
ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫਤਰ ਵਿਖੇ ਹੋਈ ਹੰਗਾਮੀ ਮੀਟਿੰਗ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਵੱਲੋਂ 1984 ਸਿੱਖ ਕਤਲੇਆਮ ਕੇਸ ਵਿੱਚ ਗਵਾਹ ਨੂੰ ਖਰੀਦਨ ਦੀ ਕੋਸ਼ਿਸ਼ ਦਾ ਖੁਲਾਸਾ ਸਾਹਮਣੇ ਆਣ ਤੋਂ ਬਾਅਦ ਪੈਦਾ ਹੋਏ ਹਾਲਾਤ ਬਾਰੇ ਚਰਚਾ ਕੀਤੀ ਗਈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਹਿੰਦਰਪਾਲ ਸਿੰਘ ਚੱਡਾ ਦੀ ਅਗਵਾਈ ਹੇਠ 5 ਜੂਨ ਨੂੰ ਕਾਂਗਰਸ ਦੇ ਮੁੱਖ ਦਫਤਰ ਦੇ ਸਾਹਮਣੇ ਅਰਥੀ ਫੂਕ ਮੁਜ਼ਾਹਰਾ ਕਮੇਟੀ ਵੱਲੋਂ ਕਰਨ ਦਾ ਵੀ ਇਸ ਮੀਟਿੰਗ ਵਿੱਚ ਫੈਸਲਾ ਲਿਆ ਗਿਆ।
ਹਿੱਤ ਨੇ ਟਾਈਟਲਰ ਦੀ ਕਾਰਗੁਜ਼ਾਰੀ ਨੂੰ ਮੰਦਭਾਗਾ ਦੱਸਦੇ ਹੋਏ ਇਨਸਾਫ ਨਾ ਮਿਲਣ ਤੱਕ ਅਕਾਲੀ ਦਲ ਵੱਲੋਂ ਇਸ ਮਸਲੇ ‘ਤੇ ਪੂਰੀ ਲੜਾਈ ਲੜਨ ਦੀ ਵੀ ਗੱਲ ਕਹੀ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਤੋਂ ਸਿੱਖਾਂ ਦੇ ਕਾਤਿਲਾਂ ਨੂੰ ਬਚਾਉਣ ਦੇ ਦੋਸ਼ ਹੇਠ ਅਸਤੀਫੇ ਦੀ ਮੰਗ ਕਰਦੇ ਹੋਏ ਹਿੱਤ ਨੇ ਕਾਂਗਰਸ ਦੇ ਮੁੱਖ ਦਫਤਰ 24 ਅਕਬਰ ਰੋਡ ਦੇ ਬਾਹਰ ਧਰਨਾ ਪ੍ਰਦਰਸ਼ਨ ਪੀੜਤ ਪਰਿਵਾਰਾਂ ਦੇ ਨਾਲ ਰਲ ਕੇ ਕਰਨ ਦਾ ਵੀ ਐਲਾਨ ਕੀਤਾ।
ਇਸ ਮੌਕੇ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ, ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ, ਦਿੱਲੀ ਕਮੇਟੀ ਮੈਂਬਰ ਕੁਲਮੋਹਨ ਸਿੰਘ, ਚਮਨ ਸਿੰਘ, ਸਮਰਦੀਪ ਸਿੰਘ ਸੰਨੀ, ਦਰਸ਼ਨ ਸਿੰਘ, ਹਰਦੇਵ ਸਿੰਘ ਧਨੋਆ ਅਤੇ ਕਮੇਟੀ ਦੇ ਕਾਨੂੰਨੀ ਸਲਾਹਕਾਰ ਤੇ ਅਕਾਲੀ ਦਲ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਜੌਲੀ ਨੇ ਹਾਜਰੀ ਭਰਦੇ ਹੋਏ ਇਸ ਕੇਸ ਦੇ ਸਬੰਧ ਵਿੱਚ ਕਾਨੂੰਨੀ ਨੁਕਤੇ ਵੀ ਸਾਂਝੇ ਕੀਤੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media