
ਪਠਾਨਕੋਟ, 10 ਜੂਨ (ਪ.ਪ) – ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਵਿਧਾਨ ਸਭਾ ਹਲਕਾ ਪਠਾਨਕੋਟ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਸ਼੍ਰੀ ਮਨਮੋਹਨ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ ਪਠਾਨਕੋਟ, ਪ੍ਰਵੀਨ ਸ਼ਰਮਾ, ਪਰਮਜੀਤ ਕਾਲੜਾ, ਬਲਰਾਜ, ਪ੍ਰਦੀਪ ਰੈਣਾ, ਵਿਨੋਦ ਧੀਮਾਨ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।
ਸ਼੍ਰੀ ਸ਼ਰਮਾ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਅਤੇ ਕੰਮ ਦੇ ਮਿਆਰ ਨੂੰ ਯਕੀਨੀ ਬਣਾਉਣ।ਸ਼੍ਰੀ ਸ਼ਰਮਾ ਨੇ ਕਿਹਾ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੇ ਨਿਰਮਾਣ ਨੂੰ ਯਕੀਨਂ ਬਣਾਉਣ ਲਈ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਲਮੀਨੀ ਵਿਖੇ ਬਣਾਏ ਜਾ ਰਹੇ ਸਰਕਾਰੀ ਕਾਲਜ, ਖੇਲ ਸਟੇਡੀਅਮ, ਮਲਿਕਪੁਰ ਵਿਖੇ ਬਣਾਏ ਜਾ ਰਹੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਵਾਲਮਿਕੀ ਚੌਕ ਦੇ ਸਾਹਮਣੇ ਪਾਰਕਿੰਗ, ਸ਼ਾਪਿੰਗ ਕੰਪਲੈਕਸ ਅਤੇ ਸ਼ਾਹਪੁਰ ਰੋਡ ਤੋਂ ਸੁਜਾਨਪੁਰ ਲਿੰਕ ਰੋਡ ਤੇ ਬਣਾਏ ਜਾ ਰਹੇ ਪੱਕੇ ਪੁਲ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟਾਂ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਇਸ ਗਤੀ ਨਾਲ ਕਰਨ ਤਾਂ ਜੋ ਸਾਰੇ ਵਿਕਾਸ ਕਾਰਜਾਂ ਨਿਰਧਾਰਤ ਸਮੇਂ ਵਿੱਚ ਮੁਕੰਮਲ ਹੋ ਜਾਣ। ਉਨ੍ਹਾਂ ਕਿਹਾ ਕਿ ਕੰਮ ਦੀ ਕੁਆਲਟੀ ਨਾਲ ਕੋਈ ਸਮਝੋਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ ਤਾਂ ਜੋ ਲੋਕਾਂ ਨੂੰ ਇੰਨ੍ਹਾਂ ਪ੍ਰਾਜੈਕਟਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੇ ਵਿਧਾਨ ਸਭਾ ਹਲਕਾ ਪਠਾਨਕੋਟ ਦਾ ਸਰਵਪੱਖੀ ਵਿਕਾਸ ਕਰਨਾ ਮੇਰਾ ਮੁੱਖ ਮੰਤਵ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਗਏ ਸਾਰੇ ਵਾਇਦੇ ਪੂਰਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਮੁਰੰਮਤ ਅਤੇ ਨਵ ਉਸਾਰੀ ਦਾ ਕੰਮ ਵੀ ਜੰਗੀ ਪੱਧਰੀ ਤੇ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਸੁਥਾਰਾ ਰੱਖਣ ਲਈ ਪੂਰਨ ਸਹਿਯੋਗ ਦੇਣ।
Punjab Post Daily Online Newspaper & Print Media