
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਇਸ ਸਬੰਧ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।
ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ।ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ।ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ।ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਫੁੰਮਣ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਯੁਵਰਾਜ ਸਿੰਘ, ਜਸਬੀਰ ਸਿੰਘ, ਰਵਿੰਦਰਜੀਤ ਸਿੰਘ, ਗੁਰਵਿੰਦਰ ਸਿੰਘ ਭੋਮਾਂ ਤੇ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media