ਪੰਜਾਬ ਸਰਕਾਰ ਵੱਲੋਂ ਜਲ ਟੈਕਸ ਨਾ ਭਰਨ ‘ਤੇ ਪਿੰਡਾਂ ਦਾ ਨਹਿਰੀ ਪਾਣੀ ਬੰਦ- ਕਿਸਾਨ ਯੂਨੀਅਨ ਸਿੱਧੂਪੁਰਾ

ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਵੱਲੋਂ ਜਲ ਟੈਕਸ ਨਾ ਭਰਨ ਕਰਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਹੀ ਸੰਸਦੀ ਹਲਕੇ ਦੇ ਕਰੀਬ 70 ਤੋਂ ਵੱਧ ਪਿੰਡਾਂ ਦਾ ਨਹਿਰੀ ਪਾਣੀ ਬੰਦ ਕਰ ਦਿੱਤਾ ਗਿਆ ਹੈ, ਝੋਨੇ ਦੀ ਲਵਾਈ ਸ਼ੁਰੂ ਹੋਣ ਦੇ ਨੇੜੇ ਪਾਣੀ ਨਾ ਮਿਲਣ ਕਰਕੇ ਕਿਸਾਨਾਂ ਵਿੱਚ ਭਾਰੀ ਰੋਸ ਫੈਲਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰਾ ਦੇ ਸੂਬਾ ਆਗੂ ਕਾਕਾ ਸਿੰਘ ਕੋਟੜਾ, ਸੀਨੀਅਰ ਮੀਤ ਪ੍ਰਧਾਨ ਬੋਗ ਸਿੰਘ ਮਾਨਸਾ ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰ ਵਾਰਤਾ ਵਿੱਚ ਦੋਸ਼ ਲਾਏ ਕਿ ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ਪੰਜਾਬ ਸਰਕਾਰ ਦਾ ਦੋਗਲਾ ਚੇਹਰਾ ਬੇਨਕਾਬ ਹੋ ਗਿਆ ਹੈ। ਇੱਕ ਪਾਸੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕਿਸਾਨਾਂ ਨੂੰ ਮੁਫਤ ਬਿਜਲੀ ਪਾਣੀ ਦੀਆਂ ਸਹੂਲਤਾਂ ਦੇਣ ਦੇ ਦਾਅਵੇ ਕਰਦੇ ਨਹੀਂ ਥੱਕਦੇ ਪਰ ਦੂਜੇ ਪਾਸੇ ਜਲ ਟੈਕਸ ਨਾਲ ਕਿਸਾਨਾਂ ਤੇ ਕਰੋੜਾਂ ਰੁਪਏ ਦਾ ਆਰਥਿਕ ਬੋਝ ਪਾਇਆ ਜਾ ਰਿਹਾ ਹੈ ਉਥੇ ਹੀ ਪਾਣੀ ਬੰਦ ਕਰਕੇ ਹੁਣ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ।ਜਦੋਂ ਕਿ ਕਰਜਮਾਰੀ ਦੀ ਮਾਰ ਹੇਠ ਦਬਿਆ ਕਿਸਾਨ ਪਹਿਲਾਂ ਹੀ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ। ਉਹਨਾਂ ਕਿਹਾ ਕਿ ਜਬਰੀ ਜਲ ਸੈਸ ਅਗਰਾਉਣ ਨਾਲ ਸਰਕਾਰ ਦੀ ਬਦਲਾ ਲਊ ਭਾਵਨਾ ਸਾਹਮਣੇ ਆਉਂਦੀ ਹੈ ਕਿਉਂਕਿ ਸਰਕਾਰ ਨੇ ਨਹਿਰਾਂ ਅਤੇ ਮੋਗੇ ਬੰਦ ਕਰ ਦਿੱਤੇ ਹਨ।
ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਕਿਸਾਨ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ ਤੇ ਜਿਲ੍ਹਾ ਫਰੀਦਕੋਟ ਵਿੱਚ 17 ਜੂਨ ਨੂੰ ਨਿਗਰਾਨ ਇੰਜਨੀਅਰ ਦਫਤਰ ਫਿਰੋਜ਼ਪੁਰ ਵਿਖੇ ਚੇਤਾਵਨੀ ਧਰਨਾ ਦਿੱਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਫੈਸਲਾ ਰੱਦ ਨਾ ਕੀਤਾ ਤਾਂ ਮੁੱਖ ਮੰਤਰੀ ਦੇ ਜੱਦੀ ਪਿੰਡ ਬਾਦਲ ਵਿਖੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਇਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ ਕਿਉਂਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਵਾਧੂ ਜਲ ਟੈਕਸ ਦੇਣ ਦੀ ਹੈਸੀਅਤ ਵਿੱਚ ਨਹੀਂ ਹਨ।ਉਹਨਾ ਮੰਗ ਕੀਤੀ ਕਿ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਨਾਉਣ ਲਈ ਫਸਲਾਂ ਦੇ ਪੂਰੇ ਭਾਅ ਦਿੱਤੇ ਜਾਣ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਹੋਰ ਸਹਾਇਤਾ ਦਿੱਤੀ ਜਾਵੇ। ਉਹਨਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦਾ ਤਾਂ ਗਲਾ ਘੋਟ ਰਹੀ ਹੈ ਤੇ ਦੂਜੇ ਪਾਸੇ ਦੂਸਰੇ ਸੂਬਿਆਂ ਨੂੰ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।
Punjab Post Daily Online Newspaper & Print Media