
ਪਠਾਨਕੋਟ, 12 ਜੂਨ (ਪ.ਪ) – ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਵਾਸਤੇ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਦੀ ਪ੍ਰਧਾਨਗੀ ਹੇਠ ਪਿੰਡ ਨੌਸ਼ਹਿਰਾ ਨਲਬੰਦਾ ਅਤੇ ਸਿੰਬਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਡਾ. ਸੰਦੀਪ ਸਿੰਘ ਢਿੱਲੋਂ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਅਮਿਤ ਕੋਲ, ਡਾ. ਜਗਦੀਪ ਸਿੰਘ, ਰਾਜ ਕੁਮਾਰ ਅਤੇ ਅਗਾਂਹ ਵਧੂ ਕਿਸਾਨ ਹਾਜ਼ਰ ਸਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਇਸ ਮੌਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਖੇਤੀ ਖਰਚੇ ਘੱਟ ਹੁੰਦੇ ਹਨ ਅਤੇ ਪਾਣੀ ਦੀ ਵੀ ਕਾਫ਼ੀ ਬਚੱਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਨਾ ਦਿੰਦਿਆ ਕਿਹਾ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਝੋਨੇ ਦੇ ਝਾੜ ‘ਤੇ ਕੋਈ ਪ੍ਰਭਾਵ ਨਹੀਂ ਪੈਂਦਾ ਹੈ ਅਤੇ ਕਿਸਾਨ ਇਸ ਤੋਂ ਚੰਗੀ ਆਮਦਨ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ ਵੱਖ ਕੈਂਪਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਤਾਂ ਜੋ ਉਨ੍ਹਾਂ ਦੇ ਖੇਤੀ ਖਰਚੇ ਘੱਟ ਸਕਣ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਮਾਹਿਰ ਡਾਕਟਰਾਂ ਦੀ ਸਲਾਹ ਅਨੁਸਾਰ ਹੀ ਆਪਣੇ ਖੇਤਾਂ ਵਿੱਚ ਖੇਤੀ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਖੇਤਾਂ ਵਿੱਚ ਜੈਵਿਕ ਖਾਦ ਜਾਂ ਦੇਸੀ ਰੂੜੀ ਦਾ ਹੀ ਪ੍ਰਯੋਗ ਕਰਨ ਅਤੇ ਜੇ ਕਿੱਤੇ ਫਸਲ ਨੂੰ ਕੋਈ ਬਿਮਾਰੀ ਲੱਗਦੀ ਹੈ ਤਾਂ ਖੇਤੀ ਮਾਹਿਰਾਂ ਤੋਂ ਜਾਂਚ ਕਰਵਾਉਣ ਅਤੇ ਖੇਤੀ ਮਾਹਿਰਾਂ ਵੱਲੋਂ ਹੀ ਸਿਫਾਰਸ ਕੀਤੀਆਂ ਦਿਵਾਈਆਂ ਦੀ ਵਰਤੋਂ ਕਰਨ।
Punjab Post Daily Online Newspaper & Print Media