
ਬਠਿੰਡਾ, 8 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਪਾਉਣ ਅਤੇ ਜਨਤਾ ਨੂੰ ਇਕੋ ਛੱਤ ਥੱਲੇ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਯਤਨਾਂ ਸਦਕਾ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਬਠਿੰਡਾ ਵਿਖੇ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਬਠਿੰਡਾ ਵਿਖੇ 13.16 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਜੋ 5 ਮੰਜ਼ਿਲਾ ਨਵੀਂ ਇਮਾਰਤ ਬਣਾਈ ਜਾ ਰਹੀ, ਉਸਦਾ ਨੀਂਹ ਪੱਥਰ ਉਪ ਮੁੱਖ ਮੰਤਰੀ, ਪੰਜਾਬ ਸੁਖਬੀਰ ਸਿੰਘ ਬਾਦਲ 9 ਮਾਰਚ ਨੂੰ ਰੱਖ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਪ੍ਰੀਤ ਸਿੰਘ ਮਲੂਕਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਵਿਖੇ ਬਣਨ ਵਾਲੀ ਨਵੀਂ ਇਮਾਰਤ ਦੀ ਕੁੱਲ ਲਾਗਤ13.16 ਕਰੋੜ ਰੁਪਏ ਹੋਵੇਗੀ ਅਤੇ ਇਸ ਇਮਾਰਤ ਨੂੰ ਡੇਢ ਸਾਲ ਵਿਚ ਹੀ ਲੋਕ ਨਿਰਮਾਣ ਵਿਭਾਗ ਦੀਆਂ ਸਪੈਸੀਫਿਕੇਸ਼ਨਾਂ ਮੁਤਾਬਿਕ ਮੁਕੰਮਲ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ ਦਾ ਉਦਘਾਟਨ ਉਪ ਮੁੱਖ ਮੰਤਰੀ, ਪੰਜਾਬ ਸ਼੍ਰੀ ਸੁਖਬੀਰ ਸਿੰਘ ਬਾਦਲ ਵਲੋਂ 9 ਮਾਰਚ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਨੀਂਹ ਪੱਥਰ ਰੱਖਣ ਤੋਂ ਬਾਅਦ ਉਪ ਮੁੱਖ ਮੰਤਰੀ ਬਠਿੰਡਾ ਵਿਖੇ ਚੱਲ ਰਹੇ ਖੇਤਰੀ ਸਰਸ ਮੇਲੇ ਵਿਚ ਵੀ ਸ਼ਿਰਕਤ ਕਰਨਗੇ ਅਤੇ ਮੇਲੇ ਦੀ ਸ਼ੋਭਾ ਵਧਾਉਣਗੇ।
ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੀ ਨਵੀਂ ਇਮਾਰਤ ਇਸ ਤਰ੍ਹਾਂ ਬਣਾਈ ਜਾਵੇਗੀ ਕਿ ਸਬੰਧਿਤ ਦਫ਼ਤਰਾਂ ਦੀਆਂ ਆਧੁਨਿਕ ਸਹੂਲਤਾਂ ਪੂਰੀਆਂ ਕਰਨ ਦੇ ਨਾਲ-ਨਾਲ ਇਸ ਸੰਸਥਾ ਨੂੰ ਵੱਧ ਤੋਂ ਵੱਧ ਆਮਦਨ ਦਾ ਜ਼ਰੀਆ ਵੀ ਬਣਾਇਆ ਜਾ ਸਕੇ, ਤਾਂ ਕਿ ਇਹ ਸੰਸਥਾ ਬਠਿੰਡਾ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਇਕ ਸਿਰਮੌਰ ਸੰਸਥਾ ਸਿੱਧ ਹੋ ਸਕੇ। ਉਨ੍ਹਾਂ ਦੱਸਿਆ ਕਿ ਵਾਹਨਾਂ ਲਈ ਸੈਮੀ ਬੇਸਮੈਂਟ ਪਾਰਕਿੰਗ, ਸ਼ਾਪਿੰਗ ਕੰਪਲੈਕਸ ਦੇ ਨਾਲ-ਨਾਲ ਲਿਫਟ, ਨੈਟਵਰਕਿੰਗ ਅਤੇ ਹੋਰ ਅਤਿ ਆਧੁਨਿਕ ਸਹੂਲਤਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਮਲੂਕਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦਾ ਇਮਾਰਤੀ ਕੰਪਲੈਕਸ ਉਸ ਸਮੇਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ 1969-70 ਵਿਚ ਬਣਾਇਆ ਗਿਆ ਸੀ, ਪਰ 45 ਸਾਲ ਤੋਂ ਵੱਧ ਸਮਾਂ ਗੁਜਰਨ ਕਾਰਨ ਇਹ ਇਮਾਰਤ ਆਧੁਨਿਕ ਸਹੂਲਤਾਂ ਨੂੰ ਪੂਰਿਆਂ ਨਹੀਂ ਕਰ ਰਹੀ ਸੀ, ਜਿਸ ਸਦਕਾ ਨਵੀਂ ਇਮਾਰਤ ਉਸਾਰੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਅਹਿਮ ਅੰਗ ਹੈ, ਜੋ ਜ਼ਿਲ੍ਹਾ ਪੱਧਰ ‘ਤੇ ਪੰਚਾਇਤੀ ਸੰਸਥਾਵਾਂ ਦੇ ਵਿਕਾਸ ਕਰਨ ਦਾ ਧੁਰਾ ਹੁੰਦੀ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਹੀ ਪੇਂਡੂ ਲੋਕਾਂ ਨੂੰ ਛੋਟੇ ਪੱਧਰ ‘ਤੇ ਸਵੈ-ਰੁਜ਼ਗਾਰ ਉਪਲਬੱਧ ਕਰਵਾਉਣ ਲਈ ਆਸਾਨ ਕਰਜ਼ੇ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੀ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਪ੍ਰੀਸ਼ਦ ਵਲੋਂ ਬਠਿੰਡਾ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
Punjab Post Daily Online Newspaper & Print Media