ਮਜੀਠੀਆ, ਛੀਨਾ ਨੇ ਵੰਡੀਆਂ 1497 ਦੇ ਕਰੀਬ ਡਿਗਰੀਆਂ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸੈਸ਼ਨ 2024-25 ਦੀਆਂ ਅੰਡਰ ਅਤੇ ਪੋਸਟ-ਗਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਲਈ 120ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਖਾਲਸਾ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਵਿਸ਼ੇਸ਼ ਮਹਿਮਾਨ ਉਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ 1497 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀ ਪ੍ਰਦਾਨ ਕੀਤੀਆਂ।
ਮਜੀਠੀਆ ਨੇ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ’ਚ ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ) ਨੇ ਸਾਡੇ ਜੀਵਨ, ਸਿੱਖਿਆ ਅਤੇ ਕੰਮ ਕਰਨ ਦੇ ਤਰੀਕਿਆਂ ਨੂੰ ਕਾਫ਼ੀ ਆਸਾਨ ਬਣਾ ਦਿੱਤਾ ਹੈ।ਇਸ ਦੀ ਸਹੀ ਵਰਤੋਂ ਨਾਲ ਅਸੀਂ ਸਮੇਂ ਦੀ ਬੱਚਤ ਕਰ ਸਕਦੇ ਹਾਂ ਅਤੇ ਨਵੀਆਂ ਜਾਣਕਾਰੀਆਂ ਹਾਸਲ ਕਰ ਸਕਦੇ ਹਾਂ।
ਮਜੀਠੀਆ ਨੇ ਕਿਹਾ ਕਿ ਸਾਨੂੰ ਏਆਈ ਦੀ ਵਰਤੋਂ ਕਰਦੇ ਹੋਏ ਆਪਣੇ ਦਿਮਾਗ, ਸੋਚਣ ਦੀ ਸਮਰੱਥਾ, ਰਚਨਾਤਮਕਤਾ ਅਤੇ ਨਿੱਜੀ ਹੁਨਰਾਂ ਨੂੰ ਵੀ ਵਿਕਸਿਤ ਕਰਨਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਡਿਗਰੀ ਪ੍ਰਾਪਤ ਕਰਨਾ ਵਿਦਿਆਰਥੀਆਂ ਦੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਪੜਾਅ ਹੈ, ਪਰ ਇਹ ਉਨ੍ਹਾਂ ਦੇ ਭਵਿੱਖ ਦੇ ਸਫ਼ਰ ਦੀ ਸ਼ੁਰੂਆਤ ਵੀ ਹੈ।
ਸ: ਛੀਨਾ ਨੇ ਕਿਹਾ ਕਿ ਖਾਲਸਾ ਕਾਲਜ ਆਪਣੀ ਸਥਾਪਨਾ ਤੋਂ ਹੀ ਸਿੱਖਿਆ, ਨੈਤਿਕ ਕਦਰਾਂ-ਕੀਮਤਾਂ, ਸੱਭਿਆਚਾਰ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਦਾ ਆ ਰਿਹਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ ਅਤੇ ਦੇਸ਼ ਦੇ ਵਿਕਾਸ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਕਾਲਜ ਨੇ ਆਪਣੀ ਲੰਮੀ ਅਤੇ ਗੌਰਵਮਈ ਵਿਰਾਸਤ ਰਾਹੀਂ ਸਿੱਖਿਆ ਦੇ ਖੇਤਰ ’ਚ ਵਿਲੱਖਣ ਪਛਾਣ ਬਣਾਈ ਹੈ ਅਤੇ ਸਮੇਂ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਨਵੀਆਂ ਸੰਭਾਵਨਾਵਾਂ ਨਾਲ ਜੋੜਿਆ ਹੈ।

ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਯੁੱਗ ’ਚ ਸਿੱਖਿਆ ਦਾ ਉਦੇਸ਼ ਕੇਵਲ ਡਿਗਰੀ ਪ੍ਰਾਪਤ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ’ਚ ਗਿਆਨ, ਹੁਨਰ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ।
ਡਾ. ਰੰਧਾਵਾ ਵੱਲੋਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ, ਜਿਸ ਵਿੱਚ ਕਾਲਜ ਦੀਆਂ ਅਕਾਦਮਿਕ, ਖੇਡਾਂ, ਸੱਭਿਆਚਾਰਕ, ਖੋਜ਼ ਅਤੇ ਹੋਰ ਖੇਤਰਾਂ ’ਚ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ।ਉਨ੍ਹਾਂ ਕਾਲਜ ਦੇ ਇਤਿਹਾਸ, ਸੰਸਥਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਸਬੰਧੀ ਵੀ ਗੱਲਬਾਤ ਕੀਤੀ।ਵੱਖ-ਵੱਖ ਖੇਤਰਾਂ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਤਕਸੀਮ ਕਰਨ ਉਪਰੰਤ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ।
ਇਸ ਮੌਕੇ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਐਗਜਾਮੀਨੇਸ਼ਨ ਕੰਟਰੋਲ ਡਾ. ਕੰਵਲਜੀਤ ਸਿੰਘ, ਰਿਸਰਚ ਡਾ. ਆਰ.ਕੇ ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਸੰਤੋਖ ਸਿੰਘ ਸੇਠੀ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਪ੍ਰਿੰਸੀਪਲ ਡਾ. ਮਨਦੀਪ ਕੌਰ, ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਆਦਿ ਹਾਜ਼ਰ ਸਨ।
Punjab Post Daily Online Newspaper & Print Media