Thursday, October 15, 2026

ਜ਼ਿਲ੍ਹੇ ਦੇ 62 ਖਰੀਦ ਕੇਂਦਰ ਵਿੱਚ 2,93,000 ਟਨ ਕਣਕ ਦੀ ਪਹੁੰਚਣ ਦੀ ਸੰਭਾਵਨਾ- ਡੀ. ਸੀ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਣਕ ਮੰਡੀਆਂ ਵਿੱਚ ਸੁੱਕਾ ਕੇ ਲਿਆਉਣ ਲਈ ਕੀਤੀ ਅਪੀਲ

PPN0604201509
ਹੁਸ਼ਿਆਰਪੁਰ, 6 ਅਪ੍ਰੈਲ ਸਤਵਿੰਦਰ ਸਿੰਘ) – ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇਸ ਸਾਲ ਕਣਕ ਦੀ ਖਰੀਦ ਲਈ ਬਣਾਏ ਗਏ 62 ਖਰੀਦ ਕੇਂਦਰਾਂ ਵਿੱਚ 2,93,000 ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ ਜੋ ਕਿ ਪਿਛਲੇ ਸਾਲ ਨਾਲੋਂ 4.66 ਪ੍ਰਤੀਸ਼ਤ ਵੱਧ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਣਕ ਦੀ ਖਰੀਦ ਸਬੰਧੀ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸਮੂਹ ਸਕੱਤਰ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਸਪੀਕਰਾਂ ਅਤੇ ਇਸ਼ਤਿਹਾਰਾਂ ਦੇ ਮਾਧਿਅਮ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲੈ ਕੇ ਆਉਣ ਲਈ ਜਾਗਰੂਕ ਕਰਨ। ਉਨ੍ਹਾਂ ਜਿਲ੍ਹਾ ਮੰਡੀ ਅਫ਼ਸਰ ਨੂੰ ਕਣਕ ਦੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਲਈ ਸਾਫ਼ ਸੁਥਰੇ ਪਾਣੀ, ਰੌਸ਼ਨੀ ਦੇ ਢੁਕਵੇਂ ਪ੍ਰਬੰਧ, ਬਾਰਦਾਨਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫੜਾਂ ਦੀ ਸਫ਼ਾਈ ਸਮੇਂ ਸਿਰ ਪੂਰੀ ਕਰ ਲਈ ਜਾਵੇ ਤਾਂ ਜੋ ਕਣਕ ਵੇਚਣ ਲਈ ਆਉਣ ਵਾਲੇ ਕਿਸਾਨਾਂ ਨੂੰ ਕੋਈ ਔਕੜ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਲੋੜੀਂਦੇ ਸਟਾਫ਼ ਦੀ ਨਿਯੁਕਤੀ ਸਮੇਂ ਸਿਰ ਕਰ ਲਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਣਕ ਦੀ ਖਰੀਦ ਸੀਜ਼ਨ ਦੌਰਾਨ ਲੋੜੀਂਦਾ ਬਾਰਦਾਨਾ, ਕਰੇਟ ਅਤੇ ਪਲਾਸਟਿਕ ਦੀਆਂ ਤਰਪਾਲਾਂ ਦਾ ਪ੍ਰਬੰਧ ਵੀ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਐਸ ਡੀ ਐਮਜ਼ ਨੂੰ ਕਿਹਾ ਕਿ ਉਹ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਮੰਡੀਆਂ ਵਿੱਚ ਖੁਦ ਜਾ ਕੇ ਕਰਨ ।
ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਸ੍ਰੀਮਤੀ ਰਜਨੀਸ਼ ਕੌਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਦੇ 62 ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਕੀਤੇ ਗਏ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ।  ਉਨ੍ਹਾਂ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਦੁਆਰਾ ਖਰੀਦ ਕੀਤੀ ਗਈ ਕਣਕ ਨੂੰ ਸਟੋਰ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਅਮਰਜੀਤ ਸਿੰਘ, ਸਹਾਇਕ ਕਮਿਸ਼ਨਰ ਨਵਨੀਤ ਕੌਰ ਬੱਲ, ਜ਼ਿਲ੍ਹਾ ਮੰਡੀ ਅਫ਼ਸਰ ਰਾਜ ਕੁਮਾਰ ਬਸਰਾ, ਡੀ ਐਮ ਮਾਰਕਫੈਡ ਡੀ ਕੇ ਸ਼ਰਮਾ,  ਪਨਸਪ ਤੋਂ ਸਤਪਾਲ, ਪੰਜਾਬ ਐਗਰੋ ਜਗਦੀਸ਼ ਕੁਮਾਰ,  ਐਫ ਸੀ ਆਈ ਤੋਂ ਸਮਿਤਰ ਲਾਲ, ਵਰਿੰਦਰ ਸਿੰਘ, ਰਾਮ ਜੀ ਦਾਸ, ਗੁਰਬਚਨ ਲਾਲ, ਦਿਨੇਸ਼ ਕੁਮਾਰ, ਪ੍ਰਵੀਨ ਖੁੱਲਰ, ਜੀਵਨ ਰਤਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply