Thursday, January 23, 2025

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

25011405

25011404

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਜਿਉਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਆਪਣੇ ਸਿਰ ਤੇ ਟਿਕਾਇਆ ਤਾਂ ਰਣਸਿੰਘੇ ਦੇ ਧੁੰਨ ,ਨਗਾਰੇ ਦੀਆਂ ਚੋਟਾਂ ਤੇ ਖਾਲਸਾਈ ਜੈਕਾਰਿਆਂ ਦੀ ਗੂੰਜ ਦਰਮਿਆਨ ਇਸ ਨਗਰ ਕੀਰਤਨ ਦਾ ਅਗਾਜ਼ ਹੋਇਆ ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਅੱਗੇ ਨਿਸ਼ਾਨਚੀ ,ਪੰਜ ਪਿਆਰੇ ਸਾਹਿਬਾਨ ਤੇ ਉਨ੍ਹਾ ਦੇ ਮਗਰ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਤੇ ਅਧਿਆਪਕ, ਸਕੂਲੀ ਬੈਂਡ, ਵੱਖ-ਵੱਖ ਗੱਤਕਾ ਪਾਰਟੀਆਂ, ਕੀਰਤਨੀ ਜਥੇ ,ਧਾਰਮਿਕ, ਰਾਜਸੀ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ “ਸਤਿਨਾਮ-ਵਾਹਿਗੁਰੂ” ਦਾ ਜਾਪ ਕਰਦੀਆਂ ਸਿੱਖ ਸੰਗਤਾਂ,ਥਾਂ ਥਾਂ ਫੁਲਾਂ ਦੀ ਵਰਖਾ ਅਦੁਭੁਤ ਨਜਾਰਾ ਪੇਸ਼ ਕਰ ਰਹੀਆਂ ਸਨ ।ਇਹ ਨਗਰ ਕੀਰਤਨ, ਸਰਾਂ ਗੁਰੂ ਰਾਮਦਾਸ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ  ਗਿਆਨੀ ਗੁਰਬਚਨ ਸਿੰਘ, ਸ.ਰੂਪ ਸਿੰਘ, ਸ.ਸਤਬੀਰ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ ਐਡੀ:ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਸੁਖਦੇਵ ਸਿੰਘ ਤਲਵੰਡੀ ਤੇ ਸ.ਗੁਰਬਚਨ ਸਿੰਘ ਮੀਤ ਸਕੱਤਰ, ਸ਼ਾਮਿਲ ਹੋਏ ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …

Leave a Reply