Monday, July 8, 2024

ਸਕੱਤਰ ਮਨਜੀਤ ਸਿੰਘ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕਾਂ ਨਾਲ ਵਿਚਾਰਾਂ

PPN0804201527
ਅੰਮ੍ਰਿਤਸਰ, 8 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾਉਣ ਅਤੇ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ. ਮਨਜੀਤ ਸਿੰਘ ਸਕੱਤਰ ਨੇ ਸਮੂਹ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਪ੍ਰਚਾਰ ਨੂੰ ਹੋਰ ਤੇਜ਼ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ।
ਇਥੋਂ ਜਾਰੀ ਪੈ੍ਰਸ ਬਿਆਨ ਵਿੱਚ ਸ. ਮਨਜੀਤ ਸਿੰਘ ਸਕੱਤਰ ਨੇ ਦੱਸਿਆ ਕਿ ਪ੍ਰਧਾਨ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਸਬੰਧੀ ਉਲੀਕੇ ਪ੍ਰੋਗਰਾਮਾਂ ਵਿੱਚ ਕਿਸੇ ਪ੍ਰਕਾਰ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।ਇਕੱਤਰਤਾ ਦੌਰਾਨ ਉਨ੍ਹਾਂ ਪ੍ਰਚਾਰਕਾਂ ਨੂੰ ਕਿਹਾ ਕਿ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਨੂੰ ਘਰ-ਘਰ ਤੀਕ ਪਹੁੰਚਾਇਆ ਜਾਵੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪ੍ਰਚਾਰਕਾਂ ਵੱਲੋਂ ਪਤਿਤ ਵਿਦਿਆਰਥੀਆਂ ਨੂੰ ਪ੍ਰੇਰ ਕੇ ਆਪਣੇ ਮੂਲ ਸਰੂਪ ਸਿੱਖੀ ਵਿੱਚ ਵਾਪਸ ਲਿਆਉਣ ਲਈ ਕੀਤੇ ਉਪਰਾਲੇ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਹੁਣ ਤੀਕ ਪ੍ਰਚਾਰਕਾਂ ਨੇ ਵੱਖ-ਵੱਖ ਸਕੂਲਾਂ ਦੇ ਤਕਰੀਬਨ 12 ਹਜ਼ਾਰ ਪਤਿਤ ਵਿਦਿਆਰਥੀਆਂ ਤੋਂ ਕੇਸ ਨਾ ਕਟਵਾਉਣ ਤੇ ਦਸਤਾਰ ਸਜਾਉਣ ਬਾਰੇ ਪ੍ਰਣ ਪੱਤਰ ਭਰਵਾਏ ਹਨ ਜੋ ਚੰਗੀ ਸ਼ੁਰੂਆਤ ਹੈ।ਉਨ੍ਹਾਂ ਪ੍ਰਚਾਰਕਾਂ ਨੂੰ ਕਿਹਾ ਕਿ ਅਜੇ ਬਹੁਤ ਸਾਰੀ ਹੋਰ ਮਿਹਨਤ ਕਰਨ ਦੀ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਜਿਹੜੇ ਪ੍ਰਚਾਰਕ ਪ੍ਰਚਾਰ ਖੇਤਰ ‘ਚ ਵਧੀਆ ਸੇਵਾਵਾਂ ਨਿਭਾਉਣਗੇ ਉਨ੍ਹਾਂ ਪ੍ਰਚਾਰਕਾਂ ਨੂੰ ਪ੍ਰਧਾਨ ਸਾਹਿਬ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀਆਂ ਨੇ ਪਤਿਤਪੁਣਾ ਛੱਡ ਕੇ ਗੁਰੂ ਸਾਹਿਬ ਵਲੋਂ ਬਖ਼ਸ਼ੇ ਸਰੂਪ ‘ਚ ਵਾਪਸੀ ਕੀਤੀ ਹੈ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇ ਵਿੱਚ ਮਾਝਾ, ਮਾਲਵਾ ਤੇ ਦੋਆਬਾ ਤਿੰਨ ਜ਼ੋਨ ਬਣਾ ਕੇ ਪ੍ਰਸੰਸਾ ਪੱਤਰ ਦਿੱਤੇ ਜਾਣਗੇ।
ਉਨ੍ਹਾਂ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰਾਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਮੁਸ਼ਕਲ ਹੈ ਤਾਂ ਉਹ ਦਫਤਰ ਦੇ ਧਿਆਨ ‘ਚ ਲਿਆਵੇ।ਉਨ੍ਹਾਂ ਕਿਹਾ ਕਿ ਇਤਿਹਾਸਿਕ ਦਿਹਾੜਿਆਂ ਮੌਕੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਆਪਣੇ-ਆਪਣੇ ਹੈੱਡ ਕੁਵਾਟਰਾਂ ਤੇ ਹਾਜ਼ਰ ਰਹਿਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਮਨਾਏ ਜਾ ਰਹੇ ਇਤਿਹਾਸਕ ਦਿਹਾੜਿਆ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣ।ਉਨ੍ਹਾਂ ਕਿਹਾ ਕਿ ਨਵੇਂ ਪ੍ਰਚਾਰਕ, ਢਾਡੀ ਤੇ ਕਵੀਸ਼ਰ ਆਪਣੇ ਪੁਰਾਣੇ ਸਾਥੀਆਂ ਪਾਸੋਂ ਸੇਧ ਲੈਣ, ਵੱਧ ਤੋਂ ਵੱਧ ਗੁਰਬਾਣੀ ਦਾ ਪ੍ਰਚਾਰ ਕਰਨ, ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ, ਕੇਸਾਂ ਅਤੇ ਦਸਤਾਰ ਦੀ ਮਹਾਨਤਾ ਬਾਰੇ ਜਾਗਰੂਕ ਕਰਨ।ਇਸ ਤੋਂ ਪਹਿਲਾ ਸ. ਰਣਜੀਤ ਸਿੰਘ ਵਧੀਕ ਸਕੱਤਰ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਪ੍ਰਚਾਰਕ ਭਾਈ ਸਰਵਣ ਸਿੰਘ, ਭਾਈ ਅਮਰੀਕ ਸਿੰਘ ਚਿੱਟੀ, ਭਾਈ ਜੱਜ ਸਿੰਘ, ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ, ਤੇ ਭਾਈ ਭਗਵੰਤ ਸਿੰਘ ਸੂਰਵਿੰਡ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੰਤੋਖ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਜਗਜੀਤ ਸਿੰਘ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਪ੍ਰਚਾਰ, ਸ. ਗੁਰਨਾਮ ਸਿੰਘ ਇੰਚਾਰਜ ਤੇ ਵੱਡੀ ਗਿਣਤੀ ‘ਚ ਪ੍ਰਚਾਰਕ, ਢਾਡੀ  ਤੇ ਕਵੀਸ਼ਰ ਮੌਜੂਦ ਸਨ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply