ਰਾਜ ਵਿੱਚ ਤਕਨੀਕੀ ਸਿੱਖਿਆ ਦੇ ਪਸਾਰ ਵੱਲ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ – ਸੇਖਵਾਂ

ਬਟਾਲਾ, 25 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਦਾ ਆਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਕਾਦੀਆਂ ਹਲਕੇ ‘ਚ ਪਹੁੰਚੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਹਲਕਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮਾਰਕਿਟ ਕਮੇਟੀਆਂ ਕਾਦੀਆਂ ਵਿਖੇ ਸ਼ਹਿਰ ਅਤੇ ਹਲਕਾ ਵਾਸੀਆਂ ਵੱਲੋਂ ਜਥੇਦਾਰ ਸੇਖਵਾਂ ਦਾ ਹਾਰ ਪਾ ਕੇ ਨਿੱਘਾ ਸਵਾਗਤ ਕਰਨ ਦੇ ਨਾਲ ਖੁਸ਼ੀ ‘ਚ ਲੱਡੂ ਵੰਡੇ ਗਏ।
ਮਾਰਕਿਟ ਕਮੇਟੀ ਦੇ ਦਫਤਰ ਵਿੱਚ ਹਲਕਾ ਵਾਸੀਆਂ ਦਾ ਧੰਨਵਾਦ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਵਾਹਿਗੁਰੂ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਵੀ ਧੰਨਵਾਦੀ ਹਨ ਜਿਨ੍ਹਾਂ ਨੇ ਇੱਕ ਬਹੁਤ ਮਹੱਤਵਪੂਰਨ ਬੋਰਡ ਦੀ ਜਿੰਮੇਵਾਰੀ ਦੇ ਕੇ ਉਨ੍ਹਾਂ ‘ਤੇ ਵਿਸ਼ਵਾਸ਼ ਪ੍ਰਗਟ ਕੀਤਾ ਹੈ। ਸ. ਸੇਖਵਾਂ ਨੇ ਕਿਹਾ ਕਿ ਉਹ ਆਪਣੀ ਇਸ ਨਵੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ ਅਤੇ ਰਾਜ ਵਿੱਚ ਤਕਨੀਕੀ ਸਿੱਖਿਆ ਦੇ ਪਸਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਚੇਅਰਮੈਨ ਸੇਵਾ ਸਿੰਘ ਸੇਖਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਕਰਨ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਖੋਲੇ ਜਾ ਰਹੇ ਹਨ ਅਤੇ ਇਨ੍ਹਾਂ ਸੈਂਟਰਾਂ ਵਿੱਚ ਨੌਜਵਾਨਾਂ ਨੂੰ ਮੁੱਫਤ ਕਿੱਤਾਮੁੱਖੀ ਸਿਖਲਾਈ ਦਿੱਤੀ ਜਾਵੇਗੀ। ਜਥੇਦਾਰ ਸੇਖਵਾਂ ਨੇ ਕਿਹਾ ਕਿ ਇਨ੍ਹਾਂ ਸਕਿੱਲ ਡਿਵੈਲਪਮੈਂਟ ਕੇਂਦਰਾਂ ‘ਚ ਹਰ ਤਰਾਂ ਦੀਆਂ ਟਰੇਡਾਂ ਦੇ ਕੋਰਸ ਕਰਾਏ ਜਾਣਗੇ ਜਿਨ੍ਹਾਂ ਨੂੰ ਕਰ ਕੇ ਨੌਜਵਾਨ ਅਸਾਨ ਨਾਲ ਪੰਜਾਬ ਅਤੇ ਦੇਸ਼ ਦੇ ਦੂਜੇ ਸੂਬਿਆਂ ਦੇ ਨਾਲ ਵਿਦੇਸ਼ਾਂ ਵਿੱਚ ਵੀ ਰੁਜ਼ਗਾਰ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਨੌਜਵਾਨੀ ਨੂੰ ਕੁਰਾਹੇ ਪੈਣ ਤੋਂ ਰੋਕਣ ਲਈ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਤਕਨੀਕੀ ਸਿੱਖਿਆ ਸਭ ਤੋਂ ਅਹਿਮ ਹੈ ਅਤੇ ਤਕਨੀਕੀ ਸਿੱਖਿਆ ਦੇ ਪਸਾਰ ਦੀ ਜਿੰਮੇਵਾਰੀ ਨੂੰ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਬਾਖੂਬੀ ਨਿਭਾਵੇਗਾ।
ਚੇਅਰਮੈਨ ਸੇਵਾ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਰਾਜ ਵਿੱਚ ਚੱਲ ਰਹੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਪਾਲੀਟੈਕਨੀਕਲ ਸੰਸਥਾਵਾਂ ਵਿੱਚ ਵੀ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇਗਾ ਅਤੇ ਇਨ੍ਹਾਂ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕਰਨ ਦੇ ਨਾਲ ਇੰਸਟਰਕਟਰਾਂ ਅਤੇ ਮਾਹਿਰ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਿਆਂ ਕੀਤਾ ਜਾਵੇਗਾ। ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿੱਤਾਮੁੱਖੀ ਸਿੱਖਿਆ ਹਾਸਲ ਕਰ ਕੇ ਹੁਨਰਮੰਦ ਬਣਨ ਕਿਉਂਕਿ ਕਿਸੇ ਵੀ ਹੁਨਰਮੰਦ ਵਿਅਕਤੀ ਨੂੰ ਰੁਜ਼ਗਾਰ ਦੀ ਕੋਈ ਕਮੀਂ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਨੌਜਵਾਨ ਹੁਨਰਮੰਦ ਹੋਵੇ ਇਸ ਲਈ ਸੂਬਾ ਸਰਕਾਰ ਵੱਲੋਂ ਕਿੱਤਾ ਸਿਖਲਾਈ ਬਿਲਕੁਲ ਮੁਫਤ ਦਿੱਤੀ ਜਾ ਰਹੀ ਹੈ ਜਿਸਦਾ ਲਾਭ ਨੌਜਵਾਨਾਂ ਨੂੰ ਉਠਾਉਣਾ ਚਾਹੀਦਾ ਹੈ।
ਇਸ ਮੌਕੇ ਚੇਅਰਮੈਨ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਮਾਹਲ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਆਕਲੀ ਆਗੂ ਜੋਗਿੰਦਰ ਸਿੰਘ ਛੀਨਾਂ, ਨਰਿੰਦਰ ਸਿੰਘ ਸੇਖਵਾਂ, ਪ੍ਰਧਾਨ ਸੁਖਵੰਤ ਸਿੰਘ, ਰਣਜੀਤ ਸਿੰਘ ਸੰਗਰਾਵਾਂ, ਅਤਿੰਦਰਪਾਲ ਸਿੰਘ, ਹਰਜੀਤ ਸਿੰਘ ਟਿੱਕਾ, ਰਾਕੇਸ਼ ਕੁਮਾਰ ਰਾਜੂ, ਕਾਲਾ ਸਿੰਘ, ਬਲਦੇਵ ਸਿੰਘ ਸੇਖਵਾਂ, ਸੁਖਪ੍ਰੀਤ ਸਿੰਘ ਸਹਿਮੀ, ਜਸਬੀਰ ਸਿੰਘ ਮਠੋਲਾ, ਨਰਿੰਦਰ ਭਾਟੀਆ, ਵਜ਼ੀਰ ਸਿੰਘ ਲਾਲੀ, ਸੁੱਚਾ ਸਿੰਘ, ਮਲਕੀਤ ਸਿੰਘ, ਸੇਵਾ ਸਿੰਘ ਸਰਪੰਚ ਰਜ਼ਾਦਾ, ਮਲਕੀਤ ਸਿੰਘ ਨਾਥਪੁਰ, ਗਿਨੀ ਭਾਟੀਆ, ਵਿਜੇ ਕੁਮਾਰ, ਮੰਗਲ ਸਿੰਘ, ਜਗਬੀਰ ਸਿੰਘ ਧਰਮਸੋਤ ਤੋਂ ਇਲਾਵਾ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।
Punjab Post Daily Online Newspaper & Print Media