ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁ: ਗੁਰੂ ਕੇ ਮਹਿਲ ਤੱਕ ਵਿਸ਼ਾਲ ਨਗਰ ਕੀਰਤਨ 8 ਅਪ੍ਰੈਲ ਨੂੰ

ਅੰਮ੍ਰਿਤਸਰ, 4 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ ਮਹਾਨ ਪਰਉਪਕਾਰੀ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 8 ਅਤੇ 9 ਅਪ੍ਰੈਲ 2015 ਮੁਤਾਬਿਕ 26, 27 ਚੇਤਰ ਨਾਨਕਸ਼ਾਹੀ ਸੰਮਤ 547 ਦਿਨ ਬੁੱਧਵਾਰ ਅਤੇ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ।
ਦਫ਼ਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ 8 ਅਪ੍ਰੈਲ ਨੂੰ ਅਰਦਾਸ ਉਪਰੰਤ ਸਵੇਰੇ 11.00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਅਯੋਜਿਤ ਕੀਤਾ ਜਾਵੇਗਾ। ਜਿਸ ਵਿਚ ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਸ਼ਬਦੀ ਜਥੇ, ਕਾਰ-ਸੇਵਾ ਵਾਲੇ ਮਹਾਂਪੁਰਸ਼, ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸਰਾਂ ਗੁਰੂ ਰਾਮਦਾਸ, ਬਾਬਾ ਦੀਪ ਸਿੰਘ ਕਲੌਨੀ, ਚੌਂਕ ਜੈ ਸਿੰਘ, ਚਾਵਲ ਮੰਡੀ, ਚੌਂਕ ਛੱਤੀ ਖੂਹੀ, ਬਜ਼ਾਰ ਮਾਈ ਸੇਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਬਾਅਦ ਦੁਪਹਿਰ 2 ਵਜੇ ਤੋਂ ਦੇਰ ਰਾਤ ਤੀਕ ਮਹਾਨ ਕੀਰਤਨ ਦਰਬਾਰ ਹੋਵੇਗਾ ਜਿਸ ਵਿਚ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਗੁਰਵਿੰਦਰ ਸਿੰਘ ‘ਰਿੰਕੂ’, ਭਾਈ ਦਵਿੰਦਰ ਸਿੰਘ ਖੰਨੇ ਵਾਲੇ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਸੁਰਿੰਦਰ ਸਿੰਘ ਅਰੋੜਾ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਭਾਈ ਪਰਮਿੰਦਰ ਸਿੰਘ ਪ੍ਰੇਮੀ, ਸੰਤ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਬੀਬਾ ਸੁਖਮਨਪ੍ਰੀਤ ਕੌਰ ਜਸਜੀਤ ਕੌਰ, ਭਾਈ ਦਵਿੰਦਰ ਸਿੰਘ ਨਿਰਮਾਣ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ, ਭਾਈ ਪੁਨੀਤ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ, ਮੀਰੀ ਪੀਰੀ ਅਕੈਡਮੀ ਅਮਰੀਕਨ ਸਿੰਘਾਂ ਦਾ ਜਥਾ, ਬੀਬਾ ਹਰਸਿਮਰਨ ਕੌਰ ਖਾਲੜੇ ਵਾਲੇ, ਨਿਰਵੈਰ ਕੀਰਤਨੀ ਜਥਾ ਤੇਲੀ ਵਾੜਾ ਦਿੱਲੀ ਦੇ ਰਾਗੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸਮੂੰਹ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਧਰਮ ਰੱਖਿਅਕ ਮਹਾਨ ਪਰਉਪਕਾਰੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋ ਰਹੇ ਧਾਰਮਿਕ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Punjab Post Daily Online Newspaper & Print Media