Friday, April 24, 2026

ਦਿੱਲੀ ਕਮੇਟੀ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ੁਕਰਵਾਰ ਨੂੰ

ਨਵੀਂ ਦਿੱਲੀ, 20 ਮਈ (ਅੰਮ੍ਰਿਤ ਲਾਲ ਮੰਨਣ) – ਬਾਣੀ ਦੇ ਬੋਹਿਥ, ਸ਼ਾਂਤੀ ਦੇ ਪੁੰਜ ਅਤੇ ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਹਰਿਮੰਦਿਰ ਸਾਹਿਬ ਦੇ ਸਿਰਜਨਹਾਰ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਵਾਰ 22 ਮਈ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਸ਼ਹੀਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਇੱਕ ਪ੍ਰੈਸ ਬਿਆਨ ਅਨੁਸਾਰ ਇਸ ਸ਼ਹੀਦੀ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ 4.00 ਵਜੇ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ। ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦਾ ਕੀਰਤਨੀ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ।ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਗੁਰ ਸ਼ਬਦ ਵਿਚਾਰ ਰਾਹੀਂ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਸੰਬੰਧ ਵਿੱਚ ਵਿਸਥਾਰ ਨਾਲ ਜਾਣਕਾਰੀ ਦੇਣਗੇ।
ਇਸ ਤੋਂ ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਨਾਮ ਸਿੰਘ, ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ, ਭਾਈ ਦਵਿੰਦਰ ਸਿੰਘ (ਏ.ਐਸ.ਆਈ), ਭਾਈ ਜਗਪ੍ਰੀਤ ਸਿੰਘ (ਪਟਿਆਲਾ), ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਦਲੀਪ ਸਿੰਘ ਫਕੜ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਢਾਡੀ ਜੱਥਾ ਭਾਈ ਅਮਰਿੰਦਰ ਸਿੰਘ ਤਾਲਬ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਤੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੇ। ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਇਸ ਮੌਕੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਣਗੇ ਇਸ ਮੌਕੇ ਪ੍ਰਮੁੱਖ ਪੰਥਕ ਆਗੂ ਵੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।ਪ੍ਰੈਸ ਬਿਆਨ ਅਨੁਸਾਰ ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸਵੇਰੇ 10-00 ਵਜੇ ਤੋਂ ਦੁਪਹਿਰ ਬਾਅਦ 3.30 ਤਕ ਚੜ੍ਹਦੀ ਕਲ੍ਹਾ ਟਾਈਮ ਟੀਵੀ ਤੋਂ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply