ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਅਮਰਜੀਤ ਸਿੰਘ ਦੁਸਾਂਝ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ (ਇਨ-ਸੀਟੂ ਮੈਨੇਜਮੈਂਟ) ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹੇ ‘ਚ ਕਣਕ ਦੀ ਸਿੱਧੀ ਬਿਜ਼ਾਈ ਸਬੰਧੀ ਕਿਸਾਨਾਂ ਦੇ ਖੇਤਾਂ ਵਿੱਚ ਪ੍ਰਦਰਸ਼ਨੀ ਪਲਾਂਟ ਲਗਾਏ ਜਾ ਰਹੇ ਹਨ।ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੁਸਾਂਝ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੀ.ਆਰ.ਐਮ.ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ ਆਦਿ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ `ਤੇ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਵਿੱਚ ਬਹੁਤ ਲਾਹੇਵੰਦ ਸਾਬਤ ਹੋ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਸੁਪਰ ਸੀਡਰ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਵਾਲੇ ਖੇਤਾਂ ਵਿੱਚ ਬਿਨਾਂ ਪਰਾਲੀ ਸਾੜੇ ਕਣਕ ਦੀ ਸਿੱਧੀ ਬਿਜ਼ਾਈ ਕੀਤੀ ਜਾ ਸਕਦੀ ਹੈ।ਇਸ ਮਸ਼ੀਨ ਨਾਲ ਪਰਾਲੀ ਦੀ ਰਹਿੰਦ-ਖੂੰਹਦ ਖੇਤ ਵਿੱਚ ਹੀ ਮਿੱਟੀ ‘ਚ ਮਿਲ ਜਾਂਦੀ ਹੈ, ਜੋ ਗਲਣ-ਸੜਨ ਉਪਰੰਤ ਮਿੱਟੀ ਵਿੱਚ ਜੈਵਿਕ ਮਾਦੇ ਅਤੇ ਪੋਸ਼ਟਿਕ ਤੱਤਾਂ ਦਾ ਵਾਧਾ ਕਰਨ ਵਿੱਚ ਸਹਾਇਕ ਹੁੰਦੀ ਹੈ
ਬਲਾਕ ਖੇਤੀਬਾੜੀ ਅਫ਼ਸਰ ਮਜੀਠਾ ਹਰਭਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ, ਕਿਉਂਕਿ ਇਸ ਨਾਲ ਵਾਤਾਵਰਣ ਵਿੱਚ ਹਾਨੀਕਾਰਕ ਗੈਸਾਂ ਅਤੇ ਧੂਆਂ ਫੈਲਦਾ ਹੈ।ਹਵਾ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ `ਤੇ ਵੀ ਮਾੜਾ ਅਸਰ ਪੈਂਦਾ ਹੈ।ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜ਼ੂਦ ਜ਼ਰੂਰੀ ਪੌਸ਼ਟਿਕ ਤੱਤਾਂ ਦੇ ਨਾਲ-ਨਾਲ ਲਾਹੇਵੰਦ ਸੂਖਮ ਜੀਵ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜ਼ਾਏ ਖੇਤੀਬਾੜੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ।
ਇਸ ਮੌਕੇ ਖੇਤੀਬਾੜੀ ਅਧਿਕਾਰੀ ਹਰਜਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਸ਼ਰਨਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਕਰਮਜੀਤ ਸਿੰਘ ਤੇ ਤਿਲਕ ਰਾਜ, ਖੇਤੀਬਾੜੀ ਸਬ-ਇੰਸਪੈਕਟਰ ਨਿਰਮਲ ਸਿੰਘ, ਬਖ਼ਸ਼ਦੇਵ ਸਿੰਘ ਕੋਟਲਾ ਖੁਰਦ ਸਮੇਤ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ।
Punjab Post Daily Online Newspaper & Print Media