Thursday, March 19, 2026

ਐਵਲਨ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਅਧਿਆਪਕ ਭਾਸ਼ਣ ਮੁਕਾਬਲੇ

PPN2705201510ਪਠਾਨਕੋਟ, 27 ਮਈ (ਪ.ਪ) – ਸਿੱਖਿਆ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਮਿਆਰੀ ਸਿੱਖਿਆ ਸਬੰਧੀ ਸਥਾਨਕ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਅਧਿਆਪਕ ਭਾਸ਼ਣ ਮੁਕਾਬਲਿਆਂ ਵਿੱਚ ਜੇਤੂ ਰਹੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਸਬੰਧੀ ਆਯੋਜਿਤ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤੀ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।
ਸ਼੍ਰੀ ਸ਼ਰਮਾ ਨੇ ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਦਾ ਰੂਤਬਾ ਬਹੁਤ ਉੱਚਾ ਹੈ ਅਤੇ ਇਸ ਰੂਤਬੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਵਾਂਗ ਹੀ ਸਕੂਲ ਦੇ ਵਿਦਿਆਰਥੀਆਂ ਨਾਲ ਵਿਵਹਾਰ ਕਰਨ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਕਰਨ ਅਤੇ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਉਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਸਮਾਜ ਦਾ ਨਿਰਮਾਤਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹਈਆ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਵੀ ਸਹੀ ਸੇਧ ਦੇਣ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਵਿੱਚ ਅਧਿਆਪਕਾਂ ਵਿੱਚ ਕਾਫ਼ੀ ਉਤਸਾਹਿਤ ਵਧਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹੋਰ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਮੌਕੇ ਆਪਣੀ ਤਨਖਾਹ ਵਿੱਚੋਂ ਪਹਿਲੇ ਨੰਬਰ ‘ਤੇ ਆਉਣ ਵਾਲੇ ਅਧਿਆਪਕਾ ਸ਼੍ਰੀਮਤੀ ਸ਼ੋਭਾ ਪਰਾਸ਼ਰ ਨੂੰ 21 ਹਜ਼ਾਰ ਰੁਪਏ, ਦੂਜੇ ਨੰਬਰ ‘ਤੇ ਆਉਣੇ ਵਾਲੇ ਅਧਿਆਪਕ ਸ਼੍ਰੀ ਸੰਜੀਵ ਸ਼ਰਮਾ ਨੂੰ 11 ਹਜ਼ਾਰ ਰੁਪਏ ਅਤੇ ਤੀਜੇ ਨੰਬਰ ‘ਤੇ ਆਉਣ ਵਾਲੇ ਅਧਿਆਪਕ ਰਮਨ ਕੁਮਾਰ ਅਤੇ ਈਸ਼ਾ ਨੂੰ 5100-5100 ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਇੰਨ੍ਹਾਂ ਭਾਸ਼ਣ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਵੀ ਸਨਮਾਨਿਤ ਕੀਤਾ। ਉਨ੍ਹਾਂ ਨੇ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਮੈਰਿਟ ਵਿੱਚ ਦਸਵੀਂ ਜਮਾਤ ਦੇ ਆਏ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।
ਸ਼੍ਰੀ ਪਵਨ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਇਸ ਮੌਕੇ ਮੁੱਖ ਮਹਿਮਾਨ, ਆਏ ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਿੰਨ ਰੋਜ਼ਾ ਸੈਮੀਨਾਰ ਵਿੱਚ ਵੱਖ ਵੱਖ ਸਕੂਲਾਂ ਦੇ 1780 ਅਧਿਆਪਕਾਂ ਨੇ ਸ਼ਾਮਲ ਹੋ ਕੇ ਮਿਆਰੀ ਸਿੱਖਿਆ ਸਬੰਧੀ ਭਾਸ਼ਣ ਦੇਣ ਵਾਲੇ ਅਧਿਆਪਕਾਂ ਦੇ ਵਿਚਾਰ ਸੁਣੇ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ ਵਿੱਚ ਜ਼ਿਲ੍ਹਾ ਪਠਾਨਕੋਟ ਦੇ 3 ਬੱਚੇ ਨੈਲਸੀ, ਗੀਤਾਂਜਲੀ ਅਤੇ ਸੰਜਨਾ ਮੈਰਿਟ ਵਿੱਚ ਆਏ ਹਨ ਜਿੰਨ੍ਹਾਂ ਨੇ ਕ੍ਰਮਵਾਰ 96.92 ਪ੍ਰਤੀਸ਼ਤ, 96 ਪ੍ਰਤੀਸ਼ਤ ਅਤੇ 96 ਪ੍ਰਤੀਸ਼ਤ ਨੰਬਰ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦਾ ਦਸਵੀਂ ਦਾ ਨਤੀਜਾ 74.24 ਪ੍ਰਤੀਸ਼ਤ ਰਿਹਾ ਹੈ ਅਤੇ ਪੰਜਾਬ ਵਿੱਚ ਪਠਾਨਕੋਟ ਚੌਥੇ ਨੰਬਰ ‘ਤੇ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੀ 10+2 ਦੇ ਨਤੀਜੇ ਵਿੱਚ ਪਠਾਨਕੋਟ ਜ਼ਿਲ੍ਹਾ ਦਾ ਨਤੀਜਾ 80.80 ਪ੍ਰਤੀਸ਼ਤ ਰਿਹਾ ਹੈ ਅਤੇ ਇੱਕ ਬੱਚਾ ਮੈਰਿਟ ਵਿੱਚ ਆਇਆ ਹੈ। ਉਨ੍ਹਾਂ ਨੇ ਦਸਵੀਂ ਅਤੇ ਬਾਰਵੀਂ ਦੇ ਚੰਗੇ ਨਤੀਜਿਆ ਲਈ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਰਾਕੇਸ਼ ਸ਼ਰਮਾ ਭਾਜਪਾ ਨੇਤਾ, ਵਿਨੇ ਮੋਹਨ ਜ਼ਿਲ੍ਹਾ ਗਾਈਡੈਂਸ ਕੌਂਸਲਰ, ਰਾਜੇਸ਼ਵਰ ਸਲਾਰੀਆ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ, ਅਰੁਣ ਕੁਮਾਰ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ), ਪ੍ਰਵੀਨ ਕੁਮਾਰ, ਡੀ.ਜੀ. ਸਿੰਘ, ਨਵਨੀਤ ਸ਼ਰਮਾ, ਜੋਗਿੰਦਰ ਸਿੰਘ ਅਤੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਤੇ ਅਧਿਆਪਕ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply