
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬੇ ਘੁਮਾਣ ਵਿਖੇ ਕਰਵਾਏ ਜਾ ਰਹੇ 88 ਵੇਂ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਵਿੱਚ ਸ਼ਮੂਲੀਅਤ ਕਰਨ ਲਈ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਤੋਂ ਨਾਨਕ ਸਾਈਂ ਫਾਊਂਡੇਸ਼ਨ ਦੇ ਚੇਅਰਮੈਨ ਸ੍ਰੀ ਪੰਡਾਰੀ ਨਾਥ ਬੋਕਾਰੇ ਦੀ ਅਗਵਾਈ ਹੇਠ ਅੰਮ੍ਰਿਤਸਰ ਪਹੁੰਚੀ ‘ਭਗਤ ਨਾਮਦੇਵ ਗ੍ਰੰਥ ਯਾਤਰਾ’ ਨੂੰ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਸਰਪ੍ਰਸਤ ਡਾ. ਐਸ.ਪੀ. ਸਿੰਘ ਓਬਰਾਏ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਕਸਬਾ ਘੁਮਾਣ ਲਈ ਰਵਾਨਾ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਪੰਡਾਰੀ ਨਾਥ ਬੋਕਾਰੇ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਮੁੱਚੇ ਸਿੱਖ ਭਾਈਚਾਰੇ ਵੱਲੋਂ ਪੰਜਾਬ ਅੰਦਰ ਵੱਖ-ਵੱਖ ਥਾਂਵਾਂ ਤੇ ਇਸ ਗ੍ਰੰਥ ਯਾਤਰਾ ਦੇ ਕੀਤੇ ਗਏ ਨਿੱਘੇ ਸਵਾਗਤ ਲਈ ਮਰਾਠੀ ਭਾਈਚਾਰਾ ਹਮੇਸ਼ਾ ਰਿਣੀ ਰਹੇਗਾ ਉਥੇ ਹੀ ਸ. ਓਬਰਾਏ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਨਾਮਦੇਵ ਜੀ ਵੱਲੋਂ ਪ੍ਰਦਾਨ ਕੀਤੀਆਂ ਮਹਾਨ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਭਵਿੱਖ ਚ ਵੀ ਅਜਿਹੇ ਧਾਰਮਿਕ ਕਾਰਜਾਂ ਲਈ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ।ਇਸ ਮੌਕੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਲਵਾ ਜ਼ੋਨ ਦੇ ਪ੍ਰਧਾਨ ਜੱਸਾ ਸਿੰਘ ਸੰਧੂ, ਬਲਦੀਪ ਸਿੰਘ ਡੁਬਈ, ਮਨਪ੍ਰੀਤ ਸਿੰਘ ਸੰਧੂ, ਸ਼ਿਵਦੇਵ ਸਿੰਘ ਬੱਲ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਹਰਜਿੰਦਰ ਸਿੰਘ ਹੇਰ, ਨਵਜੀਤ ਸਿੰਘ ਘਈ, ਅਮਰਜੀਤ ਸਿੰਘ ਸੰਧੂ ਤੇ ਹਰਵਿੰਦਰ ਸਿੰਘ ਕੁੱਕੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜਰ ਸੀ।
Punjab Post Daily Online Newspaper & Print Media