
ਪਠਾਨਕੋਟ, 31 ਮਈ (ਪ.ਪ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਜ਼ਿਲ੍ਹੇ ਦੇ ਸਰਪੰਚਾਂ-ਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਐਮ.ਸੀਜ਼ ਨੂੰ ਜਾਣਕਾਰੀ ਦੇਣ ਲਈ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਸੈਮੀਨਾਰ ਲਗਾਇਆ ਗਿਆ।ਇਸ ਸੈਮੀਨਾਰ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਭਲਾਈ ਵਿਭਾਗ, ਲੇਬਰ ਵਿਭਾਗ ਅਤੇ ਸਟੇਟ ਬੈਂਕ ਆਫ ਇੰਡੀਆਂ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਸ਼੍ਰੀ ਅਸ਼ਵਨੀ ਸ਼ਰਮਾ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਇਸ ਸੈਮੀਨਾਰ ਵਿੱਚ ਸਰਪੰਚਾਂ-ਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਐਮ.ਸੀਜ਼ ਨੂੰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਤਾਂ ਜੋ ਇਹ ਰਾਜਨੀਤਿਕ ਆਗੂ ਸਰਕਾਰ ਦੀਆਂ ਇੰਨ੍ਹਾਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਣ। ਉਨ੍ਹਾਂ ਕਿਹਾ ਕਿ ਰਾਜਨੀਤਿਕ ਆਗੂਆਂ ਨੂੰ ਰਾਜਨੀਤੀ ਤੋਂ ਉੱਪਰ ਉਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਰਾਜਨੀਤਿਕ ਪ੍ਰਾਣੀ ਹੋਣ ਦੇ ਨਾਲ ਨਾਲ ਅਸੀਂ ਸਮਾਜਿਕ ਪ੍ਰਾਣੀ ਵੀ ਹਾਂ ਇਸ ਲਈ ਲੋਕਾਂ ਦੀ ਸੇਵਾ ਸਾਡੀ ਮੁਢੱਲੀ ਜਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵੱਖ ਵੱਖ ਬਲਾਕਾਂ ਵਿੱਚ ਆਯੋਜਿਤ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਪਠਾਨਕੋਟ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਕੰਮ 15 ਜੁਲਾਈ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।
ਸ਼੍ਰੀ ਸ਼ਰਮਾ ਨੇ ਅੱਗੇ ਕਿਹਾ ਕਿ ਅੱਜ ਦੇ ਇਸ ਸੈਮੀਨਾਰ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕਨਿਆ ਸਮਰੀਤੀ ਯੋਜਨਾ, ਸ਼ਗਨ ਸਕੀਮ, ਮਿਸ਼ਨ ਇੰਦਰਧਨੁਸ਼, ਬੇਟੀ ਬਚਾਓ ਬੇਟੀ ਪੜਾਓ, ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕਰਮ, ਜਨਨੀ ਸੁਰੱਖਿਆ ਆਦਿ ਵਰਗੀਆਂ ਹੋਰ ਵੀ ਕਈ ਅਹਿਮ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਇਸ ਮੌਕੇ ਸ਼੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਅਨਿਲ ਰਾਮਪਾਲ ਮੰਡਲ ਪ੍ਰਧਾਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਵਿਨੇ ਮੋਹਨ ਜ਼ਿਲ੍ਹਾ ਗਾਈਡੈਂਸ ਕੌਂਸਲਰ, ਸ਼੍ਰੀਮਤੀ ਉਮਾ ਕੁਮਾਰੀ, ਡਾ. ਸੋਨੀਆ ਮਿਸ਼ਰਾ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਸਰਪੰਚ-ਪੰਚ, ਬਲਾਕ ਸੰਮਤੀ ਮੈਂਬਰ,ਐਮ.ਸੀਜ਼ ਅਤੇ ਵਰਕਰ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
Punjab Post Daily Online Newspaper & Print Media