ਅਕਾਲੀ-ਭਾਜਪਾ ਸਰਕਾਰ ਨੇ ਰਾਜ ਦੇ ਵਿਕਾਸ ਲਈ ਇਤਿਹਾਸਿਕ ਕਦਮ ਚੁੱਕੇ
ਫਾਜ਼ਿਲਕਾ, 26 ਜਨਵਰੀ (ਵਿਨੀਤ ਅਰੋੜਾ) – 66ਵੇਂ ਗਣਤੰਤਰਤਾ ਦਿਵਸ ਦੇ ਸਬੰਧ ਵਿਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਵਿਚ ਪੰਜਾਬ ਦੇ ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਮੁੱਖ ਮਹਿਮਾਣ ਵੱਜੋ ਸ਼ਿਰਕਤ ਕੀਤੀ । ਸ਼੍ਰੀ ਜਿਆਣੀ ਨੇ 66ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਅਦੁੱਤੀ ਕੁਰਬਾਣੀਆਂ ਸਦਕਾ ਹੀ ਅਸੀਂ ਅਜਾਦੀ ਦਾ ਨਿੱਘ ਮਾਣ ਰਹੇ ਹਾਂ । ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹੀ ਭਾਰਤ ਨੂੰ ਆਪਣਾ ਲਿਖਤੀ ਸਵਿਧਾਨ ਮਿਲਿਆ ਤੇ ਸਾਡੇ ਸੰਵਿਧਾਨ ਮੁਤਾਬਿਕ ਦੇਸ਼ ਨੂੰ ਸੰਘੀ ਗਣਰਾਜ ਐਲਾਨਿਆ ਗਿਆ ।
ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਮਹਾਨ ਅਜਾਦੀ ਪਰਵਾਨਿਆਂ ਵੱਲੋਂ ਆਜਾਦੀ ਤੋਂ ਪਹਿਲਾਂ ਜਿਹੜੇ ਸੁਪਨੇ ਲਏ ਗਏ ਸਨ, ਉਹ ਹਾਲੇ ਪੂਰੇ ਕੀਤੇ ਜਾਣੇ ਬਾਕੀ ਹਨ ਪ੍ਰੰਤੂ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੀ ਸਰਕਾਰ ਰਾਜ ਵਿੱਚ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਦ੍ਰਿੜ ਇਰਾਦੇ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੁੱਚੇ ਰਾਜ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਤੇ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਵੱਲੋਂ ਪਿਛਲੇ ਅੱਠ ਸਾਲਾਂ ਵਿਚ ਪੰਜਾਬ ਨੂੰ ਵਿਕਾਸ ਪੱਖੋ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲਦੀ ਹੀ ਫਾਜਿਲਕਾ ਦੇ ਪਿੰਡ ਜੱਟਵਾਲੀ (ਰਾਮ ਨਗਰ) ਵਿਖੇ 45 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਹਸਪਤਾਲ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਮਾਲਵਾ ਖੇਤਰ ਦੇ ਕੈਂਸਰ ਰੋਗੀਆਂ ਨੂੰ ਇਲਾਜ ਸਬੰਧੀ ਵੱਡੀ ਸਹੂਲਤ ਮਿਲੇਗੀ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਸ਼੍ਰੀ ਜਿਆਣੀ ਨੇ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ., ਅਤੇ ਐਸ.ਐਸ.ਪੀ ਸ਼੍ਰੀ ਸਵਪਨ ਸ਼ਰਮਾ ਆਈ.ਪੀ.ਐਸ. ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਚੋ.ਸੁਰਜੀਤ ਕੁਮਾਰ ਜਿਆਣੀ ਨੇ ਭਾਰਤੀ ਫੌਜ ਦੇ ਜੰਗੀ ਸ਼ਹੀਦਾਂ ਦੀ ਯਾਦਗਾਰ ਆਸਫ਼ਵਾਲਾ ਸ਼ਹੀਦਾਂ ਦੀ ਸਮਾਧ ਵਿਖੇ ਜਾ ਕੇ ਸ਼ਹੀਦੀ ਸਮਾਰਕ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਸਮੂਚੀ ਪਰੇਡ ਦੀ ਅਗਵਾਈ ਡੀ.ਐਸ.ਪੀ. ਬਲਜੀਤ ਸਿੰਘ ਵੱਲੋਂ ਕੀਤੀ ਗਈ ਅਤੇ ਪਰੇਡ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮਗਾਰਡ, ਫੋਜ ਦੇ ਬੈਂਡ, ਐਨ.ਸੀ.ਸੀ. ਦੇ ਕੈਡਿਟਾਂ ਅਤੇ ਸਕਾਉਟ ਅਤੇ ਗਾਇਡ ਨੇ ਹਿੱਸਾ ਲਿਆ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋ ਅਤੇ ਸਰਕਾਰੀ ਸੈਕੰਡਰੀ ਸਕੂਲ ਡੱਬਵਾਲਾ ਕਲਾਂ, ਡੀ.ਏ.ਵੀ. ਸਕੂਲ ਪੈਂਚਾਵਾਲੀ, ਟੀਚਰ ਕਲੱਬ ਅਰਨੀਵਾਲਾ, ਮਾਲਵਾ ਪਬਲਿਕ ਸਕੂਲ ਚਵਾੜਿਆਂ ਵਾਲੀ ਅਤੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਫਾਜਿਲਕਾ ਨੂੰ ਰੰਗਾ ਰੰਗ ਸੱਭਿਆਚਾਰ ਅਤੇ ਦੇਸ਼ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ । ਵੱਖ ਵੱਖ ਵਿਭਾਗਾਂ ਵੱਲੋਂ ਜਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ । ਇਸ ਮੌਕੇ ਅਜਾਦੀ ਘੁਲਾਟੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਵੱਖ ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਖਿਡਾਰੀਆਂ, ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਵਿਦਿਆਰਥੀਆਂ ਆਦਿ ਨੂੰ ਵੀ ਸਨਮਾਨਤ ਕੀਤਾ ਗਿਆ । ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਬ ਡਵੀਜ਼ਨ ਅਬੋਹਰ ਲਈ ਬੁਲੈਰੋ ਐਂਬੂਲੈਂਸ ਨੂੰ ਸ਼੍ਰੀ ਜਿਆਣੀ ਵੱਲੋ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ । ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਲ, ਵਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ । ਮੁੱਖ ਮਹਿਮਾਨ ਚੋ. ਸੁਰਜੀਤ ਕੁਮਾਰ ਜਿਆਣੀ ਨੇ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਆਈਟਮਾਂ ਪੇਸ਼ ਕਰਨ ਵਾਲੀਆਂ ਸੰਸਥਾਵਾਂ ਨੂੰ 21-21 ਹਜਾਰ ਰੁਪਏ ਦੇਣ ਅਤੇ ਜਿਲ੍ਹੇ ਦੇ ਸਕੂਲਾਂ ਵਿਚ 27 ਜਨਵਰੀ ਦੀ ਛੁੱਟੀ ਦਾ ਵੀ ਐਲਾਨ ਕੀਤਾ । ਸਮਾਰੋਹ ਦੇ ਅੰਤ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਇਨ ਕੀਤਾ ਗਿਆ।
ਇਸ ਸਮਾਗਮ ਵਿਚ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਜੇ.ਪੀ.ਐਸ. ਖੁਰਮੀ, ਡਾ. ਕਰਨਜੀਤ ਸਿੰਘ ਡਾਇਰੈਕਟਰ ਸਿਹਤ ਵਿਭਾਗ, ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ, ਸ਼੍ਰੀ ਸੁਭਾਸ਼ ਖਟਕ ਐਸ.ਡੀ.ਐਮ., ਸਹਾਇਕ ਕਮਿਸ਼ਨਰ ਸ. ਕੁਲਪ੍ਰੀਤ ਸਿੰਘ, ਸ. ਪਰਮਜੀਤ ਸਿੰਘ ਸਹੋਤਾ ਜਿਲ੍ਹਾ ਮਾਲ ਅਫਸਰ, ਸ਼੍ਰੀ ਮੁਕੰਦ ਸਿੰਘ ਮੱਲੀ ਐਸ.ਪੀ (ਐਚ), ਸ਼੍ਰੀ ਡੀ.ਪੀ.ਪਾਂਡੇ ਤਹਿਸੀਲਦਾਰ, ਭਾਰਤੀ ਫੋਜ, ਬੀ.ਐਸ.ਐਫ. ਅਤੇ ਜੁਡੀਸ਼ਰੀ ਦੇ ਅਧਿਕਾਰੀਆਂ ਤੋਂ ਇਲਾਵਾ ਸ. ਸੁਖਦੀਪ ਸਿੰਘ ਬੱਲ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.), ਸ਼੍ਰੀ ਹਰੀ ਚੰਦ ਕੰਬੋਜ ਡੀ.ਈ.ਓ.(ਐ.), ਸ. ਗੁਰਪਾਲ ਸਿੰਘ ਗਰੇਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫਾਜਿਲਕਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਰਾਜਨੀਤਿਕ ਆਗੂ ਅਤੇ ਜ਼ਿਲ੍ਹਾ ਨਿਵਾਸੀਆ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।