
ਬਠਿੰਡਾ (ਤਲਵੰਡੀ ਸਾਬੋ), 27 ਅਪ੍ਰੈਲ (ਅਵਤਾਰ ਸਿੰਘ ਕੈਂਥ /ਅੰਗਰੇਜ਼ ਸਿੰਘ ਵਿੱਕੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਆਯੋਜਿਤ ਕਰਵਾਏ ਲਘੂ ਨੌਕਰੀ ਮੇਲਾ ਦੌਰਾਨ ਮਾਲਵਾ ਇਲਾਕੇ ਦੇ ਵੱਖ-ਵੱਖ ਕਾਲਜਾਂ ਦੇ ਮਕੈਨੀਕਲ, ਇਲੈਕਟ੍ਰੀਕਲ ਅਤੇ ਕੰਪਿਊਟਰ ਐਪਲੀਕੇਸ਼ਨਜ਼ ਵਿਸ਼ੇ ਨਾਲ ਸੰਬੰਧਿਤ ਵਿਦਿਆਰਥੀਆਂ ਨੇ ਹਿੱਸਾ ਲਿਆ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਧਿਕਾਰੀ ਪ੍ਰੋ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਬਹੁ-ਰਾਸ਼ਟਰੀ ਕੰਪਨੀਆਂ ਪੈਰਾਮਾਊਂਟ ਇੰਜੀਨੀਅਰਿੰਗ ਅਤੇ ਏ. ਆਰ. ਐੱਨ. ਇਨਫੋਟੈੱਲ ਕੰਪਨੀਆਂ ਦੇ ਮਨੁੱਖੀ ਵਸੀਲਿਆਂ ਦੇ ਮੈਨੇਜਰ ਆਪਣੀਆਂ ਟੀਮਾਂ ਸਹਿਤ ਵਿਦਿਆਰਥੀਆਂ ਦੀ ਚੋਣ ਲਈ ਪੁੱਜੇ, ਜਦੋਂ ਕਿ ਏਅਰਟੈੱਲ ਕੰਪਨੀ ਨੇ ਵੀਡੀਉ ਕਾਨਫਰੰਸਿੰਗ ਰਾਹੀਂ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ। ਇਸ ਚੋਣ ਪ੍ਰਕਿਰਿਆ ਦੌਰਾਨ ਗੁਰੂ ਗੋਬਿੰਦ ਸਿੰਘ ਪੌਲੀਟੈਕਨਿਕ ਕਾਲਜ, ਤਲਵੰਡੀ ਸਾਬੋ ਦੇ 8 ਵਿਦਿਆਰਥੀ, ਗੁਰੂ ਗੋਬਿੰਦ ਸਿੰਘ ਇੰਜੀਨੀਅਰਿੰਗ ਕਾਲਜ ਦੇ 5 ਵਿਦਿਆਰਥੀ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕੰਪਿਊਟਰ ਐਪਲੀਕੇਸ਼ਨਜ਼ ਕਾਲਜ ਦੇ 6 ਵਿਦਿਆਰਥੀ ਨਾਮਜ਼ਦ ਕੀਤੇ ਗਏ, ਜਿਨ੍ਹਾਂ ਨੂੰ ਉਕਤ ਕੰਪਨੀਆਂ ਵਿਚ ਵੱਖ-ਵੱਖ ਅਹੁਦਿਆਂ ‘ਤੇ ਨੌਕਰੀਆਂ ਪ੍ਰਾਪਤ ਹੋਈਆਂ। ਇਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਮੌਕੇ ‘ਤੇ ਹੀ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਜਿਸ ਮੁਤਾਬਕ 5 ਜੂਨ, 2015 ਤੋਂ ਇਹ ਵਿਦਿਆਰਥੀ ਉਕਤ ਕੰਪਨੀਆਂ ਵਿਚ ਆਪਣੀ ਪ੍ਰੋਫੈਸ਼ਨਲ ਜ਼ਿੰਦਗੀ ਦੀ ਸ਼ੁਰੂਆਤ ਕਰਨਗੇ।ਇਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਯੋਗਤਾ ਦੇ ਮੁਤਾਬਕ 1.5 ਤੋਂ 2.5 ਲੱਖ ਰੁਪਏ ਤੱਕ ਦਾ ਸਾਲਾਨਾ ਪੈਕੇਜ ਮਿਲੇਗਾ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ-ਕੁਲਪਤੀ, ਡਾ. ਨਛੱਤਰ ਸਿੰਘ ਮੱਲ੍ਹੀ ਨੇ ਟ੍ਰੇਨਿੰਗ ਅਤੇ ਪਲੇਸਮੈਂਟ ਵਿਭਾਗ ਦੀ ਇਸ ਕਾਰਗੁਜ਼ਾਰੀ ਦੀ ਸ਼ਲਾਘਾ ਕਰਦੇ ਹੋਏ ਨਾਮਜ਼ਦ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਹ ਭਰੋਸਾ ਦਿਵਾਇਆ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਉਦੇਸ਼ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦਾ ਰਹੇਗਾ। ਉਨ੍ਹਾਂ ਇਸ ਉਦੇਸ਼ ਦੀ ਪ੍ਰਾਪਤੀ ਲਈ ਭਵਿੱਖ ਵਿਚ ਹੋਰ ਕਈ ਰੁਜ਼ਗਾਰ ਮੇਲਿਆਂ ਦੀ ਯੋਜਨਾ ਸੰਬੰਧੀ ਵੀ ਚਾਨਣਾ ਪਾਇਆ।
ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਸ. ਸੁਖਰਾਜ ਸਿੰਘ ਸਿੱਧੂ ਨੇ ਡੀਨ ਅਕਾਦਮਿਕ ਡਾ. ਭੁਪਿੰਦਰ ਸਿੰਘ ਧਾਲੀਵਾਲ ਅਤੇ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਸੰਨੀ ਅਰੋੜਾ ਨੂੰ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਸ਼ਲਾਘਾ ਕਰਦਿਆਂ ਵਧਾਈ ਦੇ ਪਾਤਰ ਦਰਸਾਇਆ।
Punjab Post Daily Online Newspaper & Print Media