
ਪਠਾਨਕੋਟ, 13 ਮਈ (ਪ.ਪ) – ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਤਿੰਨ ਰੋਜ਼ਾ ਮੁਹਿੰਮ ਅੱਜ ਸਫ਼ਲਤਾ ਪੂਰਵਕ ਸੰਪੰਨ ਹੋਈ। ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤੀ। ਉਨ੍ਹਾਂ ਇਸ ਮੌਕੇ ਬੋਲਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤਾਂ ਜੋ ਸੜਕੀ ਹਾਦਸੇ ਘੱਟ ਸਕਣ। ਉਨ੍ਹਾਂ ਨੇ ਸਕੂਲੀ ਬੱਚਿਆਂ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਡਰਾਈਵਿੰਗ ਕਰਦੇ ਸਮੇਂ ਸੀਟ ਬੈਲਟ ਲਗਾਉਣ ਅਤੇ ਮੋਬਾਇਲ ਦੀ ਵਰਤੋਂ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਸ਼ਰਾਬ ਪੀਕੇ ਜਾਂ ਕੋਈ ਹੋਰ ਨਸ਼ਾ ਕਰਕੇ ਡਰਾਈਵਿੰਗ ਨਾ ਕੀਤੀ ਜਾਵੇ। ਉਨ੍ਹਾਂ ਨੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਕੈਂਪ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ।
ਸ਼੍ਰੀ ਪਵਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੇ ਦੱਸਿਆ ਕਿ ਵੱਖ ਵੱਖ ਪ੍ਰਿੰਸੀਪਲਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਵੱਖ ਵੱਖ ਚੌਕਾਂ, ਜੰਡਵਾਲ ਚੌਕ, ਲਾਈਟਾਂ ਵਾਲਾ ਚੌਕ, ਮਾਮੂਨ ਚੌਕ, ਧੀਰਾ ਚੌਕ, ਢਾਕੀ ਚੌਕ ਅਤੇ ਸੈਲੀ ਕੁਲੀਆਂ ਚੌਕ ਵਿਖੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਟ੍ਰੈਫਿਕ ਨਿਯਮਾਂ ਅਨੁਸਾਰ ਵਾਹਨ ਚਲਾਉਣ ਵਾਲੇ ਲੋਕਾਂ ਨੂੰ ਬੁੱਕੇ ਦੇ ਕੇ ਸਨਮਾਨਿਤ ਕੀਤਾ।
Punjab Post Daily Online Newspaper & Print Media