Wednesday, November 18, 2026

ਚੀਗ਼ ਖਾਲਸਾ ਦੀਵਾਨ ਵੱਲੋਂ ਤਿੰਨ ਦਿਨਾ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ 19 ਨਵੰਬਰ ਤੋਂ

ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਾਕੇ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਟਾਲਾ ਵਿਖੇ 19 ਨਵੰਬਰ ਤੋਂ ਤਿੰਨ ਦਿਨਾ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਰਮਣੀਕ ਸਿੰਘ ਨੇ ਪ੍ਰੈੈਸ ਕਾਨਫਰੰਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 17 ਨਵੰਬਰ 2026 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਟਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤਾ ਜਾਵੇੇਗਾ, ਭੋਗ ਕਾਨਫਰੰਸ ਦੇ ਪਹਿਲੇ ਦਿਨ 19 ਨਵੰਬਰ 2026 ਨੂੰ ਪਾਇਆ ਜਾਵੇਗਾ।ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰੂ ਨਾਨਕ ਕਾਲਜ ਬਟਾਲਾ ਤੋਂ ਨਗਰ ਕੀਰਤਨ ਆਰੰਭ ਹੋ ਕੇ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਤੋਂ ਹੁੰਦਿਆਂ ਹੋਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਟਾਲਾ ਵਿਖੇ ਸਮਾਪਤ ਹੋਵੇਗਾ।ਜਿਥੇ ਨਿਸ਼ਾਨ ਸਾਹਿਬ ਝੁਲਾਉਣ ਦੀ ਰਸਮ ਕੀਤੀ ਜਾਵੇਗੀ।
ਦੁਪਹਿਰ ਵਿਗਿਆਨ, ਚਿੱਤਰਕਾਰੀ, ਸਿੱਖ ਵਿਰਸਾ, ਤੰਤੀ ਸਾਜ਼/ਸ਼ਸ਼ਤਰ, ਕਿਤਾਬਾਂ ਆਦਿ ਨਾਲ ਸਬੰਧਤ ਪ੍ਰਦਰਸ਼ਨੀਆਂ ਦਾ ਉਦਘਾਟਨ ਕਰਨ ਉਪਰੰਤ ਦੁਪਹਿਰ 1:30 ਤੋ ਸ਼ਾਮ 3:30 ਵਜੇ ਤੱਕ ਆਯੋਜਿਤ ਕੀਰਤਨ ਦਰਬਾਰ ਵਿੱਚ ਪ੍ਰਸਿੱਧ ਰਾਗੀ ਜੱਥੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਕਾਨਫਰੰਸ ਦੇ ਦੂਸਰੇ ਦਿਨ 20 ਨਵੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵੱਖ-ਵੱਖ ਵਿਸ਼ਿਆਂ ‘ਤੇ ਸੈਮੀਨਾਰ ਕਰਵਾਏ ਜਾਣਗੇੇ। ਇਸੇ ਦਿਨ ਸ਼ਾਮ 5:30 ਤੋਂ 7:30 ਵਜੇ ਤੱਕ ਧਾਰਮਿਕ ਲਾਈਟ ਐਂਡ ਸਾਊਂਡ ਸ਼ੋਅ ਹੋਵੇਗਾ।ਕਾਨਫਰੰਸ ਦੇ ਤੀਸਰੇ ਦਿਨ 21 ਨਵੰਬਰ ਨੂੰ ਵੱਡੇ ਪੱਧਰ ‘ਤੇ ਸਨਮਾਨ ਸਮਾਰੋਹ ਦੌਰਾਨ ਉੱਘੀਆਂ ਸ਼ਖਸੀਅਤਾਂ ਦੇ ਸਨਮਾਨ ਦੇ ਨਾਲ-ਨਾਲ ਐਜੂਕੇਸ਼ਨਲ ਕਮੇਟੀ ਦੀ ਰਿਪੋਰਟ ਪੜ੍ਹੀ ਜਾਵੇਗੀ ਅਤੇ ਕਾਨਫਰੰਸ ਨੂੰ ਸਮਰਪਿਤ ਸੋਵੀਨਰ ਰੀਲੀਜ਼ ਕੀਤਾ ਜਾਵੇਗਾ।ਕਾਨਫਰੰਸ ਦੇ ਪਾਸ ਹੋਏ ਮੱਤੇ ਪੜ੍ਹੇ ਜਾਣਗੇ ਅਤੇ ਅਗਲੀ ਕਾਨਫਰੰਸ ਦੀ ਮੰਗ ਅਤੇ ਕੌਮੀ ਫੰਡ ਲਈ ਅਪੀਲ ਕੀਤੀ ਜਾਵੇਗੀ।ਤਿੰਨੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ/ਸੁਆਗਤੀ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ ਸੇਠੀ ਅਤੇ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਡਾ. ਸਰਬਜੀਤ ਸਿੰਘ ਛੀਨਾ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਦੀਵਾਨ ਦੀ ਸ਼ਾਨਾਮਤੀ ਵਿੱਦਿਅਕ ਵਿਰਾਸਤ, ਸਿੱਖੀ ਸਿੱਖਿਆ ਦੇ ਪ੍ਰਸਾਰ ਅਤੇ ਪੰਥਕ ਸੇਵਾਵਾਂ ਦੀ ਲੰਬੀ ਪਰੰਪਰਾ ਦਾ ਪ੍ਰਤੀਕ ਹੈ।ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਾਕੇ ਨੂੰ ਸਮਰਪਿਤ ਇਹ ਕਾਨਫਰੰਸ ਨਵੀਂ ਪੀੜ੍ਹੀ ਨੂੰ ਆਧੁਨਿਕ ਸਾਧਨਾਂ ਰਾਹੀਂ ਗਿਆਨ ਦੀ ਰੌਸ਼ਨੀ ਵਿੱਚ ਗੁਰੂ ਸਾਹਿਬਾਨ ਦੀ ਮਹਾਨ ਕੁਰਬਾਨੀ, ਸਿੱਖਿਆ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨਾਲ ਜੋੜਣ ਦਾ ਇਕ ਅਹਿਮ ਉਪਰਾਲਾ ਹੈ।
ਦੀਵਾਨ ਦੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਸਮੇਤ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਮੂਹ ਸੰਗਤ, ਵਿੱਦਿਅਕ, ਧਾਰਮਿਕ, ਸਮਾਜਿਕ ਸੰਸਥਾਵਾਂ, ਸ਼ਹਿਰ ਵਾਸੀਆਂ ਨੂੰ ਇਸ ਇਤਿਹਾਸਕ ਵਿੱਦਿਅਕ ਕਾਨਫਰੰਸ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ।
ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ/ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਹਰਵਿੰਦਰਪਾਲ ਸਿੰਘ ਚੁੱਘ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. ਆਨਰੇਰੀ ਸਕੱਤਰ ਹਰਜੀਤ ਸਿੰਘ, ਮੈਂਬਰ ਚੀਫ਼ ਖ਼ਾਲਸਾ ਦੀਵਾਨ ਡਾ. ਆਤਮਜੀਤ ਸਿੰਘ ਬਸਰਾ ਆਦਿ ਹਾਜ਼ਰ ਸਨ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …