ਪਠਾਨਕੋਟ, 9 ਅਪਰੈਲ (ਪੱਤਰ ਪ੍ਰੇਰਕ) – ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਆਤਮਾ ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਆਤਮਾ ਖੇਤੀ ਪ੍ਰਦਰਸ਼ਨੀਆਂ ਪਿੰਡ ਨੌਰੰਗਪੁਰ ਦੀ ਦਾਣਾ ਮੰਡੀ ਵਿਖੇ ਲਗਾਈਆਂ ਗਈਆਂ। ਜਿਸ ਦੀ ਪ੍ਰਧਾਨਗੀ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਤੇ ਇਸ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕੀਤਾ। ਇਸ ਕੈਂਪ ਵਿੱਚ ਡਾ. ਮੰਗਲ ਸਿੰਘ ਸੰਧੂ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਕਿਸਾਨ ਸਿਖਲਾਈ ਕੈਂਪ ਵਿੱਚ ਜ਼ਿਲ੍ਹੇ ਭਰ ਤੋਂ ਲਗਭਗ 2000 ਕਿਸਾਨਾਂ ਨੇ ਹਿੱਸਾ ਲਿਆ। ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਲਗਾਏ ਗਏ ਕੈਂਪ ਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਕੈਂਪਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਖੇਤੀਬਾੜੀ ਵਿੱਚ ਆਪਣੀ ਰੂਚੀ ਵਧਾਉਣੀ ਚਾਹੀਦੀ ਹੈ।
ਡਾ. ਮੰਗਲ ਸਿੰਘ ਸੰਧੂ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਸਾਨਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਫਸਲਾਂ ਨੂੰ ਵਿਉਂਤਬੰਧੀ ਨਾਲ ਬੀਜਣ ਤਾਂ ਜੋ ਖੇਤੀ ਦੇ ਖਰਚੇ ਘੱਟ ਸਕਣ ਅਤੇ ਆਮਦਨ ਵੱਧ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਆਪਣੇ ਖੇਤਾਂ ਦੀ ਮਿੱਟੀ ਪਰਖ ਕਰਵਾਉਣ ਅਤੇ ਸਾਇਲ ਹੈਲਥ ਕਾਰਡ ਜ਼ਰੂਰ ਬਣਾਉਣ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਲਈ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਇਸ ਮੌਕੇ ਮੁੱਖ ਮਹਿਮਾਨ ਅਤੇ ਆਏ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਜ਼ਿਲ੍ਹੇ ਅੰਦਰ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਰਾਮੇਸ਼ ਸ਼ਰਮਾ ਖੇਤੀਬਾੜੀ ਅਫ਼ਸਰ, ਸੰਤੋਖ ਰਾਜ ਗੰਨਾ ਵਿਕਾਸ ਅਫ਼ਸਰ, ਦਰਸ਼ਨ ਪਾਲ ਬਾਗਬਾਨੀ ਵਿਕਾਸ ਅਫ਼ਸਰ, ਗੁਰਿੰਦਰ ਸਿੰਘ ਰੰਧਾਵਾ ਮੱਛੀ ਪਾਲਣ ਅਫ਼ਸਰ, ਜਤਿੰਦਰ ਬਾਗਬਾਨੀ ਵਿਕਾਸ ਅਫ਼ਸਰ, ਸਰਵਣ ਸਿੰਘ ਸੀਨੀਅਰ ਜ਼ਿਲ੍ਹਾ ਮੱਛੀ ਪਾਲਣ ਅਫ਼ਸਰ, ਸੰਦੀਪ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਇਲਾਕੇ ਦੇ ਅਗਾਹ ਵਧੂ ਕਿਸਾਨ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਇਲਾਕੇ ਦੇ ਕਿਸਾਨਾਂ ਵੱਲੋਂ ਘਰੋਟਾ ਵਿਖੇ ਬਲਾਕ ਪੱਧਰ ਦਾ ਖੇਤੀਬਾੜੀ ਦਫ਼ਤਰ ਬਣਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ।