Saturday, October 10, 2026

ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪਾਈਆਂ ਜਾ ਸਕਣਗੀਆਂ ਵੋਟਾਂ

ਨਗਰ ਨਿਗਮ ਚੋਣਾਂ ਵਿੱਚ 2 ਲੱਖ 3 ਹਜ਼ਾਰ 75 ਵੋਟਰ ਕਰਨਗੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ

ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤਾਂ ਬਠਿੰਡਾ ਦੀਆਂ 22 ਅਤੇ 25 ਫਰਵਰੀ ਨੂੰ ਹੋ ਰਹੀਆਂ ਆਮ ਚੋਣਾਂ ਲਈ ਪੋਲਿੰਗ ਦੇ ਸਮੇਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਇਨ੍ਹਾਂ ਚੋਣਾਂ ਦੌਰਾਨ ਈ.ਵੀ.ਐਮ. ਮਸ਼ੀਨਾਂ ਵਿਚ ਨੋਟਾ ਦਾ ਬਟਨ ਇਸਤੇਮਾਲ ਨਹੀਂ ਹੋਵੇਗਾ।ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਨਗਰ ਨਿਗਮ ਦੀਆਂ 22 ਫਰਵਰੀ ਪੈਣ ਵਾਲੀਆਂ ਵੋਟਾਂ ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬਠਿੰਡਾ ਨਗਰ ਨਿਗਮ ਦੇ 50 ਵਾਰਡਾਂ ਵਿਚ ਹੋ ਰਹੀਆਂ ਚੋਣਾਂ ਲਈ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 176 ਪੋਲਿੰਗ ਪਾਰਟੀਆਂ ਸਬੰਧਿਤ ਰਿਟਰਨਿੰਗ ਅਫ਼ਸਰਾਂ ਦੀ ਅਗਵਾਈ ਵਿਚ ਅੱਜ 176 ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਵੋਟਾਂ ਵਿਚ 2 ਲੱਖ 3 ਹਜ਼ਾਰ 75 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿਚ 1 ਲੱਖ 6 ਹਜ਼ਾਰ 860 ਪੁਰਸ਼ ਵੋਟਰ ਸ਼ਾਮਿਲ ਹਨ ਜਦਕਿ 96 ਹਜ਼ਾਰ 215 ਇਸਤਰੀ ਵੋਟਰ ਸ਼ਾਮਿਲ ਹਨ।ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 26 ਫਰਵਰੀ ਨੂੰ ਨਗਰ ਨਿਗਮ ਦੀਆਂ ਪਈਆਂ ਵੋਟਾਂ ਦੀ ਗਿਣਤੀ ਪੋਲੀਟੈਕਨਿਕ ਕਾਲਜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ 50 ਵਾਰਡਾਂ ਵਿਚ ਜਨਰਲ ਸ਼੍ਰੇਣੀ ਲਈ 23, ਇਸਤਰੀ ਸ਼੍ਰੇਣੀ ਲਈ 13, ਐਸ.ਸੀ. ਲਈ 8, ਐਸ.ਸੀ (ਇਸਤਰੀ) ਲਈ 4 ਅਤੇ ਬੀ.ਸੀ. ਸ਼੍ਰੇਣੀ ਲਈ 2 ਵਾਰਡ ਰਾਖਵੇਂ ਰੱਖੇ ਗਏ ਹਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply