
ਫਾਜ਼ਿਲਕਾ, 7 ਮਈ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਜੀ ਦੀ ਅਗਵਾਈ ਵਿੱਚ ਫਾਜ਼ਿਲਕਾ ਦੇ ਪਿੰਡ ਘੱਲੂ ਦੇ ਸਰਕਾਰੀ ਹਾਈ ਸਕੂਲ ਵਿਖੇ ਇਕ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮੌਜੂਦ ਸਕੂਲੀ ਬੱਚਿਆਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵੱਖ ਵੱਖ ਕਾਨੂੰਨੀ ਸੁਵਿਧਾਵਾਂ ਬਾਰੇ ਦੱਸਿਆ ਗਿਆ।
ਸੈਮੀਨਾਰ ਵਿੱਚ ਵੱਖ ਵੱਖ ਬੁਲਾਰਿਆਂ ਨੇ ਕਾਨੂੰਨੀ ਸੇਵਾਵਾਂ ਬਾਰੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸz: ਪ੍ਰਿਤਪਾਲ ਸਿੰਘ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੁੱਖ ਮੰਤਵ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨਾ ਹੈ ਅਤੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/- ਰੂਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਂਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਸz: ਪ੍ਰਿਤਪਾਲ ਸਿੰਘ ਨੇ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਦਾ ਵੱਧ ਤੋਂ ਵੱਧ ਫ਼ਾਇਆ ਉਠਾਉਣ। ਉੰਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਇਸ ਮੌਕੇ ਐਡਵੋਕੇਟ ਸ੍ਰੀ ਦੇਸ ਰਾਜ ਕੰਬੋਜ, ਸ੍ਰੀ ਬੀ.ਐਲ.ਸਿੱਕਾ, ਪੀ.ਐਲ.ਵੀ, ਕਰਨਲ ਦਿਲਬਾਗ ਸਿੰਘ, ਪੀ.ਐਲ.ਵੀ, ਸ੍ਰੀ ਅਤਰੀ ਸ਼ਰਮਾ, ਪੀ.ਐਲ.ਵੀ. ਅਤੇ ਹੋਰ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਦੇ ਪੀ.ਐਲ.ਵੀ. ਸ੍ਰੀ ਬੀ.ਐਲ.ਸਿੱਕਾ, ਕਰਨਲ ਦਿਲਬਾਗ ਸਿੰਘ ਅਤੇ ਵਕੀਲ ਸ੍ਰੀ ਦੇਸ ਰਾਜ ਕੰਬੋਜ ਨੇ ਸਰਕਾਰੀ ਹਾਈ ਸਕੂਲ ਪਿੰਡ ਕਬੂਲਸ਼ਾਹ ਖੁੱਬਣ ਅਤੇ ਸਰਕਾਰੀ ਹਾਈ ਸਕੂਲ ਪਿੰਡ ਖਿੱਪਾਂਵਾਲੀ ਵਿਖੇ ਸਮਾਰੋਹ ਕਰਕੇ ਕਾਨੂੰਨੀ ਹੱਕਾਂ ਬਾਰੇ ਅਤੇ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਕਾਨੂੰਨੀ ਸੇਵਾਵਾਂ ਪ੍ਰਤੀ ਜਾਣਕਾਰੀ ਦਿੱਤੀ।
Punjab Post Daily Online Newspaper & Print Media