ਪਠਾਨਕੋਟ, 9 ਅਪਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀਆਂ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਨ ਲਈ ਸਾਲ 2015-16 ਦੌਰਾਨ 600 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਉਲੀਕੀ ਗਈ ਹੈ।ਇਹ ਪ੍ਰਗਟਾਵਾ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਪਿੰਡ ਮਨਵਾਲ(ਪਠਾਨਕੋਟ) ਵਿਖੇ 2 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਵੈਟਨਰੀ ਪੋਲੀਕਲੀਨਿਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਮਨਮੋਹਨ ਐਕਸੀਅਨ ਪੀ.ਡਬਲਿੳਯੂ.ਡੀ., ਨਰੇਸ਼ ਕੁਮਾਰ ਐਸ.ਡੀ.ਓ., ਠਾਕੁਰ ਜਰਨੈਲ ਸਿੰਘ, ਠਾਕੁਰ ਕਰਨੈਲ ਸਿੰਘ ਅਤੇ ਇਲਾਕੇ ਦੇ ਸਰਪੰਚ-ਪੰਚ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਡਿਪਟੀ ਸਪੀਕਰ ਨੇ ਇਸ ਮੌਕੇ ਦੱਸਿਆ ਕਿ ਇਹ ਪਸ਼ੂ ਹਸਪਤਾਲ ਦੋ ਏਕੜ ਵਿੱਚ ਉਸਾਰਿਆ ਜਾ ਰਿਹਾ ਹੈ ਅਤੇ ਇਸ ਵਾਸਤੇ ਜਮੀਨ ਪਿੰਡ ਮਨਵਾਲ ਦੀ ਪੰਚਾਇਤ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪਸ਼ੂ ਹਸਪਤਾਲ ਜ਼ਿਲ੍ਹੇ ਵਿੱਚ ਪਹਿਲਾ ਆਧੁਨਿਕ ਹਸਪਤਾਲ ਹੋਵੇਗਾ ਜਿਸ ਵਿੱਚ ਸਾਰੀਆਂ ਆਧੁਨਿਕ ਸਹੂਲਤਾ ਮੁਹਈਆ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਦੀ ਉਸਾਰੀ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤੀ ਗਈ ਹੈ, ਜੋ 8 ਮਹੀਨਿਆਂ ਵਿੱਚ ਮੁਕੰਮਲ ਕਰ ਲਈ ਜਾਵੇਗੀ ਅਤੇ ਉਸਾਰੀ ਉਪਰੰਤ ਇਹ ਹਸਪਤਾਲ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਆਧੁਨਿਕ ਸਹੂਲਤਾ ਵਾਲੇ ਪਸ਼ੂ ਹਸਪਤਾਲ ਦੇ ਬਣਨ ਨਾਲ ਜਿੱਥੇ ਇਸ ਪਿੰਡ ਅਤੇ ਇਲਾਕੇ ਦੇ ਲੋਕਾਂ ਨੂੰ ਲਾਭ ਮਿਲੇਗਾ, ਉੱਥੇ ਜ਼ਿਲ੍ਹਾ ਪਠਾਨਕੋਟ ਦੇ ਦੂਰ ਦੁਰਾਡੇ ਦੇ ਲੋਕ ਵੀ ਇਸ ਦਾ ਲਾਭ ਉਠਾ ਸਕਣਗੇ। ਡਿਪਟੀ ਸਪੀਕਰ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਤੇਜ਼ੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।