Thursday, June 25, 2026

55 ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾਣਗੀਆਂ ਡੀ. ਸੀ

PP1903201507

ਹੁਸ਼ਿਆਰਪੁਰ, 18 ਮਾਰਚ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਬੱਚਿਆਂ ਲਈ ਉਸਾਰੂ ਮਹੌਲ ਸਿਰਜਣ ਦੇ ਆਦੇਸ਼ ਨਾਲ ਜ਼ਿਲ੍ਹੇ ਅੰਦਰ 55 ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾਣਗੀਆਂ। ਵਿਕਾਸ ਕਾਰਜਾਂ ਦੇ ਜਾਇਜ਼ੇ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 55 ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਦੀ ਉਸਾਰੀ ਲਈ 1.26 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਸਮਾਜਿਕ, ਸਭਿਆਚਾਰਕ ਅਤੇ ਹੋਰ ਪੱਖਾਂ ਤੋਂ ਬੱਚਿਆਂ ਦੀ ਸਖਸ਼ੀਅਤ ਉਸਾਰੀ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਕਰਕੇ ਜ਼ਿਲ੍ਹੇ ਅੰਦਰ ਇਨ੍ਹਾਂ ਕੇਂਦਰਾਂ ਦੇ ਬੁਨਿਆਦੀ ਢਾਂਚੇ ‘ਚ ਮਜ਼ਬੂਤੀ ਆਉਣ ਨਾਲ ਉਸਾਰੂ ਨਤੀਜੇ ਸਾਹਮਣੇ ਆਉਣਗੇ। ਬਲਾਕ ਵਾਈਜ਼ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ-1, ਹੁਸ਼ਿਆਰਪੁਰ-2 ਅਤ ਹਾਜੀਪੁਰ ਬਲਾਕਾਂ ਦੇ 6-6 ਕੇਂਦਰਾਂ, ਮਾਹਿਲਪੁਰ, ਦਸੂਹਾ, ਭੂੰਗਾਂ, ਟਾਂਡਾ, ਤਲਵਾੜਾ ਤੇ ਮੁਕੇਰੀਆਂ ਦੇ 5-5 ਕੇਂਦਰਾਂ ਅਤੇ ਗੜ੍ਹਸ਼ੰਕਰ ਬਲਾਕ ਦੇ 7 ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਉਸਾਰੀਆਂ ਜਾ ਰਹੀਆਂ ਹਨ।ਜ਼ਿਲ੍ਹੇ ਅੰਦਰ ਮੁਕੰਮਲ ਹੋਏ ਅਤੇ ਚਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਮ ਪੀ ਲੈਡ ਸਕੀਮ ਤਹਿਤ ਖਰਚੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਮੁਹੱਈਆ ਕਰਵਾਏ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਸੜਕਾਂ ਨੂੰ ਅਪਗਰੇਡ ਅਤੇ ਚੌੜਿਆ ਕਰਨ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਕੰਢੀ ਖੇਤਰ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਤਹਿਤ ਵਰਤੇ ਗਏ ਫੰਡਾਂ ਸਬੰਧੀ ਸਬੰਧਤ ਅਧਿਕਾਰੀਆਂ ਪਾਸੋਂ ਵੇਰਵੇ ਲਏ ਗਏ। ਂਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਗੜ੍ਹਸ਼ੰਕਰ ਅਮਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੂਮਨਦੀਪ ਕੌਰ ਵੀ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply