੀ ਮਹਾਨ ਭੂਮਿਕਾ ਨਿਭਾਉਂਦਿਆਂ ਧਰਮ ਅਤੇ ਗੁਰੂ ਘਰ ਦੀ ਮਰਯਾਦਾ ਦੀ ਰਾਖੀ ਲਈ ਅਜਿਹੀ ਸ਼ਹਾਦਤ ਦਿੱਤੀ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਕਿਧਰੇ ਨਹੀਂ ਮਿਲਦੀ।
ਉਨ੍ਹਾਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਜਿਹਾ ਅਦੁੱਤੀ ਅਧਿਆਇ ਹੈ, ਜੋ ਹਰ ਸਿੱਖ ਦੇ ਹਿਰਦੇ ਵਿਚ ਧਰਮ, ਗੁਰੂ ਅਤੇ ਕੌਮ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਦਾ ਹੈ।ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਅਜਿਹੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਗੁਰਬਾਣੀ, ਗੁਰੂ ਘਰ ਦੀ ਮਰਯਾਦਾ ਅਤੇ ਸਿੱਖੀ ਸਿਧਾਂਤਾਂ ਨਾਲ ਜੁੜੀਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਹੈਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media