Wednesday, August 12, 2026

ਜਿਲ੍ਹਾ ਪ੍ਰਸਾਸ਼ਨ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

PPN0804201504

ਬਠਿੰਡਾ, 8 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ ) – ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਕਿਹਾ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਵਿਚ ਪੁੱਜਣ ਵਾਲੀ ਸੰਗਤ ਲਈ ਹਰ ਸਹੂਲਤ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਸ਼੍ਰੀ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੇ ਮੀਟਿੰਗ ਹਾਲ ਵਿਚ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ, ਤਾਂ ਕਿ ਮੇਲੇ ਨੂੰ ਸਫ਼ਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੰਗਤ ਲਈ ਪੀਣ ਵਾਲੇ ਪਾਣੀ ਤੋਂ ਇਲਾਵਾ ਸਾਫ਼-ਸਫ਼ਾਈ ਅਤੇ ਮੈਡੀਕਲ ਸਹੂਲਤਾਂ ਦੇ ਸੁੱਚਜੇ ਪ੍ਰਬੰਧ ਕੀਤੇ ਜਾਣ। ਡਾ. ਗਰਗ ਨੇ ਕਿਹਾ ਕਿ 12 ਤੋਂ 15 ਅਪ੍ਰੈਲ ਨੂੰ ਲੱਗਣ ਵਾਲੇ ਵਿਸਾਖੀ ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ, ਇਸ ਲਈ ਸਾਰੇ ਪ੍ਰਬੰਧਾਂ ਨੂੰ ਪੁਖ਼ਤਾ ਰੂਪ ਵਿੱਚ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਮੇਲੇ ਵਾਲੀ ਥਾਂ ਦਾ ਸੈਕਟਰ ਵਾਈਜ਼ ਨਕਸ਼ਾ ਤਿਆਰ ਕੀਤਾ ਜਾਵੇ ਅਤੇ ਇਸਦੇ ਨਾਲ-ਨਾਲ ਟ੍ਰੈਫਿਕ, ਪਾਰਕਿੰਗ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਮੁਕੰਮਲ ਰੂਪ ਵਿੱਚ ਨੇਪਰੇ ਚਾੜ੍ਹਨ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ, ਰੈਸਕਿਊ ਕੈਂਪ, ਟੁਆਇਲਟਾਂ, ਆਰਜ਼ੀ ਬੱਸ ਅੱਡਿਆਂ, ਠਹਿਰਾ ਵਾਲੀਆਂ ਥਾਵਾਂ, ਬੱਸ ਸੇਵਾਵਾਂ, ਨਿਰਵਿਘਨ ਬਿਜਲੀ ਸਪਲਾਈ, ਪੈਟਰੋਲਿੰਗ ਵੈਨਾਂ ਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਸਮੇਂ-ਸਿਰ ਪੂਰਾ ਕਰ ਲਿਆ ਜਾਵੇ। ਉਨ੍ਹਾਂ ਕਿਹਾ ਕਿ ਚੌਂਕਾਂ ਦੀ ਸਜਾਵਟ ਵੀ ਜਲਦੀ ਕਰਵਾ ਦਿੱਤੀ ਜਾਵੇ ਅਤੇ ਸਫ਼ਾਈ ਪੱਖੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ 10 ਅਪ੍ਰੈਲ ਤੋਂ ਸੰਗਤਾਂ ਦੇ ਪੁੱਜਣ ਦੀ ਉਮੀਦ ਹੈ, ਇਸ ਲਈ ਅਗੇਤੇ ਹੀ ਪ੍ਰਬੰਧ ਕਰ ਲਏ ਜਾਣ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਮੇਲੇ ਵਿਚ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਮੈਡੀਕਲ ਫਸਟ ਏਡ ਪੋਸਟਾਂ ਸਥਾਪਿਤ ਕਰਨ ਦੇ ਨਾਲ-ਨਾਲ ਮੇਲਾ ਸਹਾਇਤਾ ਕੇਂਦਰ ਸਥਾਪਿਤ ਕਰਨੇ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਗੁਰਦੁਆਰਾ ਸਾਹਿਬ ਵਿਖੇ ਪੂਰਨ ਗੁਰਮਰਿਆਦਾ ਨਾਲ ਮੱਥਾ ਵੀ ਟੇਕਿਆ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ, ਐਸ.ਡੀ.ਐਮ ਤਲਵੰਡੀ ਸਾਬੋ ਵਿਨੀਤ ਕੁਮਾਰ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਲਤੀਫ ਅਹਿਮਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਚਾਰੂਮਿਤਾ, ਡੀ.ਡੀ.ਪੀ.ਓ ਰਜਿੰਦਰ ਬੱਤਰਾ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਜਗਪਾਲ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਤੋਂ ਇਲਾਵਾ ਬੀ.ਡੀ.ਪੀ.ਓਜ਼ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply