
ਪਠਾਨਕੋਟ, 18 ਮਈ (ਪ.ਪ) – ਪੰਜਾਬ ਮੰਡੀ ਬੋਰਡ ਪਠਾਨਕੋਟ ਵੱਲੋਂ ਜ਼ਿਲ੍ਹੇ ਅੰਦਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਮੰਡੀਆਂ ਦੇ ਵਿਕਾਸ ਕੰਮਾਂ ‘ਤੇ ਵੱਖ ਵੱਖ ਸਕੀਮਾਂ ਤਹਿਤ 30 ਕਰੋੜ 47 ਲੱਖ 43 ਹਜਾਰ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਰਾਸ਼ੀ ਵਿਚੋਂ ਕੈਟਾਗਰੀ ਏ ਦੀਆਂ 104.83 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਖਾਸ ਮੁਰੰਮਤ ਯੋਜਨਾ ਤਹਿਤ 16 ਕਰੋੜ 15 ਲੱਖ 32 ਹਜਾਰ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 80 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਹੈ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਨਬਾਰਡ ਪ੍ਰਾਜੈਕਟ ਅਧੀਨ 6 ਕਰੋੜ 8 ਲੱਖ 23 ਹਜਾਰ ਰੁਪਏ ਕੈਟਾਗਰੀ ਬੀ ਦੀਆਂ 21.67 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ‘ਤੇ ਖਰਚ ਕੀਤੇ ਜਾ ਰਹੇ ਹਨ ਅਤੇ 90 ਪ੍ਰਤੀਸ਼ਤ ਕੰਮ ਪੂਰਾ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਫੇਜ਼-11 ਦੀਆਂ 6.50 ਕਿਲੋਮੀਟਰ ਲਿੰਕ ਸੜਕਾਂ ‘ਤੇ 3 ਕਰੋੜ 38 ਲੱਖ 54 ਹਜਾਰ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 75 ਪ੍ਰਤੀਸ਼ਤ ਕੰਮ ਮੁਕੰਮਲ ਹੋ ਗਿਆ ਹੈ ਅਤੇ ਇਸੇ ਤਰ੍ਹਾਂ ਹੀ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਫੇਜ਼-12 ਦੀਆਂ 5.95ਕਿਲੋਮੀਟਰ ਲਿੰਕ ਸੜਕਾਂ ‘ਤੇ 2 ਕਰੋੜ 56 ਲੱਖ 42 ਹਜਾਰ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 35 ਪ੍ਰਤੀਸ਼ਤ ਕੰਮ ਮੁਕੰਮਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਪਾਜਿਟ ਵਰਕ (ਕੰਡੀ ਏਰੀਆ ਫੰਡਜ਼) ਅਧੀਨ 2.11 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 96.81 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 75 ਪ੍ਰਤੀਸ਼ਤ ਕੰਮ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਦੇ ਵਿਕਾਸ ‘ਤੇ 1 ਕਰੋੜ 32 ਲੱਖ 11 ਹਜਾਰ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ 55 ਪ੍ਰਤੀਸ਼ਤ ਕੰਮ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਲਿੰਕ ਸੜਕਾਂ ਦੀ ਮੁਰੰਮਤ ਅਤੇ ਮੰਡੀਆਂ ਦੇ ਵਿਕਾਸ ਦੇ ਅਧੂਰੇ ਕੰਮ ਜਲਦੀ ਮੁਕੰਮਲ ਕਰ ਲਏ ਜਾਣਗੇ।
Punjab Post Daily Online Newspaper & Print Media